May 30, 2026 4:24 am

ਡੀ.ਸੀ. ਮਾਨਸਾ ਨੇ ਲਿਆ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਮਾਨਸਾ, 14 ਜੂਨ (ਨਛੱਤਰ ਸਿੰਘ ਕਾਹਨਗੜ੍ਹ, ਸੁਖਜਿੰਦਰ ਸਿੱਧੂ)- ਪੰਜਾਬ ਸਰਕਾਰ ਦੁਆਰਾ ਚਲਾਏ ਗਏ ਤੰਦਰੁਸਤ ਪੰਜਾਬ ਮਿਸ਼ਨ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਇਸ ਮਿਸ਼ਨ ਵਿਚ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਇਸ ਦੌਰਾਨ ਸ੍ਰੀ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਤੋਂ ਆਏੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਤੰਦਰੁਸਤ ਪੰਜਾਬ ਮਿਸ਼ਨ ਨੂੰ ਕਾਮਯਾਬ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਕੰਮ ਦੀਆਂ ਫੋਟੋਆਂ ਤੰਦਰੁਸਤ ਮਾਨਸਾ ਸ਼ੋਸ਼ਲ ਮੀਡੀਆ ਗਰੁੱਪ ਵਿਚ ਪੂਰੇ ਵੇਰਵੇ ਸਹਿਤ ਅਪਲੋਡ ਕੀਤੀਆਂ ਜਾਣ ਤਾਂ ਜੋ ਸਮੂਹ ਵਿਭਾਗਾਂ ਦੀ ਚੱਲ ਰਹੀ ਕਾਰਗੁਜ਼ਾਰੀ ਦਾ ਪਤਾ ਲੱਗ ਸਕੇ।ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਕਿਹਾ ਕਿ ਉਹ ਇਸ ਮਿਸ਼ਨ ਤਹਿਤ ਜਿੰਅਤੇ ਤਨਦੇਹੀ ਨਾਲ ਕੰਮ ਕਰਨ ਤਾਂ ਜ਼ੋ ਤੰਦਰੁਸਤ ਪੰਜਾਬ ਦਾ ਹੋਕਾ ਦੇ ਕੇ ਪੰਜਾਬ ਸਰਕਾਰ ਦਾ ਪੰਜਾਬ ਨੂੰ ਤੰਦਰੁਸਤ ਕਰਨ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਬੋਲਦਿਆਂ ਐਸ.ਡੀ.ਐਮ ਮਾਨਸਾ ਸ੍ਰੀ ਅਭੀਜੀਤ ਕਪਲਿਸ਼ ਨੇ ਵਿਭਾਗਾਂ ਦੇ ਅਧਿਕਾਰਆਂ ਨੂੰ ਕੰਮ ਪ੍ਰਤੀ ਬਣਾਏ ਜਾ ਰਹੇ ਸ਼ਡਿਊਲ ਸਬੰਧੀ ਦਿਸ਼ਾ ਨਿਰਦੇਸ਼ ਦਿੰਦੇਆਂ ਕਿਹਾ ਕਿ ਸ਼ਡਿਊਲ ਵਿਚ ਆਉਣ ਵਾਲੇ ਦਿਨਾਂ ਵਿਚ ਕੀਤੇ ਜਾਣ ਵਾਲੇ ਕੰਮਾਂ ਦਾ ਟੀਚਾ ਦਰਸਾਉਣਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਤੋਂ ਇਸ ਸਬੰਧੀ ਕਾਰਗੁਜ਼ਾਰੀ ਦੀ ਸੰਗਠਿਤ ਰਿਪੋਰਟ ਦੀ ਮੰਗ ਵੀ ਕੀਤੀ। ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ ਨੇ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਆਪਣੇ ਕਰਮਚਾਰੀਆਂ ਨਾਲ ਮਿਲ ਕੇ ਮੀਟਿੰਗ ਸਬੰਧੀ ਅਗਾਊਂ ਵਿਚਾਰ ਵਟਾਂਦਰਾ ਕਰਨ ਉਪਰੰਤ ਹੀ ਮੀਟਿੰਗ ਵਿਚ ਹਾਜ਼ਰ ਹੋਣ ਤਾਂ ਜੋ ਸੁਚੱਜੇ ਤੌਰ ਤੇ ਮੀਟਿੰਗ ਦੀ ਕਾਰਵਾਈ ਸਫਲਤਾਪੂਰਵਕ ਨੇਪਰੇ ਚੜ੍ਹਾਈ ਜਾ ਸਕੇ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਇਸ ਮਿਸ਼ਨ ਤਹਿਤ ਰੋਜ਼ਾਨਾ ਕੀਤੀ ਜਾ ਰਹੀ ਕਾਰਵਾਈ ਅਤੇ ਆਉਣ ਵਾਲੇ ਦਿਨਾਂ ਵਿਚ ਕੀਤੇ ਜਾਣੇ ਕੰਮਾਂ ਸਬੰਧੀ ਸ਼ਡਿਊਲ ਪੇਸ਼ ਕੀਤਾ ਗਿਆ। ਨਾਲ ਹੀ ਅਧਿਕਾਰੀਆਂ ਦੁਆਰਾ ਆਪਣੇ ਕੰਮ ਪ੍ਰਤੀ ਆ ਰਹੀਆਂ ਸਮੱਸਿਆਵਾਂ ਸ੍ਰੀ ਧਾਲੀਵਾਲ ਅੱਗੇ ਰੱਖੀਆਂ ਗਈਆਂ ਇਸ ਦੌਰਾਨ ਐਸ.ਡੀ.ਐਮ ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਏ.ਡੀ.ਸੀ. (ਵਿਕਾਸ) ਸ੍ਰੀ ਗੁਰਮੀਤ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਜ) ਸ੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Send this to a friend