Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਪਹਿਲੇ ਪਾਤਸ਼ਾਹ ਦੇ ਚਰਨ ਛੋਹ ਪ੍ਰਾਪਤ ਅਸਥਾਨਾਂ ਨੂੰ ਜੋੜਦੇ ਰਸਤਿਆਂ ਦਾ ਨਾਮ ‘ਗੁਰੂ ਨਾਨਕ ਮਾਰਗ’ ਰੱਖਣ ਦਾ ਐਲਾਨ

Share this story

550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਤਾਲਮੇਲ ਹਿੱਤ ਤਿੰਨ ਮੈਂਬਰੀ ਕਮੇਟੀ ਕਾਇਮ

ਚੰਡੀਗੜ੍ਹ, 18 ਮਈ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਸਮਾਰੋਹ ਵਜੋਂ ਮਣਾਉਣ ਦੀ ਯੋਜਨਾ ਦੇ ਹਿੱਸੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਜੋੜਦੀਆਂ ਸੜਕਾਂ ਦਾ ਨਾਮ ‘ਗੁਰੂ ਨਾਨਕ ਮਾਰਗ’ ਰੱਖਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਅੰਤਮ ਰੂਪ ਦੇਣ ਵਾਸਤੇ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਥਾਵਾਂ ਦਾ ਸਰਕਾਰ ਵੱਲੋਂ ਵਿਸ਼ੇਸ਼ ਵਿਕਾਸ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਜਨਤਕ ਸਹਿਯੋਗ ਹਾਸਲ ਕਰਨ ਵਾਸਤੇ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ ਜੋ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਵਿਸ਼ੇ ਦੁਆਲੇ ਕੇਂਦਰਿਤ ਹੋਵੇਗਾ। ਕਮੇਟੀ ਨੂੰ ਉਘੇ ਮਾਹਿਰਾਂ ਅਤੇ ਇਤਿਹਾਸਕਾਰਾਂ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਤੱਕ ਪਹੁੰਚ ਕਰਨ ਦਾ ਜ਼ਿੰਮਾ ਵੀ ਸੋਂਪਿਆ ਗਿਆ ਹੈ। ਇਹ ਕਮੇਟੀ ਸੱਭਿਆਚਾਰਕ ਮਾਮਲਿਆਂ ਅਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ, ਸਹਿਕਾਰਤਾ ਮੰਤਰੀ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਅਧਾਰਤ ਹੈ। ਇਸ ਮੌਕੇ ਮੀਟਿੰਗ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਕੂਲ ਸਿਖਿਆ ਮੰਤਰੀ ਓ.ਪੀ. ਸੋਨੀ, ਸਹਿਕਾਰਿਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਚੇਰੀ ਸਿੱਖਿਆ ਮੰਤਰੀ ਰਜੀਆ ਸੁਲਤਾਨਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਲੋਕ ਨਿਰਮਾਣ ਤੇ ਸੂਚਨਾ ਤਕਨੋਲਜੀ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ, ਕਾਰਜਵਾਹਕ ਮੁੱਖ ਸਕੱਤਰ ਐਨ.ਐਸ. ਕਲਸੀ ਤੋਂ ਇਲਾਵਾ ਉੱਘੇ ਕਵੀ ਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਹਾਜ਼ਰ ਸਨ।

WRITTEN BY