June 21, 2026 8:38 am

ਦਿਆਲ ਸਿੰਘ ਕਾਲਜ ਦੇ ਵਿਵਾਦ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਮੰਤਰੀ ਤੇ ਕੇਂਦਰੀ ਮੰਤਰੀ ਨੂੰ ਪੱਤਰ ਲਿਖੇਗੀ : ਭਾਈ ਲੌਂਗੋਵਾਲ

ਕਾਲਜ ਕਮੇਟੀ ਦੇ ਚੇਅਰਮੈਨ ਖਿਲਾਫ ਕਾਰਵਾਈ ਕਰਨ ਦੀ ਮੰਗ

ਅੰਮ੍ਰਿਤਸਰ, 3 ਮਈ- ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵੱਲੋਂ ਕਾਲਜ ਦਾ ਨਾਂ ਬਦਲ ਕੇ ‘ਵੰਦੇ ਮਾਤਰਮ ਦਿਆਲ ਸਿੰਘ ਕਾਲਜ’ ਹੀ ਰੱਖਣ ਦੀ ਜ਼ਿਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਮਾਮਲੇ ਨੂੰ ਇਕ ਵਾਰ ਫਿਰ ਕੇਂਦਰ ਸਰਕਾਰ ਪਾਸ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਪਾਸ ਇਸ ਮਾਮਲੇ ਨੂੰ ਲੈ ਕੇ ਪਹੁੰਚ ਕੀਤੀ ਗਈ ਸੀ ਅਤੇ ਸੰਸਦ ਵਿਚ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦਿੱਤਾ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਕੱਲ ਸ੍ਰੀ ਪ੍ਰਕਾਸ਼ ਜਾਵੜੇਕਰ ਵੱਲੋਂ ਇਕ ਵਾਰ ਫਿਰ ਕਾਲਜ ਦਾ ਨਾਂ ਉਹੀ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਾਲਜ ਕਮੇਟੀ ਦੇ ਚੇਅਰਮੈਨ ਖਿਲਾਫ ਕਾਰਵਾਈ ਕਰਨ ਦੀ ਗੱਲ ਆਖੀ ਸੀ। ਪ੍ਰੰਤੂ ਇਸ ਦੇ ਬਾਵਜੂਦ ਵੀ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵੱਲੋਂ ਕਾਲਜ ਦਾ ਨਾਂ ਬਦਲਣ ਦੀ ਜ਼ਿਦ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੀ ਵੀ ਬਰਦਾਸ਼ਤ ਨਹੀਂ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਮਨੁੱਖੀ ਸ੍ਰੋਤ ਵਿਕਾਸ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਅਤੇ ਭਾਰਤੀ ਦੇ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖੇ ਜਾਣਗੇ।

Send this to a friend