Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦਾ 11 ਅਰਬ 59 ਕਰੋੜ 67 ਲੱਖ ਦਾ ਬਜਟ ਪਾਸ

Share this story

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਇਆ ਬਜਟ ਇਜਲਾਸ

ਅੰਮ੍ਰਿਤਸਰ 30 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2018-19 ਦਾ ਸਾਲਾਨਾ ਬਜਟ 11 ਅਰਬ, 59 ਕਰੋੜ, 67 ਲੱਖ ਰੁਪਏ ਪਾਸ ਕੀਤਾ ਗਿਆ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ।
ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਜਲਾਸ ਦੀ ਆਰੰਭਤਾ ਲਈ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਾਵਨ ਹੁਕਮਨਾਮਾ ਲਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੀ ਮੌਜੂਦ ਸਨ। ਬਜਟ ਇਜਲਾਸ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਜਲਾਸ ਦੀ ਅਗਲੀ ਕਾਰਵਾਈ ਦਾ ਸੱਦਾ ਦਿੱਤਾ, ਜਿਸ ’ਤੇ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ, ਸ. ਮਨਜੀਤ ਸਿੰਘ ਕਲਕੱਤਾ ਅਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਪੜ੍ਹੇ। ਇਸ ਤੋਂ ਬਾਅਦ ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਆਪਣੇ ਬਜਟ ਭਾਸ਼ਣ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ।
ਬਜਟ ਵਿੱਚ ਗੁਰਦੁਆਰਾ ਸਾਹਿਬਾਨ ਸੈਕਸ਼ਨ-85 ਤੇ ਸਿੱਧੇ ਅਤੇ ਅਟੈਂਚ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਲਈ 6 ਅਰਬ 88 ਕਰੋੜ 94 ਲੱਖ ਰੁਪਏ, ਜਨਰਲ ਬੋਰਡ ਫੰਡ ਲਈ 66 ਕਰੋੜ 25 ਲੱਖ ਰੁਪਏ, ਟਰੱਸਟ ਫੰਡ ਲਈ 56 ਕਰੋੜ ਰੁਪਏ, ਵਿਦਿਆ ਫੰਡ ਲਈ 36 ਕਰੋੜ 50 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 76 ਕਰੋੜ ਰੁਪਏ, ਵਿਦਿਅਕ ਅਦਾਰਿਆਂ (ਸਕੂਲਾਂ/ਕਾਲਜਾਂ) ਲਈ 2 ਅਰਬ 28 ਕਰੋੜ ਰੁਪਏ ਅਤੇ ਪ੍ਰਿੰਟਿੰਗ ਪ੍ਰੈਸਾਂ ਲਈ 7 ਕਰੋੜ 98 ਲੱਖ ਰੁਪਏ ਰੱਖੇ ਗਏ ਹਨ। ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਬੈਂਸ ਅਤੇ ਸ. ਸੁਖਦੇਵ ਸਿੰਘ ਭੌਰ ਨੇ ਆਪਣੇ ਸੰਬੋਧਨ ਦੌਰਾਨ ਜਿਥੇ ਬਜਟ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ, ਉਥੇ ਹੀ ਭਵਿੱਖ ਵਿਚ ਪੇਸ਼ ਕੀਤੇ ਜਾਣ ਵਾਲੇ ਬਜਟ ਲਈ ਕੁਝ ਸੁਝਾਅ ਵੀ ਦਿੱਤੇ।
ਇਜਲਾਸ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੈਂਸਰ ਪੀੜ੍ਹਤਾਂ ਦੀ ਸਹਾਇਤਾ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਯੋਜਨਾਵਾਂ ਵੀ ਉਲੀਕੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਦਾ ਬਜਟ 11 ਅਰਬ, 59 ਕਰੋੜ, 67 ਲੱਖ ਰੁਪਏ ਹੈ ਪਰ ਨੈਟ ਬਜਟ 9 ਅਰਬ 34 ਕਰੋੜ 93 ਲੱਖ 93 ਹਜ਼ਾਰ ਰੁਪਏ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਬਜਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੁੱਚੇ ਅਦਾਰਿਆਂ ਦਾ ਬਜਟ ਹੈ, ਜਿਸ ਦੀ ਗਿਣਤੀ 233 ਹੈ।
ਭਾਈ ਲੌਂਗੋਵਾਲ ਨੇ ਵਿਸਥਾਰ ਦਿੰਦਿਆਂ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁੱਲਤ ਕਰਨ ਲਈ 16 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਦੀ ਧਰਮ ਪ੍ਰਚਾਰ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਜਿਥੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਪ੍ਰਬੰਧ ਕਰੇਗੀ ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਯਾਦਗਾਰਾਂ ਅਤੇ ਵੱਖ-ਵੱਖ ਮਾਰਗਾਂ ’ਤੇ 6 ਸੁੰਦਰ ਯਾਦਗਾਰੀ ਗੇਟ ਉਸਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੱਛੜੇ ਇਲਾਕਿਆਂ ਵਿਚ ਮੁੱਢਲੀਆਂ ਮੈਡੀਕਲ ਸਹੂਲਤਾਂ ਦੇਣ ਲਈ ਮੈਡੀਕਲ ਵੈਨਾਂ ਅਤੇ ਹੋਰ ਗੱਡੀਆਂ ਖ਼ਰੀਦਣ ਲਈ 90 ਲੱਖ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਮੈਡੀਕਲ ਵੈਨਾਂ ਵਿਚ ਡਾਕਟਰੀ ਸਹੂਲਤਾਂ ਤੇ ਦਵਾਈਆਂ ਲਈ ਵੀ 25 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿੱਖ ਧਰਮ ਨਾਲ ਜੁੜੇ ਸਕਲੀਗਰ ਅਤੇ ਵਣਜਾਰੇ ਸਿੱਖਾਂ ਦੀ ਸਹਾਇਤਾ ਲਈ 80 ਲੱਖ ਰੁਪਏ ਖਰਚੇ ਜਾਣਗੇ। ਭਾਈ ਲੌਂਗੋਵਾਲ ਨੇ ਦੱਸਿਆ ਕਿ ਬਜਟ ਵਿੱਚ ਕੈਂਸਰ ਪੀੜਤਾਂ ਲਈ ਇਸ ਵਾਰ 9 ਕਰੋੜ 50 ਲੱਖ ਰੁਪਏ, ਇਸ ਤੋਂ ਇਲਾਵਾ ਕੁਦਰਤੀ ਆਫਤਾਂ ਲਈ 61 ਲੱਖ ਰੁਪਏ, ਖ਼ਾਲਸਾਈ ਖੇਡਾਂ ਅਤੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ 63 ਲੱਖ ਰੁਪਏ, ਸਿੱਖ ਇਤਿਹਾਸ ਦੀ ਖੋਜ ਅਤੇ ਛਪਾਈ ਲਈ 65 ਲੱਖ ਰੁਪਏ ਰੱਖੇ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਸਮੁੱਚੇ ਸਿੱਖਿਆ ਬੋਰਡਾਂ ਵਿੱਚੋਂ ਪਹਿਲੀਆਂ 20 ਪੁਜੀਸ਼ਨਾਂ ’ਤੇ ਆਉਣ ਵਾਲੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਸਨਮਾਨ ਦਿੱਤਾ ਜਾਵੇਗਾ। ਧਾਰਮਿਕ ਵਿੱਦਿਆ ਦੇ ਹੋਰ ਪ੍ਰਸਾਰ ਵਾਸਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਐਮ.ਏ. ਧਰਮ ਅਧਿਐਨ, ਐਮ.ਫਿਲ ਅਤੇ ਗੁਰਮਤਿ ਵਿਚ ਪੀ.ਐਚ.ਡੀ. ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਹਾਇਤਾ ਲਈ 1 ਕਰੋੜ 50 ਲੱਖ ਰੁਪਏ ਰੱਖੇ ਹਨ। ਆਈ.ਏ.ਐਸ., ਆਈ.ਪੀ.ਐਸ. ਅਤੇ ਇਨ੍ਹਾਂ ਦੇ ਬਰਾਬਰ ਦੀਆਂ ਪ੍ਰੀਖਿਆਵਾਂ ਵਿਚ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖ ਉਮੀਦਵਾਰਾਂ ਨੂੰ ਇਕ-ਇਕ ਲੱਖ ਰੁਪਏ ਅਤੇ ਪੀ.ਸੀ.ਐਸ. ਵਿਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 75 ਹਜ਼ਾਰ ਰੁਪਏ ਦਾ ਵਿਸ਼ੇਸ਼ ਨਗਦ ਇਨਾਮ ਦਿੱਤਾ ਜਾਇਆ ਕਰੇਗਾ।। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਮਈ ਮਹੀਨੇ ਵਿਚ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆਂ ਦੀ ਜਨਮ ਸ਼ਤਾਬਦੀ ਮਨਾਉਣ ਲਈ ਵੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਕਿਤਾਬ ਵੀ ਛਪਾਈ ਜਾਵੇਗੀ। ਅੱਜ ਦੀ ਇਕੱਤਰਤਾ ਵਿੱਚ ਬਜਟ ਇਜਲਾਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਸ. ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂ ਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਮੀਤ ਸਿੰਘ ਬੂਹ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਹਰਦੇਵ ਸਿੰਘ ਰੋਂਗਲਾ, ਸ. ਰਵਿੰਦਰ ਸਿੰਘ ਚੱਕ, ਸ. ਅਮਰੀਕ ਸਿੰਘ ਸ਼ਾਹਪੁਰ ਤੇ ਬੀਬੀ ਗੁਰਪ੍ਰੀਤ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ, ਜਥੇਦਾਰ ਅਵਤਾਰ ਸਿੰਘ ਮੱਕੜ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਬੀਬੀ ਜਗੀਰ ਕੌਰ, ਸ. ਰਾਜਿੰਦਰ ਸਿੰਘ ਮਹਿਤਾ, ਸ. ਬਲਬੀਰ ਸਿੰਘ ਕੁੰਨਸ, ਸ. ਗੁਰਚਰਨ ਸਿੰਘ ਗਰੇਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਖਦੇਵ ਸਿੰਘ ਭੌਰ, ਸ. ਅਮਰੀਕ ਸਿੰਘ ਵਿਛੋਆ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜੋਧ ਸਿੰਘ ਸਮਰਾ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਬਲਵਿੰਦਰ ਸਿੰਘ ਬੈਂਸ, ਡਾ. ਰੂਪ ਸਿੰਘ ਸਕੱਤਰ ਮੁੱਖ ਸਕੱਤਰ, ਸ. ਮਨਜੀਤ ਸਿੰਘ ਸਕੱਤਰ, ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਹਾਜ਼ਰ ਸਨ।

WRITTEN BY