May 26, 2026 6:39 am

ਹੋਲੇ ਮਹੱਲੇ ਦੇ ਅਖਰਿਲੇ ਦਿਨ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਸਿੰਘ ਸਾਹਿਬ ਗਿ:ਰਘਬੀਰ ਸਿੰਘ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼

ਸ਼੍ਰੋਮਣੀ ਕਮੇਟੀ ਅਤੇ ਨਿਗੰਗ ਸਿੰਘ ਜੱਥੇਬੰਦੀਆਂ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸ਼੍ਰੀ ਅਨੰਦਪੁਰ ਸਾਹਿਬ, 3 ਮਾਰਚ- 25 ਫਰਵਰੀ ਤੋਂ 2 ਮਾਰਚ ਤੱਕ ਮਨਾਏ ਗਏ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਆਖਰੀ ਦਿਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੱਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ, ਬਾਬਾ ਹਰਨਾਮ ਸਿੰਘ ਭਿੰਡਰਾਂਵਾਲੇ, ਸ਼੍ਰੌਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ: ਸੁਰਿੰਦਰ ਸਿੰਘ, ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਆਦਿ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਕੇਵਲ ਤੇ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਮੰਨਿਆ ਜਾਵੇ। ਕਿਸੇ ਦੇਹਧਾਰੀ ਜਾਂ ਪਖੰਡੀਆਂ ਮਗਰ ਲਗ ਕੇ ਸਿੱਖੀ ਸਿਧਾਤਾਂ ਨੂੰ ਤਿਲਾਂਜਲੀ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਸੇ ਪਾਵਨ ਅਸਥਾਨ ਤੇ ਗੁਰੂ ਸਾਹਿਬ ਨੇ ਪੰਜਾਂ ਪਿਆਰਿਆਂ ਦੀ ਸਾਜਨਾ ਕੀਤੀ ਤੇ ਸਮੁੱਚੇ ਸਿੱਖਾਂ ਨੂੰ ਅਮਿੰ੍ਰਤਧਾਰੀ ਹੋਣ ਦਾ ਹੁਕਮ ਕੀਤਾ। ਉਨਾਂ ਕੌਮ ਵਿਚ ਫੈਲ ਰਹੇ ਪਤਿਤਪੁਣੇ, ਨਸ਼ਿਆਂ ਤੇ ਹੋਰ ਅਲਾਮਤਾਂ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਰੇਕ ਸਿੱਖ ਨੂੰ ਪ੍ਰਚਾਰਕ ਬਨਣ ਦਾ ਹੋਕਾ ਦਿਤਾ ਤਾਂ ਕਿ ਕੌਮ ਦੀ ਚੜ੍ਹਦੀ ਕਲਾ ਹੋ ਸਕੇ। ਇਸ ਮੌਕੇ ਆਈਆਂ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਕਰਦਾ ਇਸ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਕਥਾ-ਵਾਚਕ ਗਿ:ਚਰਨਜੀਤ ਸਿੰਘ, ਮੈਨੇਜਰ ਰਣਜੀਤ ਸਿੰਘ, ਸਕੱਤਰ ਪਰਮਜੀਤ ਸਿੰਘ ਸਰੋਆ, ਸੂਚਨਾ ਅਫਸਰ ਹਰਦੇਵ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਠੇਕੇਦਾਰ ਗੁਰਨਾਮ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਸਰੂਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Send this to a friend