ਫਤਿਹਗੜ੍ਹ ਸਾਹਿਬ, 15 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਵਿਖੇ ਹੋਏ 50 ਵੇਂ ਸਲਾਨਾ ਖੇਡ ਮੁਕਾਬਲਿਆਂ ਵਿੱਚ ਬੀ.ਕਾੱਮ ਭਾਗ ਤੀਜਾ ਦਾ ਵਿਦਿਆਰਥੀ ਸੁਮਨਪ੍ਰੀਤ ਸਿੰਘ ਤੇ ਬੀ.ਐਸ.ਸੀ ਮੈਡੀਕਲ ਭਾਗ ਦੂਜਾ ਦੀ ਵਿਦਿਆਰਥਣ ਹਰਮਨਜੋਤ ਕੌਰ ਬੈਸਟ ਐਥਲੀਟ ਐਲਾਨੇ ਗਏ। ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਡਾ. ਗੁਰਦੀਪ ਕੌਰ ਰੰਧਾਵਾ, ਡਾਇਰੈਕਟਰ ਸਪੋਰਟਸ, ਪੰਜਾਬੀ ਯੂਨਿਵਰਸਿਟੀ, ਪਟਿਆਲਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖਿਆ ਪ੍ਰ੍ਰਾਪਤ ਕਰਨ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿ ਇਨਸਾਨ ਤਾਂ ਹੀ ਜਿੰਦਗੀ ਵਿੱਚ ਤਰੱਕੀ ਕਰ ਸਕਦਾ ਹੈ ਜੇਕਰ ਉਹ ਮਾਨਸਿਕ ਤੇ ਸਰੀਰਕ ਦੋਵੇਂ ਪੱਖੋਂ ਮਜਬੂਤ ਹੋਣ।ਇਸਲਈ ਲੋੜ ਹੈ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ- ਨਾਲ ਕਿਸੇ ਵੀ ਖੇਡ ਨੂੰ ਅਪਣਾਉਣ ਦੀ। ਡੀਨ ਅਕਾਦਮਿਕ ਪ੍ਰੋ. ਬਿਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੇ ਜੌਹਰ ਵਿਖਾ ਰਹੇ ਹਨ।ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਪਰਮਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਹਰ ਇੱਕ ਗਤੀਵਿਧੀ ਵਿੱਚ ਵਿਦਿਆਰਥੀਆਂ ਨੂੰ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਸਰਵ ਪੱਖੀ ਵਿਕਾਸ ਹੋ ਸਕੇ। ਇਸੇ ਮੰਤਵ ਦੀ ਪੂਰਤੀ ਲਈ ਸਾਲਾਨਾ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ।
ਸੁਮਨਪ੍ਰੀਤ ਸਿੰਘ ਅਤੇ ਹਰਮਨਜੋਤ ਕੌਰ ਬਣੇ ਬੈਸਟ ਐਥਲੀਟ



