May 2, 2026 2:54 am

ਕੈਪਟਨ ਦੀ ਥਾਂ ਰਾਹੁਲ ਖੁਦ ਬਠਿੰਡਾ ਤੋਂ ਚੋਣ ਲੜੇ, ਬਾਦਲ ਨੇ ਦਿੱਤੀ ਚੁਣੌਤੀ

image ਸ੍ਰੀ ਮੁਕਤਸਰ ਸਾਹਿਬ 4 ਫਰਵਰੀ (ਪੀ.ਟੀ.ਬਿਊਰੋ)-ਬਠਿੰਡਾ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਾਂਗਰਸ ਨੂੰ ਕਿਹਾ ਹੈ ਕਿ ਕਿਉਂ ਨਾ ਬਠਿੰਡਾ ਵਿਚ ਕਿਸੇ ਸਥਾਨਕ ਆਗੂ ਤੇ ਜਿੰਮੇਵਾਰੀ ਪਾਉਣ ਦੀ ਬਜਾਏ ਕਾਂਗਰਸ ਆਪਣੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਹੀ ਬਠਿੰਡਾ ਤੋਂ ਚੋਣ ਮੈਦਾਨ ਵਿਚ ਲਿਆ ਕੇ ਜ਼ੋਰ-ਅਜਮਾਈ ਕਰ ਲਵੇ।ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ ਦੀ ਕੋਈ ਫਿਕਰ ਨਹੀਂ ਹੈ

ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਕਿਸ ਨੂੰ ਆਪਣਾ ਉਮੀਦਵਾਰ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਨਾਲ ਤਿਆਰ ਹੈ ਅਤੇ ਕਾਂਗਰਸ ਕਿਸੇ ਨੂੰ ਵੀ ਲੋਕ ਸਭਾ ਊਮੀਦਵਾਰ ਵਜੋਂ ਮੈਦਾਨ ਵਿਚ ਉਤਾਰ ਸਕਦੀ ਹੈ। ਉਨ੍ਹਾਂ ਦੁਹਰਾਇਆ ਕਿ ਲੋਕ ਸਭਾ ਚੌਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਿੱਤੀ ਜਾਵੇਗੀ।ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਦਯੋਗਾਂ ਦੇ ਬੰਦ ਹੋਣ ਸਬੰਧੀ ਦਿੱਤੇ ਬਿਆਨ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਬਾਜਵਾ ਅਜਿਹੇ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਨੂੰ ਅਜਿਹੇ ਅਧਾਰਹੀਨ ਬਿਆਨ ਦੇਣ ਦੀ ਆਦਤ ਹੋ ਗਈ ਹੈ ਪਰ ਪੰਜਾਬ ਦੇ ਸੁਚੇਤ ਲੋਕ ਸ੍ਰੀ ਬਾਜਵਾ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ ਹਨ।
ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਸ: ਸੁਰਜੀਤ ਸਿੰਘ ਬਰਨਾਲਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ¦ਗੋਵਾਲ ਨਾਲ ਸ੍ਰੋਮਣੀ ਅਕਾਲੀ ਦਲ ਦੇ ਚੋਣ ਗਠਜੋੜ ਸਬੰਧੀ ਛਪੀਆਂ ਮੀਡੀਆ ਰਿਪੋਟਾਂ ਤੇ ਅਣਜਾਨਤਾ ਦਾ ਪ੍ਰਗਟਾਵਾ ਕਰਦਿਆਂ ਇਸ ਤੇ ਹੋਰ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ।
ਫਿਲਪਾਈਨ ਵਿਚ ਪੰਜਾਬੀਆਂ ਦੇ ਹੋ ਰਹੇ ਕਤਲਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਸ: ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਮੁੱਦਾ ਫਿਲਪਾਈਨ ਦੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਵਿਦੇਸ਼ਾਂ ਵਿਚ ਵਸਦੇ ਆਪਣੇ ਨਾਗਰਿਕਾਂ ਦੀ ਰਾਖੀ ਲਈ ਲੋੜੀਂਦੀ ਕਾਰਵਾਈ ਕਰੇ। ਸ: ਬਾਦਲ ਨੇ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਕੇਂਦਰ ਸਰਕਾਰ ਨਾਲ ਗੱਲ ਕਰਣਗੇ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਜਲਾਲਾਬਾਦ ਰੋਡ ਤੇ 28 ਕਰੋੜ ਰੁਪਏ ਬਣਨ ਵਾਲੇ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਜਲਦ ਸ਼ੁਰੂ ਹੋ ਜਾਵੇਗਾ ਅਤੇ ਇਸ ਨਾਲ ਸ਼ਹਿਰ ਵਿਚ ਆਵਾਜਾਈ ਨੂੰ ਬਹੁਤ ਸੌਖ ਹੋਵੇਗੀ। 
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਇਲਾਕਿਆਂ ਲਈ ਇਕ ਵੱਡੀ ਰਾਹਤ ਦਾ ਐਲਾਨ ਕਰਦਿਆਂ ਮੁਖ ਮੰਤਰੀ ਨੇ ਅੱਜ ਕਿਹਾ ਕਿ ਸਰਕਾਰ ਅਗਲੇ ਪਖਵਾੜੇ ਤੋਂ ਸੂਬੇ ਨੂੰ ਸੇਮ ਮੁਕਤ ਕਰਨ ਦੇ ਵਕਾਰੀ ਪ੍ਰੋਜੈਕਟ ਨੂੰ ਬਕਾਇਦਾ ਸ਼ੁਰੂੁ ਕਰਨ ਜਾ ਰਹੀ ਹੈ। ਪਿੰਡਾਂ ਵਿਚ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਮ ਦੇ ਖਾਤਮੇ ਲਈ 3277 ਕਰੋੜ ਰੁਪਏ ਦਾ ਮਾਸਟਰ ਪਲਾਨ ਤਿਆਰ ਕੀਤਾ ਹੈ। ਇਸ ਤਹਿਤ ਪੰਜਾਬ ਦੇ ਦੱਖਣੀ ਪੱਛਮੀ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜਪੁਰ ਵਿਚੋ ਸੇਮ ਖਾਤਮੇ ਲਈ ਪਹਿਲੇ ਫੇਜ ਵਿਚ 453 ਕਰੋੜ ਰੁਪਏ ਖਰਚੇ ਕੀਤੇ ਜਾਣਗੇ। ਇਸ ਵਿਚੋਂ 125 ਕਰੋੜ ਰੁਪਏ ਨਾਲ ਸੇਮ ਨਾਲਿਆਂ ਦੀ ਸਫਾਈ, ਨਵੇਂ ਨਾਲਿਆਂ ਦਾ ਨਿਰਮਾਣ, ਛੋਟੇ ਪੁਲ ਅਤੇ ਖਾਲੇ ਬਣਾਏ ਜਾਣਗੇ।
ਰਾਜ ਵਿਚੋਂ ਸੇਮ ਦੀ ਸਮੱਸਿਆ ਦੇ ਮੁਕੰਮਲ ਹੱਲ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਮੁੜ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਤੇ ਵੱਡੇ ਪੱਧਰ ਤੇ ਕੰਮ ਸ਼ੁਰੂੁ ਕੀਤਾ ਜਾਵੇਗਾ ਤਾਂ ਜੋ ਇਸ ਕਾਰਨ ਹੋ ਰਹੇ ਨੁਕਸਾਨ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਡੀਆਂ ਨਹਿਰਾਂ ਤੋਂ ਪਾਣੀਆਂ ਦੀ ਸੀਪੇਜ ਨੂੰ ਰੋਕਣ ਲਈ ਵੀ ਸਰਕਾਰ ਉਪਰਾਲਾ ਕਰ ਰਹੀ ਹੈ ਅਤੇ ਇਸ ਤਹਿਤ ਸਰਹੰਦ ਫੀਡਰ ਅਤੇ ਰਾਜਸਥਾਨ ਨਹਿਰ ਦੀ ਲਾਈਨਿੰਗ ਕੀਤੀ ਜਾਵੇਗੀ। ਉਨ੍ਹਾਂ ਇਸ ਪ੍ਰੋਜੈਕਟ ਨੂੰ ਛੇਤੀ ਨੇਪਰੇ ਚਾੜਨ ਲਈ ਸਹਿਯੋਗ ਦੀ ਮੰਗ ਕਰਦਿਆਂ ਐਲਾਣ ਕੀਤਾ ਕਿ ਸੇਮ ਰੋਕੂ ਪ੍ਰੋਜੈਕਟ ਤਹਿਤ ਹੋਣ ਵਾਲੇ ਕੰਮਾਂ ਦੀ ਗੁਣਵਤਾ ਨੂੰ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੋਂ ਤਸਦੀਕ ਕਰਵਾਇਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਤਿੰਨ ਥਾਂਵਾਂ ਤੇ 19 ਪਿੰਡਾਂ ਅਤੇ ਸ਼ਹਿਰ ਵਿਚ ਵੱਖ ਵੱਖ ਵਾਰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰ ਵਿਚ ਜਿੱਥੇ ਸੀਵਰੇਜ ਪੈ ਗਿਆ ਹੈ ਉੱਥੇ ਸੜਕਾਂ ਬਣਾਉਣ ਲਈ ਸਰਕਾਰ ਨੇ 4.5 ਕਰੋੜ ਰੁਪਏ ਭੇਜ ਦਿੱਤੇ ਹਨ ਅਤੇ ਸ਼ਹਿਰ ਦੇ ਚਹੁੰਮੁੱਖੀ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਲੋਕ ਸਭਾ ਮੈਂਬਰ ਸ: ਸ਼ੇਰ ਸਿੰਘ ਘੁਬਾਇਆ ਅਤੇ ਹਲਕਾ ਇੰਚਾਰਜ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਗੁਰਕੀਰਤਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਐਸ.ਐਸ.ਪੀ. ਸ: ਸੁਰਜੀਤ ਸਿੰਘ, ਸ਼ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ: ਮਿੱਤ ਸਿੰਘ ਬਰਾੜ, ਜੱਥੇਦਾਰ ਹੀਰਾ ਸਿੰਘ ਚੜੇਵਾਨ, ਸਰਕਲ ਪ੍ਰਧਾਨ ਸ: ਮਨਜਿੰਦਰ ਸਿੰਘ ਬਿੱਟੂ, ਸ: ਲਵੀ ਬਰਕੰਦੀ, ਸ: ਬਿੰਦਰ ਗੋਣੇਆਣਾ ਆਦਿ ਵੀ ਹਾਜਰ ਸਨ।

Send this to a friend