ਕਿਸਾਨਾਂ ਨੂੰ ਫਸਲ ਦੀ 27 ਕਰੋੜ ਦੀ ਅਦਾਇਗੀ

ਗੁਰਦਾਸਪੁਰ, 22 ਅਪ੍ਰੈਲ (ਅਰਵਿੰਦਰ ਮਠਾਰੂ)- ਡਿਪਟੀ ਕਮਿਸ਼ਨਰ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 21ਅਪ੍ਰੈਲ ਤਕ 56292 ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿਚ ਪਨਗਰੇਨ ਨੇ 12925, ਮਾਰਕਫੈਡ ਨੇ 12391, ਪਨਸਪ ਨੇ 10459, ਪੰਜਾਬ ਸਟੇਟ ਵੇਅਰ ਹਾਊਸ ਨੇ 15760, ਪੰਜਾਬ ਐਗਰੋ ਨੇ 3079, ਐਫ.ਸੀ.ਆਈ ਨੇ 1578 ਅਤੇ ਵਪਾਰੀਆਂ ਵਲੋਂ 100 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਬੰਧਿਤ ਵਿਭਾਗ ਵਲੋਂ ਕਿਸਾਨਾਂ ਨੂੰ 27.81 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ, ਜੋ ਕਿ 100 ਫੀਸਦ ਬਣਦੀ ਹੈ ਅਤੇ 91 ਪ੍ਰਤੀਸ਼ਤ ਫਸਲ ਮੰਡੀਆਂ ਵਿਚੋਂ ਚੁੱਕਾ ਦਿੱਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਦੀਆਂ 93 ਮੰਡੀਆਂ ਵਿਚ ਫਸਲ ਦੀ ਖਰੀਦਤੇ ਚੁਕਾਈ ਨੂੰ ਨਿਯਮਿਤ ਸਮੇਂ ਅੰਦਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਅਦਾਇਗੀ ਵੀ ਕਿਸਾਨਾਂ ਨੂੰ ਨਾਲੋ ਨਾਲ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਅੰਦਰ ਸਮੂਹ ਐਸ.ਡੀ.ਐਮਜ਼, ਤਹਿਸਲੀਦਾਰ ਤੇ ਸੰਬਧਿਤ ਵਿਭਾਗ ਦੇ ਅਧਿਕਾਰੀਆਂ ਤੇ ਸਟਾਫ ਤੋਂ ਇਲਾਵਾ ਫਸਲ ਦੀ ਖਰੀਦ ਤੇ ਚੁਕਾਈ ਸਬੰਧੀ ਲਗਾਤਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਫਸਲ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਨੂੰ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਤੇ ਨਾੜ ਨੂੰ ਅੱਗ ਨਾ ਲਾਈ ਜਾਵੇ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਾਈ ਜਾਵੇ ਸਗੋਂ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਵਹਾ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤਰਾਂ ਕਰਨ ਨਾਲ ਕਰਨ ਨਾਲ ਜਿਥੇ ਵਾਤਾਵਾਰਣ ਦੂਸ਼ਿਤ ਹੋਣ ਤੋਂ ਬਚਦਾ ਹੈ ਓਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ।

Send this to a friend