ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਤੇ ਗਿਆਨੀ ਹਰਨਾਮ ਸਿੰਘ ਦਰਦੀ ਦੀਆਂ ਤਸਵੀਰਾਂ ਤੋਂ ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਟਾਇਆ ਪਰਦਾ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਅਤੇ ਗਿਆਨੀ ਹਰਨਾਮ ਸਿੰਘ ਦਰਦੀ ਬਾਨੀ ਚੜ੍ਹਦੀ ਕਲਾ ਗਰੁੱਪ ਦੀਆਂ ਤਸਵੀਰਾਂ ਲਗਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੇ ਤੌਰ ’ਤੇ ਨਿਭਾਈ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇੇ ਅਰਦਾਸ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼ਹੀਦਾਂ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਅਤੇ ਗਿਆਨੀ ਹਰਨਾਮ ਸਿੰਘ ਦਰਦੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਰੂਪਮਾਨ ਕਰਦਾ ਉਹ ਅਸਥਾਨ ਹੈ ਜਿੱਥੋਂ ਸਿੱਖ ਇਤਿਹਾਸ, ਵਿਰਾਸਤ ਅਤੇ ਸੰਘਰਸ਼ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਗਿਆਨੀ ਹਰਨਾਮ ਸਿੰਘ ਦਰਦੀ, ਭਾਈ ਗੁਰਦੇਵ ਸਿੰਘ ਕਾਉਂਕੇ ਅਤੇ ਸ਼ਹੀਦ ਭਾਈ ਗਿਆਨ ਸਿੰਘ ਦੇ ਯੋਗਦਾਨ ਤੋਂ ਵੀ ਜਾਣੂੰ ਕਰਵਾਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ। ਭਾਈ ਗਰੇਵਾਲ ਨੇ ਕਿਹਾ ਕਿ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣਾ ਇਕ ਇਤਿਹਾਸਕ ਕਦਮ ਹੈ, ਜਿਸ ਲਈ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਕਰਦੇ ਹਨ। ਇਸੇ ਦੌਰਾਨ ਗਿਆਨੀ ਹਰਨਾਮ ਸਿੰਘ ਦਰਦੀ ਦੇ ਸਪੁੱਤਰ ਅਤੇ ਚੜ੍ਹਦੀ ਕਲਾ ਗਰੁੱਪ ਦੇ ਮੁੱਖ ਸੰਪਾਦਕ ਸ. ਜਗਜੀਤ ਸਿੰਘ ਦਰਦੀ ਨੇ ਵੀ ਆਪਣੇ ਸੰਬੋਧਨ ਰਾਹੀਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਦੌਰਾਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਅਤੇ ਗਿਆਨੀ ਹਰਨਾਮ ਸਿੰਘ ਦਰਦੀ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਖਵਰਸ਼ ਸਿੰਘ ਪੰਨੂੰ, ਭਾਈ ਗੁਰਚਰਨ ਸਿੰਘ ਗਰੇਵਾਲ, ਡਾ. ਬੀਬੀ ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸਿੰਘ ਸਾਹਿਬ ਗਿਆਨੀ ਪੂਰਨ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਗੁਰਬਚਨ ਸਿੰਘ ਲੇਹਲ ਤੇ ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਸ. ਦਰਸ਼ਨ ਸਿੰਘ ਪੀ.ਏ., ਸ. ਰਾਜਿੰਦਰ ਸਿੰਘ ਰੂਬੀ, ਸ. ਇਕਬਾਲ ਸਿੰਘ ਮੁਖੀ, ਸ. ਤਲਬੀਰ ਸਿੰਘ ਗਿੱਲ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਬੀਬੀ ਸਿਮਰਜੀਤ ਕੌਰ ਪਤਨੀ ਸ਼ਹੀਦ ਭਾਈ ਗਿਆਨ ਸਿੰਘ, ਸ. ਗੁਰਪ੍ਰੀਤ ਸਿੰਘ ਸਪੁੱਤਰ ਸ਼ਹੀਦ ਭਾਈ ਗਿਆਨ ਸਿੰਘ, ਸ. ਹਰੀ ਸਿੰਘ ਕਾਉਂਕੇ ਸਪੁੱਤਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਬੀਬੀ ਅਮਨਦੀਪ ਕੌਰ, ਸ. ਮਨਜਿੰਦਰ ਸਿੰਘ ਸਰਪੰਚ ਕਾਉਂਕੇ, ਬੀਬੀ ਜਸਵਿੰਦਰ ਕੌਰ ਦਰਦੀ, ਸ. ਹਰਪ੍ਰੀਤ ਸਿੰਘ ਦਰਦੀ, ਸ. ਸਤਬੀਰ ਸਿੰਘ ਦਰਦੀ ਆਦਿ ਮੌਜੂਦ ਸਨ।



