ਅੰਮ੍ਰਿਤਸਰ, 15 ਜੁਲਾਈ (ਨਰਿੰਦਰ ਪਾਲ ਸਿੰਘ, ਜੋਗਿੰਦਰ ਜੌੜਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਵੈਬਸਾਈਟ ਅਤੇ ਟਵੀਟਰ ‘ਤੇ ਗੁਰੂ ਸਾਹਿਬਾਨ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਤੇ ਚਿੱਤਰਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਇੱਥੋਂ ਜਾਰੀ ਇਕ ਬਿਆਨ ਵਿੱਚ ਸਿੰਘ ਸਾਹਿਬ ਨੇ ਕਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਸਰਬਜੀਤ ਸਿੰਘ ਨਾਮ ਦੇ ਵਿਅਕਤੀ ਵੱਲੋਂ ਆਪਣੇ ਮਨਹੂਸ ਚੇਹਰੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਲਗੀ ਵਾਲੀ ਦਸਤਾਰ ਰੱਖ ਕੇ ਨੀਚ ਕਾਰਵਾਈ ਕੀਤੀ ਗਈ ਸੀ, ਪਰ ਅੱਜ ਗੁਰੂ ਨਾਨਕ ਦੇਵ ਸਾਹਿਬ ਦੀ ਤਸਵੀਰ ਨਾਲ ਛੇੜ-ਛਾੜ ਕਰਨ ਬਾਰੇ ਜੋ ਦੇਖਣ-ਸੁਣਨ ਨੂੰ ਮਿਲਿਆ ਹੈ ਇਸ ਨਾਲ ਦੇਸ਼-ਵਿਦੇਸ਼ ਵਿੱਚ ਰਹਿੰਦੀ ਸਿੱਖ ਕੌਮ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਐਸੇ ਲੋਕਾਂ ਖਿਲਾਫ਼ ਕਾਰਵਾਈ ਕਰਨ ਲਈ ਇਹੋ ਜਿਹਾ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ ਕਿ ਉਸਦੀਆਂ ਅੱਗੋਂ ਆਉਣ ਵਾਲੀਆਂ ਪੁਸ਼ਤਾਂ ਵੀ ਦੁਬਾਰਾ ਐਸੀ ਗੰਦੀ ਤੇ ਅਸ਼ਲੀਲ ਹਰਕਤ ਕਰਨ ਤੋਂ ਗੁਰੇਜ਼ ਕਰਨ। ਸਿੰਘ ਸਾਹਿਬ ਨੇ ਕਿਹਾ ਕਿ ਸਾਰੇ ਧਰਮ ਸਤਿਕਾਰਯੋਗ ਹਨ ਅਤੇ ਅਸੀਂ ਸਭ ਧਰਮਾਂ ਦਾ ਸਤਿਕਾਰ ਕਰਦੇ ਹਾਂ ਪਰ ਜਿਸ ਵੀ ਵਿਅਕਤੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਐਸਾ ਕੋਝਾ ਮਜਾਕ ਕੀਤਾ ਹੈ ਉਸ ਦਾ ਕੋਈ ਧਰਮ ਨਹੀਂ ਤੇ ਇਸ ਖਿਲਾਫ਼ ਹਰ ਇਨਸਾਨ ਨੂੰ ਧਰਮ-ਮਜ੍ਹਬ ਤੋਂ ਉੱਚੇ ਉੱਠ ਕੇ ਅਵਾਜ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਅਜਿਹੇ ਅਪਰਾਧੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਕਹਿਣਗੇ।



