Skip to content
Independent perspectives. Global stories.
BREAKING

ਸਿਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ ਦੀ ਸਥਾਪਨਾ ਸਬੰਧੀ ਸਮਾਗਮ ’ਚ ਜੁੜਿਆ ਪੰਥ ਦਾ ਵਿਸ਼ਾਲ ਇਕਠ

Share this story

ਲੋਹਗੜ੍ਹ ਸਾਹਿਬ, ਬਿਲਾਸਪੁਰ, ਯਮੁਨਾਨਗਰ, 27 ਮਈ-ਸਿਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਥਾਪਤ ਕੀਤੀ ਸਿਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ, ਯਮੁਨਾਨਗਰ (ਹਰਿਆਣਾ) ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋਹਗੜ੍ਹ ਸਾਹਿਬ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਮੈਂਬਰਾਂ ਦੇ ਯਤਨਾਂ ਨਾਲ ਹੋਏ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਵਡੀ ਗਿਣਤੀ ਵਿਚ ਪ੍ਰਮੁਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਗਤਾਂ ਦੇ ਵਿਸ਼ਾਲ ਇਕਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਥਾਪਤ ਕੀਤਾ ਪਹਿਲਾ ਖ਼ਾਲਸਾ ਰਾਜ ਗੁਰੂ ਸਾਹਿਬਾਨ ਦੇ ਮਨੁਖਤਾ ਨੂੰ ਸਰੀਰਕ ਤੇ ਆਤਮਿਕ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਦਿਤੇ ਪਰਉਪਕਾਰੀ ਸਿਧਾਂਤਾਂ ਦਾ ਹੀ ਅਮਲ ਸੀ ਅਤੇ ਖ਼ਾਲਸਾ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਅਜ ਵੀ ਸਾਨੂੰ ਜਬਰ ਜ਼ੁਲਮ ਤੇ ਬੇਇਨਸਾਫ਼ੀ ਦੇ ਖ਼ਿਲਾਫ਼ ਲੜਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਖ਼ਾਲਸਾ ਰਾਜ ਦੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਵਿਸ਼ਾਲ ਪਧਰ ਉਤੇ ਮਨਾਇਆ ਜਾਇਆ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਅਸਥਾਨ ਦੇ ਵਿਕਾਸ ਲਈ 10 ਏਕੜ ਜਗ੍ਹਾ ਵਿਚ ਗੁਰਦੁਆਰਾ ਸਾਹਿਬ ਦੇ ਨਿਰਮਾਣ ਦਾ ਕਾਰਜ ਚਲ ਰਿਹਾ ਹੈ ਅਤੇ ਜਲਦੀ ਹੀ ਚਾਰ ਦੀਵਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਹਗੜ੍ਹ ਸਾਹਿਬ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਹੋਰ ਜਗ੍ਹਾ ਵੀ ਖਰੀਦੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਖਾਲਸਾ ਰਾਜ ਦੀ ਪਹਿਲੀ ਰਾਜਧਾਨੀ ਦਾ ਸਥਾਪਨਾ ਦਿਵਸ ਮਨਾਉਣ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ, ਉਥੇ ਹੀ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਆਪਣੇ ਆਪ ਵਿਚ ਇਕ ਮਿਸਾਲ ਸੀ, ਕਿਉਂਕਿ ਉਨ੍ਹਾਂ ਵਲੋਂ ਸਥਾਪਤ ਕੀਤੇ ਖ਼ਾਲਸਾ ਰਾਜ ਵਿਚ ਸਭ ਦਾ ਸਤਿਕਾਰ, ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਕਾਇਮ ਸੀ। ਉਨ੍ਹਾਂ ਕਿਹਾ ਕਿ ਖ਼ਾਲਸਾ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਸਾਨੂੰ ਆਪਣੇ ਇਤਿਹਾਸ ਤੋਂ ਸੇਧ ਲੈ ਕੇ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਲਾਮਬੰਦ ਹੋਣ ਲਈ ਪ੍ਰੇਰਿਤ ਕਰਨਾ ਹੈ। ਸ. ਬਾਦਲ ਨੇ ਕਿਹਾ ਕਿ ਕੁਝ ਲੋਕ ਸਿਖ ਕੌਮ ਨੂੰ ਪਾੜਨ ਦੇ ਯਤਨ ਵਿਚ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣਾ ਸਮੇਂ ਦੀ ਵਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਲੋਂ ਹਮੇਸ਼ਾ ਸਿਖ ਮਸਲਿਆਂ ਦੀ ਪੈਰਵਾਈ ਲਈ ਮੋਹਰੀ ਰੋਲ ਅਦਾ ਕੀਤਾ ਜਾਂਦਾ ਰਿਹਾ ਹੈ ਅਤੇ ਜਦੋਂ ਵੀ ਦੇਸ਼-ਵਿਦੇਸ਼ ਵਿਚ ਸਿਖ ਨੂੰ ਕਿਸੇ ਕਿਸਮ ਦੀ ਮੁਸ਼ਕਲ ਬਣੀ ਤਾਂ ਇਨ੍ਹਾਂ ਸੰਸਥਾਵਾਂ ਨੇ ਅਗੇ ਹੋ ਕੇ ਲੜਾਈ ਲੜੀ। ਉਨ੍ਹਾਂ ਇਸ ਮੌਕੇ ਹਰਿਆਣੇ ਦੇ ਸਿਖਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਂਸਦ ਸ. ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਤੇ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪੰਜਾਬ ਸ. ਸਿਕੰਦਰ ਸਿੰਘ ਮਲੂਕਾ, ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਜਨਰਲ ਸਕਤਰ ਸ. ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਸ. ਸ਼ਰਨਜੀਤ ਸਿੰਘ ਸੋਥਾ ਪ੍ਰਧਾਨ ਹਰਿਆਣਾ ਰਾਜ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਆਪਣੇ ਸ਼ਾਨਾਮਤੇ ਇਤਿਹਾਸ ਨਾਲ ਜੁੜਨ ਦੀ ਪ੍ਰੇਰਨਾ ਕੀਤੀ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਨੇ ਸਨਮਾਨਿਤ ਕੀਤਾ।ਇਸ ਮੌਕੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਬਾਬਾ ਸੁਖਾ ਸਿੰਘ, ਜਥੇਦਾਰ ਹਰਭਜਨ ਸਿੰਘ ਮਸਾਣਾ, ਬੀਬੀ ਮਨਜੀਤ ਕੌਰ ਗਧੋਲਾ, ਸ. ਤੇਜਿੰਦਰਪਾਲ ਸਿੰਘ ਢਿਲੋਂ, ਬੀਬੀ ਕਰਤਾਰ ਕੌਰ ਕੋਰ ਕਮੇਟੀ ਮਹਿਲਾ ਵਿੰਗ, ਬਾਬਾ ਜਸਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਬਲਦੇਵ ਸਿੰਘ ਖ਼ਾਲਸਾ, ਸ. ਗੁਰਦੀਪ ਸਿੰਘ ਭਾਨੋਖੇੜੀ, ਸ. ਸੁਖਵੰਤ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮੰਗਪ੍ਰੀਤ ਸਿੰਘ ਹਰਿਆਣਾ ਮਿਸ਼ਨ ਇੰਚਾਰਜ, ਸ. ਪਰਮਜੀਤ ਸਿੰਘ ਇੰਚਾਰਜ, ਬਾਬਾ ਰਾਜਿੰਦਰ ਸਿੰਘ, ਬਾਬਾ ਮੇਹਰ ਸਿੰਘ ਆਦਿ ਮੌਜੂਦ ਸਨ।

WRITTEN BY