ਹਰਸਿਮਰਤ ਕੌਰ ਬਾਦਲ ਦੇ ਕੀਤੇ ਕੰਮਾਂ ਦੀ ਕੀਤੀ ਸ਼ਲਾਘਾ, ਮੋਦੀ ਲਹਿਰ ਕਾਂਗਰਸ ਨੂੰ ਦੇਸ਼ ਵਿੱਚੋਂ ਉਖਾੜ ਸੁੱਟੇਗੀ
ਕਰਾੜਵਾਲਾ (ਬਠਿੰਡਾ), 5 ਫਰਵਰੀ (ਅਵਤਾਰ ਸਿੰਘ ਕੈਂਥ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਬਰਤਾਨੀਆਂ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ 1984 ਦੇ ਅਪ੍ਰੇਸ਼ਨ ਬਲਿਊ ਸਟਾਰ ਦੌਰਾਨ ਦਿੱਤੀ ਗਈ ਸਹਾਇਤਾ ਲਈ ਸਿੱਖ ਕੌਮ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਆਖਿਆ ਹੈ।ਇਥੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਦੌਰਾਨ ਭਾਰਤ ਅਤੇ ਬਰਤਾਨੀਆਂ ਸਰਕਾਰ ਨੇ ਮਿਲਕੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੇ ਇਸ ਘਿਨਾਉਣੇ ਕਾਰੇ ਨੂੰ ਅੰਜ਼ਾਮ ਦਿੱਤਾ ਜਿਸ ਨਾਲ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਵੱਜੀ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨਾ ਮਾਫੀ ਯੋਗ ਕੰਮ ਲਈ ਬਰਾਬਰ
ਦੀਆਂ ਜ਼ਿੰਮੇਵਾਰ ਹਨ ਅਤੇ ਸਿੱਖ ਮਨੁੱਖਤਾ ਦੇ ਖਿਲਾਫ ਕੀਤੇ ਗਏ ਇਸ ਕਾਰੇ ਲਈ ਉਨ੍ਹਾਂ ਨੂੰ ਕਦੇ ਵੀ ਮਾਫ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਬਰਤਾਨੀਆਂ ਦੀ ਸਰਕਾਰ ਨੂੰ ਭਾਰਤ ਸਰਕਾਰ ਦੀ ਸਹਾਇਤਾ ਕਰਨ ਲਈ ਬਿਨਾਂ ਸ਼ਰਤ ਮਾਫੀ ਮੰਗਣੀ ਚਾਹੀਦੀ ਹੈ ਕਿਉਂਕਿ ਇਸ ਹਮਲੇ ਵਿੱਚ ਬੇਗੁਨਾਹ ਲੋਕ ਵੀ ਮਾਰੇ ਗਏ ਸਨ। ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਕਾਂਗਰਸ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਅਜਿਹੀ ਕੋਈ ਵੀ ਮਿਸਾਲ ਨਹੀਂ ਹੈ ਜਿਥੇ ਇੱਕ ਕੇਂਦਰ ਸਰਕਾਰ ਨੇ ਆਪਣੇ ਹੀ ਮੁਲਕ ਦੇ ਪਵਿੱਤਰ ਧਾਰਮਿਕ ਸਥਾਨ ‘ਤੇ ਹਮਲੇ ਲਈ ਕਿਸੇ ਬਾਹਰੀ ਦੇਸ਼ ਦੀ ਸਹਾਇਤਾ ਲਈ ਹੋਵੇ।
ਸ. ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੇ ਆਪਣੇ ਅੰਦਰੂਨੀ ਮਸਲੇ ਨੂੰ ਲੈ ਕੇ ਬਰਤਾਨੀਆਂ ਸਰਕਾਰ ਤੋਂ ਸਹਾਇਤਾ ਲੈਣ ਦੀ ਵੱਡੀ ਗਲਤੀ ਕੀਤੀ ਅਤੇ ਬਰਤਾਨੀਆਂ ਸਰਕਾਰ ਨੇ ਵੀ ਇਸ ਨਾਜ਼ੁਕ ਮੁੱਦੇ ‘ਤੇ ਗੈਰ ਕਾਨੂੰਨੀ ਢੰਗ ਨਾਲ ਭਾਰਤ ਸਰਕਾਰ ਦੀ ਮੱਦਦ ਕਰਕੇ ਇੱਕ ਵੱਡਾ ਜ਼ੁਰਮ ਕੀਤਾ ਹੈ। ਇਸ ਮੁੱਦੇ ‘ਤੇ ਕੇਂਦਰ ਦੀ ਯੂ.ਪੀ.ਏ ਸਰਕਾਰ ਤੋਂ ਅਸਤੀਫੇ ਦੀ ਮੰਗ ਕਰਦਿਆਂ ਸ. ਬਾਦਲ ਨੇ ਕਿਹਾ ਕਿ ਜਿਸ ਕਾਂਗਰਸ ਸਰਕਾਰ ਨੇ ਬਾਹਰੀ ਤਾਕਤਾਂ ਦਾ ਸਹਾਰਾ ਲੈ ਕੇ ਦੇਸ਼ ਦੇ ਧਾਰਮਿਕ ਸਥਾਨ ‘ਤੇ ਹਮਲਾ ਕੀਤਾ ਹੋਵੇ ਉਸ ਸਰਕਾਰ ਦੇ ਵਾਰਸਾਂ ਨੂੰ ਸੱਤਾ ਵਿੱਚ ਰਹਿਣ ਦਾ ਨੈਤਿਕ ਹੱਕ ਨਹੀਂ ਹੈ।
