ਪੰਜਾਬ ਵਿੱਚ ਬੇਸ਼ਕ ਨਸ਼ਿਆਂ ਦੀ ਤਸਕਰੀ ਨੂੰ ਹਾਲੇ ਤੱਕ ਪੂਰੀ ਤਰ੍ਹਾਂ ਠੱਲ ਨਹੀਂ ਪਈ ਪ੍ਰੰਤੂ ਬਦਲੇ ਹੋਏ ਹਾਲਾਤਾਂ ਵਿੱਚ ਨੌਜਵਾਨਾਂ ਦਾ ਨਸ਼ੇ ਛੱਡਣ ਲਈ ਰੁਝਾਨ ਵੱਧ ਰਿਹਾ ਹੈ। ਇਸ ਵਿੱਚ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਕੋਸ਼ਿਸ਼ਾਂ ਦੀ ਵੱਡੀ ਭੂਮਿਕਾ ਹੈ। ਮੀਡੀਆ ਵੀ ਇਸ ਕਾਰਜ ਵਿੱਚ ਸਹਾਈ ਹੋ ਰਿਹਾ ਹੈ। ਇਹੋ ਕਾਰਨ ਹੈ ਕਿ ਪਿਛਲੇ ਇਕ ਸਾਲ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪੰਜਾਬ ਦੇ ਨਸ਼ਾ ਛਡਾਉ ਕੇਂਦਰਾਂ ਵਿੱਚ ਇਲਾਜ ਲਈ ਆਉਣ ਵਾਲੇ ਨੌਜਵਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿੱਚ 126ਫੀਸਦੀ ਇਜ਼ਾਫਾ ਇਹ ਦੱਸਦਾ ਹੈ ਕਿ ਨੌਜਵਾਨ ਇਸ ਲਾਹਨਤ ਨੂੰ ਛੱਡਣ ਲਈ ਮਨ ਬਣਾ ਚੁੱਕੇ ਹਨ। ਸਾਲ 2016 ਵਿੱਚ 1.82 ਲੱਖ ਨੌਜਵਾਨ ਨਸ਼ਾ ਛੱਡਣ ਲਈ ਹਸਪਤਾਲਾਂ ਵਿੱਚ ਪਹੁੰਚੇ ਜਦਕਿ 2017 ਵਿੱਚ 4.12 ਲੱਖ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ। ਇਸ ਸਮੇਂ 5107 ਨਸ਼ੇ ਦੇ ਆਦੀ ਨੌਜਵਾਨ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ 17667 ਨੌਜਵਾਨ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਪਣਾ ਇਲਾਜ ਕਰਾ ਰਹੇ ਹਨ। ਨੌਜਵਾਨਾਂ ਦੇ ਨਸ਼ਾ ਛੱਡਣ ਨਾਲ ਨਸ਼ੇ ਦਾ ਕਾਰੋਬਾਰ ਵੀ ਹੌਲੀ-ਹੌਲੀ ਮੰਦਾ ਪੈ ਜਾਵੇਗਾ। ਸਰਕਾਰ ਨੂੰ ਇਸ ਗੱਲ ਲਈ ਯਤਨ ਕਰਨੇ ਚਾਹੀਦੇ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਅਫਸਰਸ਼ਾਹੀ ਜਾਂ ਨੇਤਾਵਾਂ ਵੱਲੋਂ ਸਰਪ੍ਰਸਤੀ ਨਾ ਮਿਲੇ। ਨਸ਼ਾ ਵੇਚਣ ਵਾਲਿਆਂ ਖਿਲਾਫ ਹੋਰ ਸਖਤੀ ਵਰਤਣੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਨਸ਼ੇ ਦੀ ਵਿਕਰੀ ਨੂੰ ਰੋਕਣ ਲਈ ਵਿਆਪਕ ਯਤਨ ਕੀਤੇ ਹਨ। ਇਨ੍ਹਾਂ ਯਤਨਾਂ ਦੀ ਬਦੌਲਤ ਹੀ ਹੁਣ ਪੰਜਾਬ ਵਿੱਚ ਖੁੱਲ੍ਹੇਆਮ ਨਸ਼ੇ ਨਹੀਂ ਵਿਕ ਰਹੇ। ਚੰਗਾ ਹੋਵੇਗਾ ਜੇਕਰ ਸਰਕਾਰ ਵੱਡੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਚਲਾਵੇ। ਇਸੇ ਤਰ੍ਹਾਂ ਕੌਮਾਂਤਰੀ ਸਰਹੱਦ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਵੀ ਸਖਤੀ ਨਾਲ ਠਲ੍ਹਿਆ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੇ ਗਏ ਪ੍ਰੋਗਰਾਮ ਕਾਫੀ ਪ੍ਰਭਾਵਸ਼ਾਲੀ ਹਨ। ਇਸ ਮੁਹਿੰਮ ਵਿੱਚ ਲੱਖਾਂ ਲੋਕ ਜੁੜੇ ਹੋਏ ਹਨ। ਸਰਕਾਰ ਵੱਲੋਂ ਹੁਣ ਏ.ਡੀ.ਜੀ.ਪੀ. ਸ. ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ‘ਬੱਡੀ’ ਪ੍ਰੋਗਰਾਮ ਤੋਂ ਵੀ ਵੱਡੀਆਂ ਉਮੀਦਾਂ ਹਨ। ਇਸ ਪ੍ਰੋਗਰਾਮ ਤਹਿਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾ ਕੇ ਇਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਨੂੰ ਚੁਣਿਆ ਗਿਆ ਹੈ। ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਨਸ਼ਾ ਛਡਾਉ ਕਲੀਨਿਕਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਮੀਦ ਕਰਨੀ ਚਾਹੀਦੀ ਹੈ ਕਿ ਇਨ੍ਹਾਂ ਯਤਨਾਂ ਨਾਲ ਪੰਜਾਬ ਛੇਤੀ ਹੀ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ। ਹੁਣ ਤੱਕ 4.8 ਲੱਖ ਲੋਕ ਸਵੈ-ਇੱਛਾ ਨਾਲ ਨਸ਼ਾ ਮੁਕਤੀ ਦੇ ਖਾਤਮੇ ਲਈ ਅੱਗੇ ਆ ਚੁੱਕੇ ਹਨ। ਇਸ ਨਾਲ ਨਸ਼ਾ ਨਿਗਰਾਨ ਕਮੇਟੀਆਂ ਵੀ ਮੋਰਚੇ ਸੰਭਾਲ ਰਹੀਆਂ ਹਨ। ਬਦਲੇ ਹੋਏ ਮਾਹੌਲ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨਾ ਕੋਈ ਔਖਾ ਨਹੀਂ ਹੈ। ਆਮ ਲੋਕਾਂ ਖਾਸ ਕਰਕੇ ਪੰਚਾਇਤਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਸਰਕਾਰ ਨਾਲ ਸਹਿਯੋਗ ਕਰਨਾ ਚਾਹੀਦਾ ਹੈ।
18 ਮਈ 2018 – ਬਲਜੀਤ ਸਿੰਘ ਬਰਾੜ



