ਜੇਲ੍ਹ ਮੰਤਰੀ ਰੰਧਾਵਾ ਵੱਲੋਂ ਅੰਮ੍ਰਿਤਸਰ ਜੇਲ੍ਹ ਦੇ ਡੀ.ਐਸ.ਪੀ. ਤੇ ਹੈਡ ਵਾਰਡਨ ਸਨਮਾਨਤ

ਚੰਡੀਗੜ੍ਹ, 26 ਅ੍ਰਰੈਲ (ਪੰਜਾਬ ਟਾਇਮਜ਼ ਬਿਊਰੋ)- ਜੇਲ੍ਹ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸੈਂਟਰਲ ਜੇਲ੍ਹ ਅੰਮ੍ਰਿਤਸਰ ਦੇ ਡੀ.ਐਸ.ਪੀ. ਸ੍ਰੀ ਬਲਵਿੰਦਰ ਸਿੰਘ ਅਤੇ ਹੈਡ ਵਾਰਡਨ ਸ੍ਰੀ ਭਗਵੰਤ ਸਿੰਘ ਨੂੰ ਸ਼ਾਨਦਾਰ ਕਾਰਗੁਜ਼ਾਰੀ ਨਿਭਾਉਣ ਬਦਲੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਹਾਜ਼ਰ ਸਨ। ਸ. ਰੰਧਾਵਾ ਨੇ ਦੱਸਿਆ ਕਿ ਬੀਤੇ ਦਿਨੀਂ ਦੋਵਾਂ ਅਧਿਕਾਰੀਆਂ ਵੱਲੋਂ ਮੁਸਤੈਦੀ ਨਾਲ ਡਿਊਟੀ ਨਿਭਾਉਂਦਿਆਂ ਅੰਮ੍ਰਿਤਸਰ ਜੇਲ੍ਹ ਵਿੱਚ ਵਾਟਰ ਕੂਲਰ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ ਜਿਨ੍ਹਾਂ ਵਿੱਚ 1780 ਬੀੜੀਆਂ ਦੇ ਬੰਡਲ, ਤੰਬਾਕੂ ਅਤੇ ਸਿਗਰੇਟ ਦੇ 2-2 ਪੈਕੇਟ ਸ਼ਾਮਲ ਸਨ। ਸ. ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ ਅਤੇ ਜੇਲ੍ਹਾਂ ਵਿੱਚ ਕੋਈ ਵੀ ਗੈਰ ਸਮਾਜੀ ਗਤੀਵਿਧੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਖਾਸ ਕਰ ਕੇ ਨਸ਼ਿਆਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜੇਲ੍ਹ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਸੁਧਾਰ ਕਰਨ ਲਈ ਜਿੱਥੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਅਫਸਰਾਂ ਨੂੰ ਸਨਮਾਨਤ ਕੀਤਾ ਜਾਵੇਗਾ ਉਥੇ ਡਿਊਟੀ ਵਿੱਚ ਕੋਤਾਹੀ ਕਰਨ ਵਾਲਿਆਂ ਨੂੰ ਦੰਡਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਹਫਤੇ ਉਹ ਜੇਲ੍ਹ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਵਿਭਾਗ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕਰਨਗੇ।

Send this to a friend