ਨੀਤੀ ਆਯੋਗ ਦੀ ਮੀਟਿੰਗ ਦੌਰਾਨ ਪੰਜਾਬ ਦੇ ਸਰਹੱਦੀ ਖੇਤਰ ਦੇ ਵਿਕਾਸ ਲਈ ਯਕਮੁਸ਼ਤ ਵਿਸ਼ੇਸ਼ ਪੈਕੇਜ ਦੀ ਮੰਗ
ਨਵੀਂ ਦਿੱਲੀ, 17 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ਗਠਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਸਵਾਮੀਨਾਥਨ ਕਮੇਟੀ ਦੀ ਰਿਪੋਟਰ ਮੁਕੰਮਲ ਰੂਪ ਵਿਚ ਪ੍ਰਵਾਨ ਕੀਤੇ ਜਾਣ ਦੀ ਮਹੱਤਤਾ ਉੱਪਰ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਗਵਰਨਿੰਗ ਕਾਉਂਸਲ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਮੁੱਦਾ ਵਿਚਾਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੀ ਮੀਟਿੰਗ ਨੂੰ ਸੰਬੋਧਤ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ। ਸਹਿਕਾਰੀ ਸੰਘਵਾਦ ਦੀ ਭਾਵਨਾ ਅਨੁਸਾਰ ਕੇਂਦਰ ਵੱਲੋਂ ਸੂਬਿਆਂ ਨੂੰ ਹੋਰ ਜਿਆਦਾ ਸ਼ਕਤੀਆਂ ਦਿੱਤੇ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਉਣ ਲਈ ਕੇਂਦਰੀ ਸਹਾਇਤਾ ਦਿੱਤੇ ਜਾਣ ਦੀ ਮੰਗ ਦੁਹਰਾਈ ਉਨ੍ਹਾਂ ਨੇ ਅਮਿੰਤਸਰ ਦੇ ਜਲਿਆਂਵਾਲ੍ਹਾ ਬਾਗ਼ ਵਿਖੇ ਕਤਲੇਆਮ ਦੀ ਅਗਲੇ ਸਾਲ ਮਨਾਈ ਜਾ ਰਹੀ ਸ਼ਤਾਬਦੀ ਵਾਸਤੇ ਵੀ ਕੇਂਦਰੀ ਸਹਾਇਤਾ ਦੀ ਮੰਗ ਕੀਤੀ। ਦੇਸ਼ ਵੱਲੋਂ ਗਾਂਧੀ ਜੀ ਦਾ 150ਵਾਂ ਜਨਮ ਦਿਵਸ ਮਨਾਏ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2019 ਸਮੁੱਚੇ ਦੇਸ਼ ਲਈ ਇਤਿਹਾਸਕ ਵਰ੍ਹਾ ਹੈ। ਉਨ੍ਹਾਂ ਨੇ ਵੱਖ-ਵੱਖ ਸਮਾਰੋਹਾਂ ਨੂੰ ਮਨਾਉਣਾ ਯਕੀਨੀ ਬਨਾਉਣ ਵਾਸਤੇ ਸਮੂਹਿਕ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਪੰਜਾਬ ਦੇ ਸਰਹੱਦੀ ਇਲਾਕੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਵਾਸਤੇ ਵਿਸ਼ੇਸ਼ ਯਕਮੁਸ਼ਤ ਪੈਕੇਜ ਦੇਣ ਦੀ ਵੀ ਮੁੱਖ ਮੰਤਰੀ ਨੇ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਗਰਮ ਅੰਤਰਾਸ਼ਟਰੀ ਸਰਹੱਦ ਦੇ ਇਸ ਖਿੱਤੇ ਵਿਚ ਸੰਘਣੀ ਵਸੋ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਾ ਵਿਕਾਸ ਫੰਡ ਹੇਠ ਫੰਡਾਂ ਦੀ ਵੰਡ ਕਰਨ ਵਾਲਾ ਮਾਪਦੰਡ ਪੰਜਾਬ ਲਈ ਢੁੱਕਵਾਂ ਨਹੀਂ ਹੈ। ਉਨ੍ਹਾਂ ਨੇ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਕੇਂਦਰ ਸਰਕਾਰ ਵੱਲੋਂ ਪ੍ਰਾਪਤ ਕਰ (ਐਕਵਾਇਰ) ਲਏ ਜਾਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਹੱਦੀ ਇਲਾਕੇ ਵਿੱਚ ਸਨਅਤਾਂ ਲਈ ਰਿਆਇਤਾਂ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ ਮੀਟਿੰਗ ਸੂਬਿਆਂ ਨੂੰ ਆਪਣੇ ਪ੍ਰਾਥਮਿਕ ਖੇਤਰਾਂ ਬਾਰੇ ਵਿਚਾਰ ਰੱਖਣ ਲਈ ਇੱਕ ਢੁੱਕਵਾਂ ਮੰਚ ਹੈ। ਸੂਬੇ ਇਸ ਦੇ ਰਾਹੀਂ ਕੇਂਦਰ ਸਰਕਾਰ ਦੇ ਅੱਗੇ ਆਪਣਾ ਪੱਖ ਰੱਖ ਸਕਦੇ ਹਨ।
