ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਮਨੋਜ ਭੱਲਾ)- ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਧਰਤੀ ਤੋਂ ਨਸ਼ਿਆਂ ਦਾ ਵਪਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਸ.ਪੀ. (ਜਾਂਚ) ਸ. ਹਰਪਾਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਿੱਢੀ ਗਈ ਮੁਹਿੰਮ ਅਧੀਨ ਸੀ.ਆਈ.ਏ. ਸਟਾਫ ਦੇ ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਜੀ.ਟੀ. ਰੋਡ ਮਾਧੋਪੁਰ ਚੌਂਕ ’ਤੇ ਨਾਕਾ ਲਗਾਇਆ ਹੋਇਆ ਸੀ ਤਾਂ ਤਿੰਨ ਕਥਿਤ ਦੋਸ਼ੀਆਂ ਪ੍ਰਿੰਸਦੀਪ ਸਿੰਘ ਉਰਫ ਪ੍ਰਿੰਸ ਪੁੱਤਰ ਲੇਟ ਸੁਰਿੰਦਰ ਸਿੰਘ ਵਾਸੀ ਪਿੰਡ ਨਡਿਆਲੀ ਥਾਣਾ ਬਡਾਲੀ ਆਲਾ ਸਿੰਘ, ਗੁਰਿੰਦਰ ਸਿੰਘ ਉਰਫ ਦਾਰਾ ਪੁੱਤਰ ਰਣਜੀਤ ਸਿੰਘ ਵਾਸੀ ਰੈਲੋਂ ਥਾਣਾ ਬਸੀ ਪਠਾਣਾ ਅਤੇ ਇੱਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜੇ ਵਿੱਚੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ। ਐਸ.ਪੀ. (ਜਾਂਚ) ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਉਕਤ ਤਿੰਨੇਂ ਕਥਿਤ ਦੋਸ਼ੀਆਂ ਨੂੰ ਕਾਬੂ ਵਿੱਚ ਕਰਕੇ ਉਨ੍ਹਾਂ ਵਿਰੁੱਧ ਥਾਣਾ ਸਰਹਿੰਦ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ ਅਧੀਨ ਮੁਕੱਦਮਾ ਦਰਜ਼ ਕੀਤਾ ਗਿਆ।