ਤਲਵੰਡੀ ਸਾਬੋ, 4 ਅਪ੍ਰੈਲ (ਰਾਮ ਰੇਸ਼ਮ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੋ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਧੁਨਿਕ ਤਕਨੀਕ ਨਾਲ ਬਣੇ ਲੰਗਰ ਹਾਲ ਦਾ ਉਦਘਾਟਨ ਕਰਨ ਲਈ ਪੁੱਜੇ ਸਨ ਨੇ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਉਥੇ ਸ਼੍ਰੋਮਣੀ ਕਮੇਟੀ ਮੈਂਬਰਾ ਨਾਲ ਵੀ ਸਲਾਹ ਮਸ਼ਵਰਾ ਕੀਤਾ। ਇਸੇ ਦੌਰਾਨ ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਪ੍ਰਧਾਨ ਲੌਂਗੋਵਾਲ ਨੂੰ ਹਲਕੇ ਅੰਦਰ ਬੀਤੇ ਸਮੇਂ ਤੋਂ ਉਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਧਾਰਮਿਕ ਗਤੀਵਿਧੀਆਂ ਤੋਂ ਜਾਣੂੰ ਕਰਵਾਂਉਦਿਆਂ ਕਈ ਸੰਭਾਵੀ ਗੁਰਮਤਿ ਸਮਾਗਮਾਂ ਸਬੰਧੀ ਵੀ ਉਨਾਂ ਨਾਲ ਸਲਾਹ ਕੀਤੀ। ਭਾਈ ਲੌਂਗੋਵਾਲ ਨੇ ਭਾਈ ਕੋਟਸ਼ਮੀਰ ਵੱਲੋਂ ਹਲਕੇ ਅੰਦਰ ਚਲਾਈਆਂ ਜਾ ਰਹੀਆਂ ਧਾਰਮਿਕ ਗਤੀਵਿਧੀਆਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਧਾਰਮਿਕ ਸਰਗਰਮੀਆਂ ਹੋਰ ਤੇਜ ਕਰਨ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਹਲਕਿਆਂ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ ਹਾਜ਼ਰ ਸਨ।