ਅਮਲੋਹ, 11 ਮਾਰਚ (ਰਣਜੀਤ ਸਿੰਘ ਘੁੰਮਣ)- ਅਮਲੋਹ ਸ਼ਹਿਰ ਵਿੱਚ 10 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਵਿਛਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ’ਤੇ ਹੁਣ ਜਿਹੜੀਆਂ ਗਲੀਆਂ ਸੀਵਰੇਜ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਗਈਆਂ ਸਨ ਉਨ੍ਹਾਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਮੁਹੱਈਆ ਹੋ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਅਮਲੋਹ ਦੇ ਵਾਰਡ ਨੰਬਰ 13 ਮਾਸਟਰ ਕਲੌਨੀ ਵਿਖੇ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੇ ਪਹਿਲਾਂ ਇਹ ਪੈਸਾ ਸੰਗਤ ਦਰਸ਼ਨਾਂ ਰਾਹੀਂ ਖੁਰਦ ਬੁਰਦ ਕਰ ਦਿੱਤਾ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਪੂਰਾ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੇ ਆਪਣੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਿਥੇ ਪੰਜਾਬ ਨੂੰ ਆਰਥਿਕ ਤੌਰ ’ਤੇ ਤਬਾਹ ਕਰ ਕੇ ਰੱਖ ਦਿੱਤਾ ਹੈ ਉਥੇ ਹੀ ਲੋਕਾਂ ਦੇ ਹੱਕਾਂ ’ਤੇ ਵੀ ਡਾਕਾ ਮਾਰਿਆ ਹੈ, ਜਿਸ ਕਾਰਨ ਲੋਕਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦਿਵਾਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਇੱਕੋ ਇੱਕ ਅਜਿਹੇ ਆਗੂ ਹਨ ਜਿਹੜੇ ਆਪਣੀ ਕਹਿਣੀ ਤੇ ਕਰਨੀ ਦੇ ਪੱਕੇ ਹਨ ਅਤੇ ਇਹੋ ਵਜ੍ਹਾ ਹੈ ਕਿ ਵਿਧਾਨ ਸਭਾ ਚੋਣਾ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਲਗਭਗ 20 ਅਕਾਲੀ ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਅਕਾਲੀਆਂ ਨੂੰ ਆਪਣੀ ਹਾਰ ਸਾਫ ਨਜ਼ਰ ਆ ਰਹੀ ਹੈ ਜਿਸ ਕਾਰਨ ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੀ ਬਿਆਨਬਾਜੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਅਮਲੋਹ ਨਗਰ ਕੌਂਸਲ ਦੀਆਂ ਚੋਣਾਂ ਸਮੇਂ ਇਹ ਕਹਿੰਦੇ ਸਨ ਕਿ ਕਾਂਗਰਸ ਦੇ ਰਾਜ ਵਿੱਚ ਸਾਫ ਸੁਥਰੀਆਂ ਚੋਣਾਂ ਹੋਈਆਂ ਹਨ ਉਹੀ ਆਗੂ ਹਾਰ ਤੋਂ ਬੁਖਲਾ ਕੇ ਅਜਿਹੇ ਬਿਆਨ ਦੇ ਰਹੇ ਹਨ ਪ੍ਰੰਤੂ ਲੋਕ ਇਨ੍ਹਾਂ ਆਗੂਆਂ ਦੇ ਬਿਆਨਾਂ ਵਿੱਚ ਨਹੀਂ ਆਉਣਗੇ। ਇਸ ਮੌਕੇ ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਸ਼੍ਰੀਮਤੀ ਕਿਰਨ ਸੂਦ, ਉਪ ਪ੍ਰਧਾਨ ਸ਼੍ਰੀਮਤੀ ਬਲਵਿੰਦਰ ਕੌਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਐਡਵੋਕੇਟ ਦੇਵ ਰਤਨ, ਪੀ.ਏ. ਰਾਮ ਕ੍ਰਿਸ਼ਨ ਭੱਲਾ, ਮੰਡੀ ਗੋਬਿੰਦਗੜ੍ਹ ਦੇ ਕਾਂਗਰਸ ਪ੍ਰਧਾਨ ਸ਼੍ਰੀ ਰਜਿੰਦਰ ਬਿਟੂ, ਅਮਲੋਹ ਦੇ ਪ੍ਰਧਾਨ ਸ਼ਿੰਗਾਰਾ ਸਿੰਘ, ਮਹਿੰਦਰ ਸਿੰਘ ਭਜਨੀ ਬਲਾਕ ਪ੍ਰਧਾਨ, ਲੱਕੀ ਸ਼ਰਮਾ, ਹੈਪੀ ਸੂਦ, ਐਮ.ਸੀ. ਹੈਪੀ ਗਿੱਲ, ਜਰਨੈਲ ਸਿੰਘ ਨਰਾਇਣਗੜ੍ਹ, ਯੂਥ ਕਾਂਗਰਸ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਹੈਪੀ, ਨਾਜਰਪਾਲ ਸਿੰਘ ਸਮਸ਼ਪੁਰ, ਸੁਖਵਿੰਦਰ ਸਿੰਘ ਛਿੰਦਾ, ਹਰਬੰਸ ਸਿੰਘ ਮੱਲੋਵਾਲ, ਦਰਸ਼ਨ ਕੁਮਾਰ ਸ਼ਰਮਾ, ਸੁਖਵਿੰਦਰ ਕੁਮਾਰ ਸੈਂਡੀ, ਸ਼੍ਰੀਮਤੀ ਭੁਪਿੰਦਰ ਕੌਰ, ਸ਼੍ਰੀਮਤੀ ਨੀਲਮ ਕੌਰ ਜਨਰਲ ਸਕੱਤਰ ਪੀ.ਪੀ.ਸੀ.ਸੀ., ਪਰਮਜੀਤ ਕੌਰ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਕੁਲਜੀਤ ਸਿੰਘ ਗੁਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।