ਮਾਛੀਵਾੜਾ ਸਾਹਿਬ 4 ਜਨਵਰੀ (ਕਰਮਜੀਤ ਸਿੰਘ ਆਜ਼ਾਦ)-‘ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ’ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।’’ ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਚਰਨਜੀਤ ਸਿੰਘ ਅਟਵਾਲ ਨੇ ਅੱਜ
ਸਥਾਨਕ ਭੈਣੀ ਸਾਹਿਬ ਦਰਬਾਰ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 199ਵੇਂ ਪ੍ਰਕਾਸ਼ ਪੁਰਬ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸ੍ਰ. ਅਟਵਾਲ ਨੇ ਸਿੱਖ ਧਰਮ ਵਿੱਚ ਇਸ ਦਿਨ ਨੂੰ ਖੁਸ਼ੀਆਂ ਭਰਿਆ ਦਿਨ ਦਾ ਦਰਜਾ ਦਿੰਦਿਆਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ’ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ। ਉਨ੍ਹਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ’ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਨ੍ਹਾਂ ਸ੍ਰ. ਬਾਦਲ ਵੱਲੋਂ ਹਾਜ਼ਰੀ ਲਗਵਾਉਂਦਿਆਂ ਸਮੂਹ ਨਾਮਧਾਰੀ ਸੰਗਤ ਨੂੰ ਭਰੋਸਾ ਦਿੱਤਾ ਕਿ ਮਾਤਾ ਚੰਦ ਕੌਰ ਜੀ ਅਤੇ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਵੱਲੋਂ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਕੁਰਬਾਨੀ ਮੂਹਰੇ ਅੱਜ ਹਰ ਅਮਨ ਅਤੇ ਆਜ਼ਾਦੀ ਪਸੰਦ ਵਿਅਕਤੀ ਸਿਰ ਝੁਕਾਉਂਦਾ ਹੈ। ਦੇਸ਼ ਦੀ ਆਜ਼ਾਦੀ ਲਈ ਨਾਮਧਾਰੀ ਸੰਪਰਦਾ ਵੱਲੋਂ ਲੜ੍ਹੇ ਗਏ ਸ਼ਾਂਤਮਈ ਅੰਦੋਲਨ ਦੀ ਵਿਸ਼ਵ ਵਿੱਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਉਸ ਸੜਕ ਦਾ ਨਾਮ ਸਤਿਗੁਰੂ ਰਾਮ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ, ਜਿਸ ਬਾਰੇ ਸੰਪਰਦਾਇ ਵੱਲੋਂ ਹੁਕਮ ਹੋਵੇਗਾ।
ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰਘ ਜੀ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਸੰਦੇਸ਼ ਦਿੱਤਾ ਕਿ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੰਪਰਦਾਇ ਵੱਲੋਂ ਤਿਆਰ ਕੀਤੇ ਗਏ ਮੈਗਜ਼ੀਨ ‘ਬੇਅੰਤ’ ਨੂੰ ਰਿਲੀਜ਼ ਵੀ ਕੀਤਾ ਗਿਆ। ਜਿਸ ਵਿੱਚ 62 ਲੇਖਕਾਂ ਦੀਆਂ ਲਿਖ਼ਤਾਂ ਸ਼ਾਮਿਲ ਕੀਤੀਆਂ ਗਈਆਂ ਹਨ।ਇਸ ਮੌਕੇ ਰਾਗੀ ਬਲਵੰਤ ਸਿੰਘ ਤੇ ਰਾਗੀ ਹਰਬੰਸ ਸਿੰਘ ਘੁੱਲਾ ਨੇ ਕੀਰਤਨ ਕੀਤਾ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰ. ਜਗਜੀਤ ਸਿੰਘ ਗਰਚਾ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਵਿਧਾਇਕ ਸ੍ਰੀ ਪ੍ਰੇਮ ਮਿੱਤਲ, ਵਿਧਾਇਕ ਸ੍ਰੀ ਮੁਹੰਮਦ ਸਦੀਕ, ਵਿਧਾਇਕ ਸ੍ਰ. ਨਵਤੇਜ ਸਿੰਘ, ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਸ੍ਰ. ਗੁਰਬਚਨ ਸਿੰਘ ਚੰਡੀਗੜ੍ਹ, ਐਡਵੋਕੇਟ ਸ੍ਰ. ਸਵਰਨ ਸਿੰਘ ਵਿਰਕ, ਸ੍ਰ. ਹਰਪਾਲ ਸਿੰਘ, ਸੰਤ ਸੁਰਿੰਦਰ ਸਿੰਘ, ਸ੍ਰ. ਬਲਵੰਤ ਸਿੰਘ ਦਸੂਹਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਮਾਤਾ ਚੰਦ ਕੌਰ ਜੀ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਸ੍ਰ. ਜਗਜੀਵਨਪਾਲ ਸਿੰਘ ਖੀਰਨੀਆ, ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਚੇਅਰਮੈਨ ਸ੍ਰ. ਭਾਗ ਸਿੰਘ ਮਾਨਗੜ੍ਹ, ਚੇਅਰਮੈਨ ਵੇਰਕਾ ਮਿਲਕ ਪਲਾਂਟ ਸ੍ਰ. ਅਜਮੇਰ ਸਿੰਘ ਭਾਗਪੁਰ, ਸੰਤ ਜਗਤਾਰ ਸਿੰਘ, ਸੰਤ ਬਲਦੇਵ ਸਿੰਘ ਕਾਕੂ, ਸੇਵਕ ਕਰਤਾਰ ਸਿੰਘ, ਸੁਰਿੰਦਰ ਸਿੰਘ ਭਾਈ ਜੀ, ਪ੍ਰੈ¤ਸ ਸਕੱਤਰ ਲਖਵੀਰ ਸਿੰਘ ਬੱਦੋਵਾਲ, ਕਾਂਗਰਸੀ ਆਗੂ ਸ੍ਰ. ਲਖਵੀਰ ਸਿੰਘ ਲੱਖਾ ਅਤੇ ਹੋਰ ਵੀ ਹਾਜ਼ਰ ਸਨ।