ਅੰਮ੍ਰਿਤਸਰ : 5 ਫਰਵਰੀ (ਮਨਿੰਦਰ ਸਿੰਘ ਗੋਰੀ, ਗੋਰਾਂਗ ਸਚਦੇਵਾ)-ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਪਰ ਭਾਰਤੀ ਫੌਜ ਵੱਲੋਂ ਜੂਨ 1984 ’ਚ ਅਪ੍ਰੇਸ਼ਨ ਬਲਿਊ ਸਟਾਰ ਦੇ ਨਾਂ ਹੇਠ ਸਮੇਂ ਦੀ ਕਾਂਗਰਸੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਬਰਤਾਨੀਆਂ ਸਰਕਾਰ ਦੀ ਓਸ ਵੇਲੇ ਦੀ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਤੋਂ ਸਲਾਹ ਲੈ ਕੇ ਕੀਤੇ ਗਏ ਹਮਲੇ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਅਤੇ ਦੇਸ਼ ਨਾਲ ਧ੍ਰੋਹ ਕਰਾਰ ਦਿੱਤਾ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਰਲੀਜ਼ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਦੇਸ਼ ਦੀ ਅਜਾਦੀ ਲਈ 80% ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਦੇ ਮੁਕੱਦਸ ਅਸਥਾਨ ਤੇ ਕਾਂਗਰਸ ਪਾਰਟੀ ਨੇ ਸੋਚੀ ਸਮਝੀ ਸਾਜਿਸ਼ ਤਹਿਤ ਹਮਲਾ
ਕੀਤਾ ਸੀ, ਹਮਲੇ ਸਮੇਂ ਬਰਤਾਨੀਆਂ ਪਾਸੋਂ ਭਾਰਤ ਸਰਕਾਰ ਨੇ ਮਦਦ ਲਈ ਸੀ। ਜਿਸ ਦੀ ਪ੍ਰੋਰੜਤਾ ਬਰਤਾਨੀਆਂ ਦੇ ਵਿਦੇਸ਼ ਸਕੱਤਰ ਵਿਲੀਅਮ ਹੇਗ ਨੇ ਆਪਣੀ ਸੰਸਦ ਵਿੱਚ ਕੀਤਾ ਹੈ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਪਰ ਭਾਰਤੀ ਫੌਜ ਕੋਲੋ ਹਮਲਾ ਕਰਵਾ ਕੇ ਆਪਣੇ ਹੀ ਦੇਸ਼ ਦੇ ਨਾਗਰਿਕਾਂ ਨੂੰ ਮਾਰ ਮੁਕਾਇਆ। ਉੱਥੇ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਵਿੱਚ ਕੋਈ ਕਸਰ ਨਹੀਂ ਸੀ ਛੱਡੀ। ਉਨ੍ਹਾਂ ਕਿਹਾ ਕਿ ਬਰਤਾਨੀਆਂ ਦੀ ਓਸ ਵੇਲੇ ਦੀ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਨ ਵਿਚ ਕਾਂਗਰਸ ਸਰਕਾਰ ਦੀ ਮਦਦ ਕਰਕੇ ਬਹੁਤ ਹੀ ਘਿਨਾਉਣੀ ਹਰਕਤ ਕੀਤੀ ਸੀ, ਜਿਸ ਨਾਲ ਪੂਰੀ ਸਿੱਖ ਕੌਮ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਇਸ ਤੋਂ ਮਾੜੀ ਹੋਰ ਕੀ ਹੋ ਸਕਦੀ ਹੈ, ਜਿਸ ਦੇਸ਼ ਦੀ ਫੌਜ ਨੇ 1919 ’ਚ ਜਲਿਆਂਵਾਲੇ ਬਾਗ ਤੇ ਹਮਲਾ ਕਰਕੇ ਹਜ਼ਾਰਾਂ ਨਿਹੱਥੇ ਪੰਜਾਬੀਆਂ ਨੂੰ ਸ਼ਹੀਦ ਕੀਤਾ ਹੋਵੇ ਉਸੇ ਫੌਜ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਉੱਪਰ ਹਮਲੇ ਸਮੇਂ ਮਦਦ ਲੈ ਕੇ ਦੁਬਾਰਾ ਰਿਸਦੇ ਜਖ਼ਮਾਂ ਤੇ ਲੂਣ ਛਿੜਕਣ ਵਾਲਾ ਕੰਮ ਕੀਤਾ ਹੈ। ਇਸ ਕਰਕੇ ਕਾਂਗਰਸ ਪਾਰਟੀ ਸਿੱਖਾਂ ਤੇ ਸਮੁੱਚੇ ਦੇਸ਼ ਵਾਸੀਆਂ ਦੀ ਗੁਨਾਹਗਾਰ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਬਰਤਾਨੀਆਂ ਦੀ ਤਰੱਕੀ ’ਚ ਅਹਿਮ ਯੋਗਦਾਨ ਪਾਇਆ ਹੈ ਤੇ ਪਾ ਰਹੇ ਹਨ ਇਥੋਂ ਤੱਕ ਕਿ ਦੂਜੀ ਸੰਸਾਰ ਜੰਗ ਸਮੇਂ ਵੀ ਬਰਤਾਨੀਆਂ ਦੀ ਰਾਖੀ ਕਰਦੇ ਸਮੇਂ ਬਹੁਤ ਸਾਰੇ ਸਿੱਖਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਅਤੇ ਬਰਤਾਨੀਆਂ ਦੇਸ਼ ਦੀ ਪੱਤ ਬਚਾਈ। ਉਨ੍ਹਾਂ ਕਿਹਾ ਕਿ ਜੇਕਰ ਬਰਤਾਨੀਆਂ ਸਰਕਾਰ ਸਿੱਖਾਂ ਪ੍ਰਤੀ ਹਮਦਰਦੀ ਰੱਖਦੀ ਹੈ ਤਾਂ ਇਸ ਨੂੰ ਬਿਨ੍ਹਾਂ ਦੇਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।



