Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਹਕੋਟ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਸਰਕਾਰ ਦੀਆਂ ਨੀਤੀਆਂ ਦੇ ਹੱਕ ’ਚ ਲੋਕਾਂ ਦਾ ਫਤਵਾ ਦੱਸਿਆ

Share this story

ਅਕਾਲੀ ਦਲ ਦੀ ਨਾ-ਪੱਖੀ, ਫੁੱਟਪਾਊ ਤੇ ਜ਼ਹਿਰੀ ਸਿਆਸਤ ਲੋਕਾਂ ਵੱਲੋਂ ਰੱਦ

ਚੰਡੀਗੜ੍ਹ, 31 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਉਪ-ਚੋਣ ’ਚ ਕਾਂਗਰਸ ਪਾਰਟੀ ਦੀ ਜਿੱਤ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਜਿਸ ਨਾਲ ਵਿਧਾਨ ਸਭਾ ਵਿੱਚ ਕਾਂਗਰਸ ਦਾ ਹੁਣ ਦੋ-ਤਿਹਾਈ ਬਹੁਮਤ ਹੋ ਗਿਆ ਹੈ। ਉਨ੍ਹਾਂ ਨੇ ਇਸ ਨਤੀਜੇ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਫਤਵਾ ਦੱਸਦੇ ਹੋਏ ਕਿਹਾ ਹੈ ਕਿ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨਾ-ਪੱਖੀ, ਫੁੱਟ ਪਾਊ ਤੇ ਘਿਰਣਾਮਈ ਸਿਆਸਤ ਨੂੰ ਰੱਦ ਕੀਤਾ ਅਤੇ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ। ਕਾਂਗਰਸ ਪਾਰਟੀ ਦੇ ਹਰਦੇਵ ਸਿੰਘ ਲਾਡੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਨਾਇਬ ਸਿੰਘ ਕੋਹਾੜ ਵਿਰੁੱਧ ਹੂੰਝਾ ਫੇਰੂ ਜਿੱਤ ਤੋਂ ਬਾਅਦ ਇੱਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਕੋਟ ਦੇ ਲੋਕਾਂ ਨੇ ਹਾਂ-ਪੱਖੀ ਤਬਦੀਲੀ ਅਤੇ ਵਿਕਾਸ ਦੇ ਲਈ ਵੋਟ ਪਾਈ ਹੈ ਜਿਸ ਦੇ ਵਾਸਤੇ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਉਪ-ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਨੇ ਆਪਣੇ ਨੇੜਲੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ 38,802 ਵੋਟਾਂ ਤੋਂ ਵੱਧ ਦੇ ਫਰਕ ਨਾਲ ਹਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਦਨ ਵਿੱਚ ਹੁਣ ਦੋ-ਤਿਹਾਈ ਬਹੁਮਤ ਹੋ ਜਾਣ ਕਾਰਨ ਉਨ੍ਹਾਂ ਦੀ ਸਰਕਾਰ ਬਿਨਾਂ ਕਿਸੇ ਨਕਾਰਾਤਮਕ ਵਿਰੋਧ ਦੇ ਡਰੋਂ ਅਤੇ ਅੜਿੱਕੇ ਤੋਂ ਬਿਨਾਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੋਈ ਵੀ ਕਾਨੂੰਨ ਲਿਆ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਹਾਰ ਇਹ ਦਰਸਾਉਂਦੀ ਹੈ ਕਿ ਉਹ ਲੋਕਾਂ ਵਿਚ ਆਪਣੀ ਸ਼ਾਖ ਪੂਰੀ ਤਰ੍ਹਾਂ ਗਵਾ ਚੁੱਕੀ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਚੋਣ ਮੁਹਿੰਮ ਦੇ ਸਮੁੱਚੇ ਸਮੇਂ ਦੌਰਾਨ ਸ਼ਾਹਕੋਟ ਵਿਚ ਡੇਰਾ ਲਾ ਕੇ ਬੈਠੇ ਰਹਿਣ ਦੇ ਬਾਵਜੂਦ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕਵਾਡਿਓਂ ਰੱਦ ਕਰ ਦਿੱਤਾ ਹੈ। ਚੋਣ ਨਤੀਜੇ ਦੇ ਐਲਾਨ ਤੋਂ ਬਾਅਦ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਸਮੁੱਚੇ ਦੇਸ਼ ਵਿਚ ਬੁਰੀ ਤਰ੍ਹਾਂ ਮੂੰਹ ਦੀ ਖਾਣੀ ਪਈ ਹੈ। ਇਸ ਨਾਲ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾ ਤੋਂ ਪਹਿਲਾਂ ਲੋਕਾਂ ਦੇ ਮਿਜ਼ਾਜ ਦਾ ਸਪੱਸ਼ਟ ਝਲਕਾਰਾ ਮਿਲਦਾ ਹੈ ਅਤੇ ਇਹ ਪਤਾ ਲਗਦਾ ਹੈ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੜ ਸੱਤਾ ਵਿਚ ਵਾਪਸ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਬੰਧ ਹੈ, ਮੁਲਕ ਦੇ ਸਿਆਸੀ ਪਿੜ ਵਿੱਚ ਇਸ ਪਾਰਟੀ ਦਾ ਕੋਈ ਵਜੂਦ ਨਹੀਂ ਰਹਿ ਗਿਆ। ਮੁੱਖ ਮੰਤਰੀ ਨੇ ਸ਼ਾਹਕੋਟ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਰੋਧੀਆਂ ਦੇ ਕੂੜ ਪ੍ਰਚਾਰ ਨੂੰ ਮੁੱਢੋਂ ਨਾਕਾਰ ਕੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਮੁੜ ਭਰੋਸਾ ਪ੍ਰਗਟ ਕੀਤਾ ਹੈ।

WRITTEN BY