ਮਹਾਰਾਸ਼ਟਰ ਤੋਂ ਇਸਤਰੀ ਅਕਾਲੀ ਦਲ ਦੀਆਂ 60 ਬੀਬੀਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਪੁੱਜਾ

ਭਲਕੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਬੇਬੇ ਨਾਨਕੀ ਗੁਰਮਤਿ ਸਮਾਗਮ : ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਮਹਾਰਾਸ਼ਟਰ ਇਕਾਈ ਦੀਆਂ 60 ਬੀਬੀਆਂ ਦਾ ਜਥਾ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਿਆ। ਮੁੰਬਈ ਤੋਂ ਹਵਾਈ ਰਸਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਜਥੇ ਦਾ ਅੰਮ੍ਰਿਤਸਰ ਸ਼ਹਿਰੀ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 25 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਮਹਾਨ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਮਹਾਰਾਸ਼ਟਰ ਤੋਂ 60 ਬੀਬੀਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ 24 ਮਾਰਚ ਨੂੰ ਜਥੇ ਦੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਅਟਾਰੀ ਸਰਹੱਦ ਵਿਖੇ ਵੀ ਜਾਣਗੇ ਅਤੇ 25 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਣ ਵਾਲਾ ਗੁਰਮਤਿ ਸਮਾਗਮ ਬੇਬੇ ਨਾਨਕੀ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਇਸ ਵਿਚ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਗੁਰਮਤਿ ਵਿਚਾਰਾਂ ਅਤੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਉਨ੍ਹਾਂ ਸੰਗਤਾਂ ਅਤੇ ਖ਼ਾਸਕਰ ਬੀਬੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਮਹਾਰਾਸ਼ਟਰ ਤੋਂ ਇਸਤਰੀ ਅਕਾਲੀ ਦਲ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਮਨਜੀਤ ਕੌਰ ਘਈ, ਬੀਬੀ ਗੁਰਿੰਦਰ ਕੌਰ ਸੁਲਤਾਨੀ, ਬੀਬੀ ਹਰਦੀਪ ਕੌਰ, ਇਸਤਰੀ ਅਕਾਲੀ ਦਲ ਦੇ ਅੰਮ੍ਰਿਤਸਰ ਦੀ ਸ਼ਹਿਰੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ, ਬੀਬੀ ਮਨਿੰਦਰ ਕੌਰ, ਬੀਬੀ ਰੁਪਿੰਦਰ ਕੋਰ, ਬੀਬੀ ਕੁਲਦੀਪ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਗਿਆਨ ਕੌਰ, ਸ. ਤੇਜਿੰਦਰ ਸਿੰਘ ਪੱਡਾ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਆਦਿ ਹਾਜ਼ਰ ਸਨ।

Send this to a friend