ਸਾਬਕਾ ਸੰਸਦ ਮੈਂਬਰ ਸ੍ਰੀ ਗੁਰਦਾਸ ਸਿੰਘ ਬਾਦਲ ਵੱਲੋਂ ਪੀ.ਪੀ.ਪੀ.ਆਗੂ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਸਬੰਧੀ ਕੀਤੇ ਗਏ ਐਲਾਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸਦਾ ਕੋਈ ਵੀ ਅਸਰ ਨਹੀਂ ਪਵੇਗਾ ਕਿਉਂਕਿ ਸਾਬਕਾ ਖਜ਼ਾਨਾ ਮੰਤਰੀ ਅਤੇ ਉਸਦੀ ਪਾਰਟੀ ਨੂੰ ਪੰਜਾਬ ਦੇ ਲੋਕ ਵਾਰ-ਵਾਰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਮਾਂ ਪਾਰਟੀ ਦੇ ਨਾਲ ਦਗਾ ਕਮਾਇਆ ਹੈ ਜਿਸ ਕਾਰਨ ਸੂਬੇ ਦੇ ਲੋਕ ਉਸਤੇ ਕੋਈ ਯਕੀਨ ਨਹੀਂ ਕਰਦੇ। ਸ. ਬਾਦਲ ਨੇ ਕਿਹਾ ਕਿ ਪੀ.ਪੀ.ਪੀ.ਆਗੂ ਦਾ ਨਾ ਤਾਂ ਕੋਈ ਲੋਕਾਂ ਵਿੱਚ ਅਧਾਰ ਹੈ ਅਤੇ ਨਾ ਹੀ ਉਸਦੀ ਕੋਈ ਵਿਚਾਰਧਾਰਾ ਹੈ ਜਿਸ ਕਾਰਨ ਉਹ ਅੱਜ ਆਪਣੀ ਸਿਆਸੀ ਹੋਂਦ ਬਚਾਉਣ ਲਈ ਕਦੇ ਕਾਂਗਰਸ ਅਤੇ ਕਦੇ ਆਮ ਆਦਮੀ ਪਾਰਟੀ ਦੇ ਤਰਲੇ ਕੱਢ ਰਿਹਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਸੀਨੀਅਰ ਆਗੂਆਂ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਸਬੂਤ ਲੋਕਾਂ ਸਾਹਮਣੇ ਪੇਸ਼ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਕਿਸੇ ਦਾ ਨਾਮ ਕਿਸੇ ਸੂਚੀ ਵਿੱਚ ਪਾ ਦਵੇ ਤਾਂ ਉਹ ਆਗੂ ਭ੍ਰਿਸ਼ਟ ਨਹੀਂ ਬਣ ਜਾਂਦਾ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਇਨ੍ਹਾਂ ਦੋਸ਼ਾਂ ਨੂੰ ਸੱਚ ਸਾਬਤ ਕਰਨ ਲਈ ਇਸ ਲਈ ਲੋੜੀਂਦੇ ਸਬੂਤ ਜਨਤਕ ਕਰਨੇ ਚਾਹੀਦੇ ਹਨ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਹਾਰ ਨੂੰ ਭਾਂਪਦੇ ਹੋਏ ਕੇਂਦਰ ਸਰਕਾਰ ਵੋਟਰਾਂ ਨੂੰ ਲੁਭਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਐਲ.ਪੀ.ਜੀ ਦੇ ਰਿਆਇਤੀ ਸਿਲੰਡਰਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਇਸੇ ਰਣਨੀਤੀ ਦਾ ਹਿੱਸਾ ਹੈ। ਪਰ ਉਨ੍ਹਾਂ ਕਿਹਾ ਕਿ ਦੇਸ਼ ਦੇ ਸੁੂਝਵਾਨ ਵੋਟਰ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੀਆਂ ਇਨ੍ਹਾਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਉਹ ਕਾਂਗਰਸ ਪਾਰਟੀ ਨੂੰ ਇਨ੍ਹਾਂ ਚੋਣਾਂ ਵਿੱਚ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਦਿਨ ਹੁਣ ਗਿਣਤੀ ਦੇ ਰਹਿ ਗਏ ਹਨ ਅਤੇ ਉਸ ਵੱਲੋਂ ਆਪਣਾ ਖੁੱਸਿਆ ਹੋਇਆ ਅਧਾਰ ਹਾਸਲ ਕਰਨ ਲਈ ਅਪਣਾਏ ਜਾ ਰਹੇ ਹੱਥਕੰਡੇ ਹੁਣ ਕਿਸੇ ਕੰਮ ਨਹੀਂ ਆਉਣਗੇ।
