ਕੈਪਟਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ
ਚੰਡੀਗੜ੍ਹ/ਮਾਨਸਾ, 24 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਸ. ਸੁਰਿੰਦਰਪਾਲ ਸਿੰਘ ਆਹਲੂਵਾਲੀਆ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਕਦਮੀ ਨਾਲ ਰਾਜ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਦੇ ਲੰਗਰ ’ਤੇ ਜੀਐਸਟੀ ਖਤਮ ਕਰਨ ਦੀ ਭਰਵੀਂ ਸ਼ਲਾਘਾ ਕੀਤੀ ਹੈ। ਸ. ਆਹਲੂਵਾਲੀਆ ਮੁਤਾਬਿਕ ਕੈਪਟਨ ਸਰਕਾਰ ਨੇ ਇਸ ਤਰ੍ਹਾਂ ਕਰਕੇ ਲੋਕਾਂ ਦਾ ਮਨ ਜਿੱਤ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਸਿੱਖ ਅਤੇ ਹਿੰਦੂ ਧਰਮ ਦੇ ਪਵਿੱਤਰ ਅਸਥਾਨ ਹਨ, ਜਿੱਥੇ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਰੋਜ਼ਾਨਾ ਨਤਮਸਤਕ ਹੁੰਦੇ ਹਨ, ਜਿਨ੍ਹਾਂ ਵਿੱਚ ਹਰ ਜਾਤ ਤੇ ਧਰਮ ਦੇ ਲੋਕਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਸੰਗਤ ਦਰਸ਼ਨਾਂ ਲਈ ਆਉਂਦੀ ਹੈ ਦੇ ਲੰਗਰ ’ਤੇ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦਾ ਜੀਐਸਟੀ ਖਤਮ ਕਰਨ ਦਾ ਇੱਕ ਵੱਡਾ ਤੇ ਇਤਿਹਾਸਿਕ ਫੈਸਲਾ ਲਿਆ ਹੈ। ਇਸ ਫੈਸਲੇ ਨਾਲ ਲੋਕਾਂ ਨੂੰ ਖੁਸ਼ੀ ਮਿਲੀ ਹੈ। ਸ. ਸੁਰਿੰਦਰਪਾਲ ਸਿੰਘ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੀ ਤਰਫੋਂ ਪੰਜਾਬ ਸਰਕਾਰ ਦੀ ਤਰਜ਼ ’ਤੇ ਲੰਗਰ ’ਤੇ ਲਗਾਇਆ ਜਾ ਰਿਹਾ ਜੀਐਸਟੀ ਖਤਮ ਕਰਨ। ਸ. ਆਹਲੂਵਾਲੀਆ ਨੇ ਆਖਿਰ ’ਚ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਮਨੁੱਖਤਾ ਦੀ ਭਲਾਈ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰੀ ਉਤਰ ਰਹੀ ਹੈ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਕੈਪਟਨ ਸਰਕਾਰ ਲੋਕ ਭਲਾਈ ਲਈ ਹੋਰ ਬਿਹਤਰ ਕੰਮ ਕਰਕੇ ਲੋਕਾਂ ਦਾ ਮਨ ਜਿੱਤੇਗੀ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਲੰਗਰ ’ਤੇ ਜੀਐਸਟੀ ਖਤਮ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।