ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼, ਸਖਤ ਕਾਨੂੰਨੀ ਤੇ ਦੰਡਾਤਮਕ ਕਾਰਵਾਈ ਦੀ ਸ਼ੁਰੂਆਤ
ਚੰਡੀਗੜ੍ਹ 23 ਮਈ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਦਰਿਆ ਵਿਚ ਸੀਰਾ ਲੀਕ ਹੋਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਨਰਮੀ ਜਾਂ ਲਾਪਰਵਾਹੀ ਵਰਤੇ ਜਾਣ ਵਿਰੁਧ ਸਖਤ ਚੇਤਾਵਨੀ ਦਿੰਦੇ ਹੋਏ ਸਬੰਧਤ ਏਜੰਸੀਆਂ ਨੂੰ ਦੋਸ਼ੀਆਂ ਵਿਰੁਧ ਪ੍ਰਭਾਵਸ਼ਾਲੀ ਕਾਨੂੰਨੀ ਅਤੇ ਦੰਡਾਤਮਕ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਹਨ।
ਵਖ ਵਖ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਕਾਰਵਾਈ ਬਾਰੇ ਪ੍ਰਗਤੀ ਦਾ ਜ਼ਾਇਜਾ ਲੈਂਦੇ ਹੋਏ ਮੁਖ ਮੰਤਰੀ ਨੇ ਇਸ ਘਟਨਾ ਬਾਰੇ ਸ਼ੁਰੂ ਕੀਤੀ ਜਾਂਚ ਦੇ ਸਬੰਧ ਵਿਚ ਵਾਤਾਵਰਨ ਵਿਭਾਗ ਤੋਂ ਭਲਕ ਤਕ ਵਿਸਤ੍ਰਿਤ ਰਿਪੋਰਟ ਮੰਗੀ ਹੈ ਜਿਸ ਦੇ ਨਾਲ ਮਛੀਆਂ ਦੇ ਜੀਵਨ ਨੂੰ ਵਡਾ ਨੁਕਸਾਨ ਹੋਇਆ ਹੈ ਅਤੇ ਦਰਿਆ ਦਾ ਪਾਣੀ ਪ੍ਰਦੂਸ਼ਤ ਹੋਇਆ ਹੈ। ਇਸ ਤੋਂ ਇਲਾਵਾ ਇਸ ਨਾਲ ਫਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਨਾਂ ਦੇ ਦਖਣੀ ਜਿਲ੍ਹਿਆਂ ਵਿਚ ਨਹਿਰਾਂ ਅਧਾਰਿਤ ਜਲ-ਸਪਲਾਈ ’ਚ ਵਿਘਨ ਪਿਆ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅਜ ਇਥੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁਖ ਮੰਤਰੀ ਨੇ ਇਸ ਘਟਨਾ ਦੇ ਦੋਸ਼ਿਆਂ ਦੇ ਵਿਰੁਧ ਢਿਲ ਨਾ ਵਰਤੇ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ਿਆ ਵਿਰੁਧ ਸਖਤ ਕਾਰਵਾਈ ਕਰਨ ਲਈ ਵੀ ਆਖਿਆ ਹੈ।
ਇਸ ਮਾਮਲੇ ਦੀ ਜਾਂਚ ਕਰਨ ਵਾਲੀਆਂ ਵਖ ਵਖ ਏਜੰਸੀਆਂ ਨੂੰ ਨਿਰਦੇਸ਼ ਜ਼ਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਜਾਂਚ ਵਿਚ ਤੇਜ਼ੀ ਲਿਆਉਣ ਲਈ ਆਖਿਆ ਹੈ ਤਾਂ ਜੋ ਇਸ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਵਿਰੁਧ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾ ਸਕੇ। ਬੁਲਾਰੇ ਨੇ ਦਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ 24 ਮਈ ਨੂੰ ਇਸ ਮਾਮਲੇ ਬਾਰੇ ਰਸਮੀ ਸੁਣਵਾਈ ਕਰ ਰਿਹਾ ਹੈ। ਉਨ੍ਹਾਂ ਦਸਿਆ ਕਿ ਮਛੀਆਂ ਦੇ ਜੀਵਨ ਨੂੰ ਹੋਏ ਨੁਕਸਾਨ ਕਾਰਨ ਜੰਗਲੀ ਜੀਵ ਵਿਭਾਗ ਨੇ ਪਹਿਲਾਂ ਹੀ ਪੈਰਵੀ ਸ਼ੁਰੂ ਕਰ ਦਿਤੀ ਹੈ। ਇਸੇ ਤਰ੍ਹਾਂ ਹੀ ਜਲ ਸ੍ਰੋਤ ਵਿਭਾਗ ਨੇ ਵੀ ਨਹਿਰੀ ਅਤੇ ਡਰੇਨੇਜ਼ ਐਕਟ ਹੇਠ ਅਪਰਾਧੀਆਂ ਵਿਰੁਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।



