Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਗੁਰਬਾਣੀ ਪਾਠ ਬੋਧ ਸਮਾਗਮ : ਭਾਈ ਲੌਂਗੋਵਾਲ

Share this story

ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਤਾ ਸਮੇਂ ਗ੍ਰੰਥੀ ਤੇ ਅਖੰਡਪਾਠੀ ਸਨਮਾਨਿਤ

ਅੰਮ੍ਰਿਤਸਰ, 18 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ 17 ਅਪ੍ਰੈਲ ਤੋਂ ਆਰੰਭ ਕੀਤੇ ਗਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਸਮੇਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਪ੍ਰਮਾਣ ਪੱਤਰ ਅਤੇ 5100-5100 ਰੁਪਏ ਦੀ ਰਾਸ਼ੀ ਦੇ ਚੈਕ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ ਅਤੇ ਹਰ ਪਿੰਡ-ਸ਼ਹਿਰ ਦੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੀ ਮੁਕੰਮਲ ਸੰਥਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲੇ ਪੜਾਅ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਰਪ੍ਰਸਤੀ ਹੇਠ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਗੁਰਬਾਣੀ ਸੰਥਿਆ ਦੇ ਕੈਂਪ ਲਗਾਏ ਗਏ ਹਨ ਪਰ ਅਗਲੇ ਪੜਾਅ ਵਿਚ ਇਨ੍ਹਾਂ ਕੈਂਪਾਂ ਨੂੰ ਜ਼ਿਲ੍ਹਾ ਪੱਧਰ ਤੱਕ ਲਿਜਾਇਆ ਜਾਵੇਗਾ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਦੇ ਸ਼ੁੱਧ ਪਾਠ ਲਈ ਗੁਰਬਾਣੀ ਵਿਆਕਰਣ ਦੀ ਸਮਝ ਜ਼ਰੂਰੀ ਹੈ ਅਤੇ ਹਰੇਕ ਗੰ੍ਰਥੀ/ਅਖੰਡਪਾਠੀ ਨੂੰ ਇਸ ਸੇਵਾ ਵਿਚ ਆਉਣ ਤੋਂ ਪਹਿਲਾਂ ਗੁਰਬਾਣੀ ਦੀ ਮੁਕੰਮਲ ਸੰਥਿਆ ਕਰਨੀ ਚਾਹੀਦੀ ਹੈ। ਉਨ੍ਹਾਂ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਪਾਠ ਬੋਧ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਹਰ ਗ੍ਰੰਥੀ ਅਖੰਡਪਾਠੀ ਨੂੰ ਇਸ ਲਹਿਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਥਿਆ ਪ੍ਰਾਪਤ ਕਰਨ ਵਾਲੇ ਸਿੰਘਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ 175 ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਸੀ ਅਤੇ ਪ੍ਰਸੰਨਤਾ ਦੀ ਗੱਲ ਹੈ ਕਿ ਲਗਭਗ ਸਾਰੇ ਹੀ ਸਿੰਘਾਂ ਨੇ ਮਹੀਨਾ ਭਰ ਚੱਲੇ ਕੈਂਪ ਵਿਚ ਲਗਾਤਾਰ ਹਾਜ਼ਰੀ ਭਰੀ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਪ੍ਰਿੰਸੀਪਲ ਬਲਦੇਵ ਸਿੰਘ, ਪ੍ਰੋਫੈਸਰ ਮਨਜੀਤ ਕੌਰ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਪ੍ਰਮਿੰਦਰ ਸਿੰਘ ਆਦਿ ਮੌਜੂਦ ਸਨ।

WRITTEN BY