April 30, 2026 11:18 pm

ਮੁਸਲਿਮ ਭਾਈਚਾਰੇ ਦੇ ਲੋਕ ਕਾਂਗਰਸ ਦੇ ਬਹਿਕਾਵੇ ’ਚ ਨਾ ਆਉਣ : ਬਾਦਲ

ਲੁਧਿਆਣਾ ਵਿੱਚ ਜੱਚਾ-ਬੱਚਾ ਹਸਪਤਾਲ, ਇਸਲਾਮੀਆ ਸਕੂਲ ਅਤੇ ਸੜਕਾਂ ਦੇ ਨੀਂਹ ਪੱਥਰ ਰੱਖੇ
image ਲੁਧਿਆਣਾ, 1 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਦੇਸ਼ ਦਾ ਹਕੀਕੀ ਧਰਮ-ਨਿਰਪੱਖ ਗੱਠਜੋੜ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਮੁਸਲਿਮ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਸ੍ਰੀ ਨਰਿੰਦਰ ਮੋਦੀ ਬਾਰੇ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਬਹਿਕਾਵੇ ਵਿੱਚ ਨਾ ਆਉਣ।ਅੱਜ ਇੱਥੇ ਇਸਲਾਮੀਆ ਪਬਲਿਕ ਸਕੂਲ ਦਾ ਨੀਂਹ ਪੱਥਰ ਰੱਖਣ ਮੌਕੇ ਇਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ,‘‘ਕਾਂਗਰਸ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੀ ਸਪੱਸ਼ਟ ਹਾਰ ਦਿਸ ਰਹੀ ਹੈ ਜਿਸ ਕਰਕੇ ਉਸ ਵੱਲੋਂ ਘੱਟ ਗਿਣਤੀਆਂ ਦੇ ਮਨਾਂ ਵਿੱਚ ਸ੍ਰੀ ਮੋਦੀ ਬਾਰੇ ਖੌਫ਼ ਪੈਦਾ

ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਜੋ ਕਿ ਸਰਾਸਰ ਗਲਤ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਹਮੇਸ਼ਾ ਹੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਅਪਣਾਈ ਹੈ ਅਤੇ ਸ੍ਰੀ ਮੋਦੀ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਵੀ ਇਸੇ ਨੀਤੀ ਦਾ ਹੀ ਇਕ ਹਿੱਸਾ ਹੈ। ਸ. ਬਾਦਲ ਨੇ ਮੁਸਲਿਮ ਭਾਈਚਾਰੇ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸ੍ਰੀ ਮੋਦੀ ਨੂੰ ਵੋਟ ਦੇਣ ’ਤੇ ਜ਼ੋਰ ਦਿੱਤਾ ਤਾਂ ਰੈਲੀ ਵਿੱਚ ਸ਼ਾਮਲ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਰਗਾ ਹੰਢਿਆ ਹੋਇਆ ਸਿਆਸਤਦਾਨ ਤੇ ਯੋਗ ਪ੍ਰਸ਼ਾਸਕ ਹੀ ਦੇਸ਼ ਦੀ ਵਾਗਡੋਰ ਸਹੀ ਢੰਗ ਨਾਲ ਸੰਭਾਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਵੱਕਾਰੀ ਅਹੁਦੇ ਲਈ ਚੁਣੇ ਜਾਂਦੇ ਹਨ ਤਾਂ ਫਿਰ ਦੇਸ਼ ਨੂੰ ਵਿਨਾਸ਼ ਹੋਣ ਤੋਂ ਸਿਰਫ ਪ੍ਰਮਾਤਮਾ ਹੀ ਬਚਾ ਸਕਦਾ ਹੈ।
ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਦੇਸ਼ ਵਿੱਚ ਫਿਰਕੂ ਸਦਭਾਵਨਾ ਤੇ ਅਮਨ-ਸ਼ਾਂਤੀ ਦੀ ਬਹਾਲੀ ’ਤੇ ਪਹਿਰਾ ਦਿੰਦਾ ਆਇਆ ਹੈ ਅਤੇ ਜੇਕਰ ਇਕ ਵਾਰ ਕੇਂਦਰ ਵਿੱਚ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੀ ਸਰਕਾਰ ਬਣ ਗਈ ਹੈ ਮੁਸਲਿਮ ਭਾਈਚਾਰੇ ਦੇ ਸਰਬਪੱਖੀ ਵਿਕਾਸ ਨੂੰ ਸੱਚੀ ਭਾਵਨਾ ਨਾਲ ਯਕੀਨੀ ਬਣਾਇਆ ਜਾਵੇਗਾ। ਸ. ਬਾਦਲ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਗੁਜਰਾਤ ਦੇ ਮੁੱਖ ਮੰਤਰੀ ਦੀ ਪੰਜਾਬ ਵਿੱਚ ਹੋਣ ਵਾਲੀ ਰੈਲੀ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਤਾਂ ਕਿ ਘੱਟ-ਗਿਣਤੀਆਂ ਵਿੱਚ ਸ੍ਰੀ ਮੋਦੀ ਦੀ ਮਕਬੂਲੀਅਤ ਬਾਰੇ ਪਾਏ ਜਾ ਰਹੇ ਭਰਮ-ਭੁਲੇਖੇ ਦੂਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਸਲਿਮ ਭਾਈਚਾਰੇ ਦੇ ਨੁਮਾਇੰਦੇ ਨੂੰ ਪੰਜਾਬ ਘੱਟ-ਗਿਣਤੀਆਂ ਬਾਰੇ ਕਮਿਸ਼ਨ ਦੇ ਉਪ ਚੇਅਰਮੈਨ ਵਜੋਂ ਨਿਯੁਕਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਨਵੇਂ ਬਣਨ ਵਾਲੇ ਇਸਲਾਮੀਆ ਸਕੂਲ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਤਾਂ ਕਿ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਸ. ਬਾਦਲ ਨੇ ਆਖਿਆ ਕਿ ਉਨ੍ਹਾਂ ਨੇ ਮੁਸਲਿਮ ਭਾਈਚਾਰੇ  ਨੂੰ ਕਬਰਿਸਤਾਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਜ਼ਮੀਨ ਦੇਣ ਵਾਸਤੇ ਪੇਂਡੂ ਵਿਕਾਸ ਤੇ ਸਥਾਨਕ ਸ਼ਹਿਰਾਂ ਬਾਰੇ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਜੇਕਰ ਕਿਧਰੇ ਜ਼ਮੀਨ ਦੀ ਘਾਟ ਹੈ ਤਾਂ ਇਸ ਮੰਤਵ ਲਈ ਸੂਬਾ ਸਰਕਾਰ ਵੱਲੋਂ ਜ਼ਮੀਨ ਖਰੀਦ ਕੇ ਦਿੱਤੀ ਜਾਵੇਗੀ।
ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਨਅਤੀ ਪੈਕੇਜ ਦੇਣ ਤੋਂ ਇਨਕਾਰ ਕਰਕੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ ਇਕ ਵਾਰ ਫਿਰ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਏ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਸ. ਬਾਦਲ ਨੇ ਕਿਹਾ ਕਿ ਪੰਜਾਬ ਨੂੰ ਪੈਕੇਜ ਦੇਣ ਤੋਂ ਇਨਕਾਰ ਕਰਕੇ ਅਤੇ ਗੁਆਂਢੀ ਸੂਬਿਆਂ ਨੂੰ ਸਨਅਤੀ ਸਹੂਲਤਾਂ ਦੇ ਕੇ ਕੇਂਦਰ ਸਰਕਾਰ ਨੇ ਸੂਬੇ ਦੇ ਆਰਥਿਕ ਵਿਕਾਸ ਨੂੰ ਪਟੜੀ ਤੋਂ ਲਾਹੁਣ ਦੀ ਕੋਝੀ ਚਾਲ ਚੱਲੀ ਹੈ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦੇਸ਼ ਦੇ ਭ੍ਰਿਸ਼ਟ ਨੇਤਾਵਾਂ ਬਾਰੇ ਜਾਰੀ ਕੀਤੀ ਸੂਚੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕੰਮਾਂ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਜੱਜ ਨਹੀਂ ਸਗੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਜਿਹੇ ਕੱਦ-ਬੁੱਤ ਵਾਲੇ ਵਿਅਕਤੀ ਨੂੰ ਅਜਿਹੇ ਕੰਮਾਂ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ ਜਿਨ੍ਹਾਂ ਦਾ ਕੋਈ ਵਜੂਦ ਹੀ ਨਾ ਹੋਵੇ। ਤਾਜਪੁਰ ਰੋਡ ’ਤੇ ਸੜਕਾਂ ਨੂੰ ਅਪਰਗੇਡ ਤੇ ਮਜ਼ਬੂਤ ਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਕੇਂਦਰ ਵਿੱਚ ਐਨ.ਡੀ.ਏ. ਸਰਕਾਰ ਬਣਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਵਿੱਚ ਲਾਮਿਸਾਲ ਵਿਕਾਸ ਦਾ ਇਕ ਨਵਾਂ ਦੌਰ ਆਰੰਭਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹਵਾਵਾਂ ਦਾ ਰੁਖ ਬਦਲ ਚੁੱਕਾ ਹੈ ਕਿਉਂਕਿ ਲੋਕ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰੀ ਦੀਆਂ ਮਾੜੀਆਂ ਨੀਤੀਆਂ ਤੋਂ ਬੁਰੀ ਤਰ੍ਹਾਂ ਸਤਾਏ ਹੋਏ ਹਨ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੇ ਬਦਇੰਤਜ਼ਾਮੀ ਵਾਲੇ ਸ਼ਾਸਨ ਕਰਕੇ ਹੀ ਅੱਜ ਦੇਸ਼ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਗਰੀਬੀ ਤੇ ਭੁੱਖਮਰੀ ਵਰਗੀਆਂ ਅਲਾਮਤਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਰਮਿਆਨ ਸਿਹਤ ਜਾਗਰੂਕਤਾ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਸਕੀਮ ਸ਼ੁਰੂ ਕਰਨ ਬਾਰੇ ਛੇਤੀ ਹੀ ਇਕ ਯੋਜਨਾ ਤਿਆਰ ਕੀਤੀ ਜਾਵੇਗੀ। ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਆਖਿਆ ਕਿ ਲੋਕਾਂ ਦਾ ਸਿਹਤ ਵੱਲ ਬਹੁਤਾ ਧਿਆਨ ਨਾ ਹੋਣ ਕਰਕੇ ਹੀ ਉਨ੍ਹਾਂ ਨੂੰ ਕਈ ਗੁੰਝਲਦਾਰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਸਿਹਤਮੰਦ ਪੰਜਾਬ, ਖੁਸ਼ਹਾਲ ਪੰਜਾਬ’ ਦਾ ਨਾਅਰਾ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀ ਸਿਹਤ ਲਈ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ।

Send this to a friend