ਇਸ ਤੋਂ ਪਹਿਲਾਂ ਪਿੰਡ ਸੂਚ, ਭੂੰਦੜ ਅਤੇ ਕਰਾੜਵਾਲਾ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਦੇਸ਼ ਭਰ ਵਿੱਚ ਭ੍ਰਿਸ਼ਟ ਅਤੇ ਕੰਮਜ਼ੋਰ ਯੂ.ਪੀ.ਏ ਸਰਕਾਰ ਨੂੰ ਲਾਂਭੇ ਕਰਨ ਲਈ ਤਕੜੀ ਮੋਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਲਹਿਰ 1977 ਦੀ ਜਨਤਾ ਲਹਿਰ ਨਾਲੋ ਕਿਤੇ ਜ਼ਿਆਦਾ ਤਾਕਤਵਰ ਹੈ ਅਤੇ ਇਸਦਾ ਟ੍ਰੇਲਰ ਹਾਲ ਹੀ ਵਿਚੱ ਹੋਈਆਂ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲਿਆ ਹੈ । ਉਨ੍ਹਾਂ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਕਰਾਰੀ ਹਾਰ ਇਸ ਲਹਿਰ ਦੀ ਮਜਬੂਤੀ ਨੂੰ ਦਰਸਾਉਂਦੀ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਆਉਣ ਵਾਲੀ ਕੇਂਦਰ ਸਰਕਾਰ ਐਨ.ਡੀ.ਏ ਦੀ ਹੋਵੇਗੀ।
ਆਉਣ ਵਾਲੀਆਂ ਪਾਰਲੀਮਾਨੀ ਚੋਣਾਂ ਵਿੱਚ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪੰਜਾਬ ਲਈ ਬਹੁਤ ਫੈਸਲਾਕੁੰਨ ਹਨ ਕਿਉਂਕਿ ਇਹ ਪੰਜਾਬ ਦਾ ਭਵਿੱਖ ਮਾਰਨਗੀਆਂ ਜਾਂ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਐਨ.ਡੀ.ਏ ਸਰਕਾਰ ਦੀ ਸਥਾਪਨਾਂ ਹੁੰਦੀ ਹੈ ਤਾਂ ਉਸ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਪਰ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਦਾ ਵਿਕਾਸ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਵੇਗਾ ਇਸ ਲਈ ਸ. ਬਾਦਲ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੇਂਦਰ ਵਿੱਚ ਐਨ.ਡੀ.ਏ ਸਰਕਾਰ ਦਾ ਗਠਨ ਹੋਣਾਂ ਬਹੁਤ ਜ਼ਰੂਰੀ ਹੈ।
ਬਠਿੰਡਾ ਲੋਕ ਸਭਾ ਹਲਕੇ ਦੇ ਵਿਕਾਸ ਲਈ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਵਿਉਂਤਬੰਦੀ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦ੍ਰਿੜਤਾ ਕਾਰਨ ਬਠਿੰਡਾ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਹੈ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਨੇ ਜਨਤਕ ਸੇਵਾ ਵਿੱਚ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ ਅਤੇ ਹੁਣ ਬਠਿੰਡੇ ਦੇ ਲੋਕ ਉਨ੍ਹਾਂ ਵੱਲੋਂ ਕੀਤੇ ਕੰਮਾਂ ਦਾ ਉਨ੍ਹਾਂ ਨੂੰ ਪਿਛਲੀ ਵਾਰ ਨਾਲ ਦੋਹਰੀਆਂ ਵੋਟਾਂ ਨਾਲ ਜਿੱਤਾ ਕੇ ਮੁੱਲ ਮੋੜਨ। ਇਸ ਮੌਕੇ ਮੁੱਖ ਮੰਤਰੀ ਨਾਲ ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕੀਰਤ ਕ੍ਯ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ, ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



