Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਨੇ ਲਿਖਿਆ ਪਾਕਿਸਤਾਨੀ ਹਾਈ ਕਮਿਸ਼ਨਰ ਨੂੰ ਪੱਤਰ

Share this story

ਅੰਮ੍ਰਿਤਸਰ, 15 ਜੁਲਾਈ (ਨਰਿੰਦਰ ਪਾਲ ਸਿੰਘ)-ਪਾਕਿਸਤਾਨ ‘ਚ ਸੁਕੂਰ ਜ਼ਿਲ੍ਹੇ ਦੇ ਪਾਨੋ ਆਕਿਲ ਸ਼ਹਿਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ 18 ਜੂਨ ਦੀ ਰਾਤ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜਨ ਦੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਨੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਪਾਕਿਸਤਾਨ ਦੇ ਦਿੱਲੀ ਸਥਿਤ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।
sgpc-logo
ਅੱਜ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਬਦ ਗੁਰੂ ਹਨ ਤੇ ਇਸ ਵਿੱਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਦਰਜ ਭਗਤ ਕਬੀਰ ਜੀ ਤੇ ਬਾਬਾ ਫਰੀਦ ਜੀ ਅਤੇ ਹੋਰ ਵੱਖ-ਵੱਖ ਜਾਤਾਂ ਨਾਲ ਸਬੰਧਤ ਭਗਤਾਂ ਦੀ ਬਾਣੀ ਵੀ ਦਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਇਕੱਲੇ ਸਿੱਖਾਂ ਲਈ ਨਹੀਂ ਬਲਕਿ ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਮੁੱਚੀ ਸਿੱਖ-ਕੌਮ ਦੇ ਹਿਰਦੇ ਵਲੂੰਧਰੇ ਗਏ ਹਨ, ਇਸ ਨਾਲ ਦੇਸ਼-ਵਿਦੇਸ਼ਾਂ ਵਿੱਚ ਬੈਠੇ ਸਿੱਖ ਮਨਾਂ ਵਿੱਚ ਭਾਰੀ ਰੋਸ ਤੇ ਰੋਹ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਤੁਰੰਤ ਦਖ਼ਲ ਦੇ ਕੇ ਸਥਾਨਕ ਪੁਲਿਸ ਨੂੰ ਹਦਾਇਤਾਂ ਜਾਰੀ ਕਰੇ ਕਿ ਟਾਲ-ਮਟੋਲ ਦੀ ਨੀਤੀ ਤਿਆਗ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ ਤਾਂ ਜੋ ਸਮੁੱਚੀ ਸਿੱਖ-ਕੌਮ ਦੇ ਹਿਰਦੇ ਸ਼ਾਂਤ ਹੋ ਸਕਣ ਤੇ ਅੱਗੇ ਤੋਂ ਕੋਈ ਵੀ ਵਿਅਕਤੀ ਐਸੀ ਕੋਝੀ ਹਰਕਤ ਕਰਨ ਦੀ ਜੁਅਰਤ ਨਾ ਕਰੇ। ਇਸ ਸਬੰਧੀ ਉਨ੍ਹਾਂ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਹੈ। ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜ-ਛਾੜ ਕਰਕੇ ਸੋਸ਼ਲ ਵੈਬਸਾਈਟਸ ‘ਤੇ ਅਪਲੋਡ ਕਰਨ ਜਾਂ ਕੁਝ ਵਿਦਵਾਨਾਂ ਵੱਲੋਂ ਆਪਣਾ ਨਾਮ ਚਮਕਾਉਣ ਦੀ ਖਾਤਰ ਸਿੱਖ-ਇਤਿਹਾਸ ਨੂੰ ਤਰੋੜ-ਮਰੋੜ ਕੇ ਕਿਤਾਬਾਂ ‘ਚ ਪੇਸ਼ ਕਰਕੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੀ ਕੋਝੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਕਰਦਿਆਂ ਸ. ਮੱਕੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਹ ਕਦਾਚਿਤ ਬਰਦਾਸ਼ਤ ਨਹੀਂ ਕਰੇਗੀ ਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਤਤਪਰ ਰਹੇਗੀ ਤੇ ਜਿਹੜਾ ਵੀ ਵਿਅਕਤੀ ਆਪ-ਹੁਦਰੀ ਕਾਰਵਾਈ ਕਰੇਗਾ, ਉਸ ਨੂੰ ਕੀਤੀ ਗਲਤੀ ਪ੍ਰਤੀ ਕਾਨੂੰਨੀ ਤੇ ਧਾਰਮਿਕ ਕਾਰਵਾਈ ਦਾ ਹਰ ਹਾਲਤ ‘ਚ ਸਾਹਮਣਾ ਕਰਨਾ ਪਵੇਗਾ। ਸੋਸ਼ਲ ਸਾਈਟ ‘ਤੇ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਇਤਰਾਜਯੋਗ ਛੇੜ-ਛਾੜ ਦੀ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਆਏ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਵੈਬਸਾਈਟਸ ‘ਤੇ ਸਿੱਖ ਗੁਰੂ ਸਾਹਿਬਾਨ ਖਿਲਾਫ਼ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਹੈ ਤੇ ਕਦੇ ਉਨ੍ਹਾਂ ਦੀ ਤਸਵੀਰ ਨਾਲ ਇਤਰਾਜ਼ਯੋਗ ਛੇੜਛਾੜ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਰੋਕਣ ਲਈ ਸੋਸ਼ਲ ਸਾਈਟ ਸਰਚ ਇੰਜਨ ਪ੍ਰਬੰਧਕਾਂ ਨੂੰ ਵੀ ਬੇਨਤੀ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ, ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰੇਗੀ ਕਿ ਅਜਿਹੇ ਸ਼ਰਾਰਤੀ ਅਨਸਰ ਜੋ ਧਾਰਮਿਕ ਭਾਵਨਾਵਾਂ ਪ੍ਰਤੀ ਭੜਕਾਊ ਕਾਰਵਾਈਆਂ ਕਰਕੇ ਦੇਸ਼ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ, ਖਿਲਾਫ਼ ਸਖ਼ਤ ਧਾਰਾਵਾਂ ਹੇਠ ਪਰਚਾ ਦਰਜ ਹੋਵੇ ਅਤੇ ਕਾਨੂੰਨ ‘ਚ ਤਰਮੀਮ ਕੀਤੀ ਜਾਵੇ ਤਾਂ ਜੋ ਅਜਿਹੇ ਵਿਅਕਤੀਆਂ ਨੂੰ ਲੰਮਾ ਸਮਾਂ ਜੇਲ੍ਹ ‘ਚ ਗੁਜ਼ਾਰਨਾ ਪਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸੇ ਅਨਸਰਾਂ ਖਿਲਾਫ ਕਾਨੂੰਨੀ ਮਾਹਿਰਾਂ ਦੀ ਰਾਇ ਲੈ ਕੇ ਸਖ਼ਤ ਕਾਰਵਾਈ ਕਰੇਗੀ।

WRITTEN BY