ਚੰਡੀਗੜ੍ਹ, 28 ਫਰਵਰੀ (ਏਕਮਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਡਰੱਗ ਅਬਿਊਜ਼ ਪ੍ਰੀਵੈਂਸ਼ਨ ਆਫਿਸਰਜ਼ (ਡੈਪੋ) ਪ੍ਰੋਗਰਾਮ ਨੂੰ ਲਾਗੂ ਕਰਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੂਬਾਈ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਦਿਨ ਨੂੰ ਯੂਥ ਸਸ਼ਕਤੀਕਰਨ ਦਿਹਾੜੇ ਵਜੋਂ ਮਨਾਇਆ ਜਾਵੇਗਾ। ਬੁੱਧਵਾਰ ਨੂੰ ਇੱਥੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਹ ਨਿਰਦੇਸ਼ ਦਿੱਤੇ। ਨਸ਼ਿਆਂ ਨੂੰ ਰੋਕਣ ਵਾਸਤੇ ਡੈਪੋ ਨੂੰ ਲੋਕਾਂ ਦੀ ਭਾਈਵਾਲੀ ਲਈ ਅਹਿਮ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ’ਤੇ ਸਫਲਤਾਪੂਰਵਕ ਲਾਗੂ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਉਮੀਦ ਜ਼ਾਹਿਰ ਕੀਤੀ ਕਿ ਸਾਰੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਇਸ ਪ੍ਰੋਗਰਾਮ ’ਚ ਸਰਗਰਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਨਸ਼ਿਆਂ ਵਿਰੋਧੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਸਮੇਤ ਜ਼ਿਲ੍ਹਾ ਅਤੇ ਸੂਬਾਈ ਪੱਧਰ ਦੇ ਸਾਰੇ ਵਿਭਾਗਾਂ ਨੂੰ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਮਿਲ ਕੇ ਕੰਮ ਕਰਨ ਦਾ ਹੁਕਮ ਦਿੱਤਾ।