June 3, 2026 5:38 am

ਪੰਜਾਬ ਬੋਰਡ ਦੇ ਸਿਲੇਬਸ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਸਖ਼ਤ

ਜੇਕਰ 10 ਦਿਨਾਂ ’ਚ ਕਿਤਾਬ ਵਾਪਸ ਨਾ ਲਈ ਤਾਂ 19 ਮਈ ਨੂੰ ਸੱਦਿਆ ਜਾਵੇਗਾ ਪੰਥਕ ਇਕੱਠ : ਭਾਈ ਲੌਂਗੋਵਾਲ

ਅੰਮ੍ਰਿਤਸਰ, 7 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਸਾਹਿਬਾਨ ਦੀ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਗਈ ਕਿ ਜੇਕਰ ਉਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੇ ਇਤਿਹਾਸ ਦੇ ਸਿਲੇਬਸ ਲਈ ਤਿਆਰ ਕੀਤੀ ਪੁਸਤਕ ਨੂੰ 10 ਦਿਨਾਂ ਦੇ ਅੰਦਰ-ਅੰਦਰ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਕਮੇਟੀ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੂਹ ਪੰਥਕ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਬੁਲਾ ਕੇ ਸਖ਼ਤ ਫੈਸਲਾ ਲਵੇਗੀ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਨੌਜੁਆਨੀ ਨੂੰ ਪੰਜਾਬ ਅਤੇ ਸਿੱਖ ਕੌਮ ਦੇ ਇਤਿਹਾਸ ਨਾਲੋਂ ਤੋੜਨ ਦੀ ਰਚੀ ਗਈ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅੱਜ ਦੀ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਨੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਸਬ-ਕਮੇਟੀ ਦਾ ਗਠਨ ਕਰੇਗੀ ਜੋ ਹਰ ਪੁਸਤਕ ’ਤੇ ਆਪਣੀ ਨਜ਼ਰ ਰੱਖੇਗੀ।
ਵਿਸ਼ੇਸ਼ ਮਤਾ- ਇਕੱਤਰਤਾ ਦੌਰਾਨ ਮੈਂਬਰ ਸਾਹਿਬਾਨ ਦੇ ਵਿਚਾਰ ਜਾਣਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਵਿਸ਼ੇਸ਼ ਮਤਾ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਸ. ਹਰਪਾਲ ਸਿੰਘ ਜੱਲਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਕਰਨੈਲ ਸਿੰਘ ਪੰਜੋਲੀ, ਇਤਿਹਾਸਕਾਰ ਡਾ. ਬਲਵੰਤ ਸਿੰਘ ਢਿੱਲੋਂ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਕਿਰਨਜੋਤ ਕੌਰ, ਭਾਈ ਗੁਰਚਰਨ ਸਿੰਘ ਗਰੇਵਾਲ, ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਲੇਬਸ ’ਚੋਂ ਸਿੱਖ ਕੌਮ ਦਾ ਇਤਿਹਾਸ ਮਨਫ਼ੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਇਕੱਤਰਤਾ ਦੌਰਾਨ 100 ਤੋਂ ਵੱਧ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਵਿਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ, ਸ. ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ, ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ, ਜਥੇਦਾਰ ਤੋਤਾ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਸ. ਪ੍ਰਤਾਪ ਸਿੰਘ ਆਦਿ ਮੌਜੂਦ ਸਨ।

Send this to a friend