ਜਿਸ ਦੇ ਰਾਹੀਂ ਰਾਸ਼ਟਰ ਨਿਰਮਾਣ ਅਤੇ ਵਿਕਾਸ ਦੀ ਪ੍ਰਕਿਰਿਆ ਨੂੰ ਵਡੇਰੇ ਸੰਦਰਭ ਵਿੱਚ ਦੇਖਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਸਰਹੱਦੀ ਪੱਟੀ ਦੇ 30 ਕਿਲੋਮੀਟਰ ਦੇ ਘੇਰੇ ਵਿੱਚ ਟੈਕਸ ਰਿਆਇਤਾ ਅਤੇ ਬੜ੍ਹਾਵਾ ਦੇਣ ਵਾਲੀਆਂ ਸਕੀਮਾਂ ਦੀ ਮੰਗ ਕੀਤੀ। ਉਨ੍ਹਾਂ ਨੇ ਉੱਤਰ-ਪੂਰਵੀ ਖਿੱਤੇ ਅਤੇ ਪਹਾੜੀ ਇਲਾਕਿਆਂ ਨੂੰ ਦਿੱਤੀਆਂ ਜਾ ਰਹੀਆਂ ਇਨ੍ਹਾਂ ਸਕੀਮਾਂ ਅਤੇ ਰਿਆਇਤਾਂ ਦੀ ਤਰਜ ’ਤੇ ਹੀ ਸੂਬੇ ਨੂੰ ਇਹ ਦਿੱਤੇ ਜਾਣ ਦੀ ਮੰਗ ਉਠਾਈ ਹੈ। ਉਨ੍ਹਾਂ ਨੇ ਨੈਸ਼ਨਲ ਹਾਈਵੇਅ ਪ੍ਰੋਗਰਾਮ ਦੇ ਹੇਠ ਪੰਜਾਬ ਦੀਆਂ ਸਰਹੱਦੀ ਸੜਕਾਂ ਦੇ ਰੱਖ-ਰਖਾਓ ਅਤੇ ਵਿਸ਼ੇਸ਼ ਵਿਕਾਸ ’ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਸ਼ਹਿਰੀ ਖੇਤਰਾਂ ’ਤੇ ਜਿਆਦਾ ਧਿਆਨ ਦਿੱਤੇ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਨੀਤੀ ਆਯੋਗ ਨੂੰ ਸੂਬਿਆਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਕਸਬਿਆਂ ਦੇ ਵਧੀਆ ਪ੍ਰਬੰਧਨ ਲਈ ਨਵਾਂ ਰੂਪ ਤਿਆਰ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਸੜਕੀ ਸੰਪਰਕ ਦੇ ਖੇਤਰ ਵਿੱਚ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਦਿੱਲੀ ਤੋਂ ਕਟੜਾ ਗਰੀਨ ਫੀਲਡ ਐਕਸਪ੍ਰੈਸ ਵੇਅ ਦੀ ਪ੍ਰਵਾਨਗੀ ’ਤੇ ਵੀ ਜ਼ੋਰ ਦਿੱਤਾ ਜੋ ਕਿ ਕੇਂਦਰੀ ਏਸ਼ੀਆ ਦੇ ਲਈ ਇੱਕ ਦਵਾਰ (ਲਾਂਘਾ) ਬਣੇਗਾ। ਬੇਰੁਜ਼ਗਾਰੀ ਅਤੇ ਨੌਜਵਾਨਾਂ ਲਈ ਘੱਟ ਉਜਰਤ ਦੀ ਵੱਧ ਰਹੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਨਾਲ ਨਿਪਟਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਵੱਖ-ਵੱਖ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਲ੍ਹਾ ਇੰਟਰਪ੍ਰਾਈਜ਼ ਅਤੇ ਰੁਜ਼ਗਾਰ ਬਿਊਰੋ ਸਥਾਪਤ ਕਰ ਰਹੀ ਹੈ ਜਿਸ ਦੇ ਰਾਹੀਂ ਹੁਨਰਮੰਦ ਨੌਜਵਾਨਾਂ ਨੂੰ ‘‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ’’ ਦੇ ਹੇਠ ਰੁਜ਼ਗਾਰ ਨਾਲ ਜੋੜਿਆ ਜਾਵੇਗਾ।
ਆਪਣੇ ਭਾਸ਼ਨ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਇਕੱਠੇ ਹੋ ਕੇ ਸਮਰਪਣ ਦੀ ਭਾਵਨਾ ਨਾਲ ਰਾਸ਼ਟਰ ਦੇ ਨਿਰਮਾਣ ਲਈ ਸੂਬਿਆਂ ਅਤੇ ਕੇਂਦਰ ਸਰਕਾਰ ਨੂੰ ਮੁੜ ਵਚਨਬੱਧ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਅੱਤ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਵੀ ਸਾਰਿਆਂ ਨੂੰ ਵਚਨਬੱਧਤਾ ਨਾਲ ਕਾਰਜ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਇਹ ਰਾਸ਼ਟਰਪਿਤਾ ਨੂੰ ਇੱਕ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਭਾਰਤ ਸਰਕਾਰ ਸਹਿਕਾਰੀ ਸੰਘਵਾਦ ਦੀ ਅਸਲ ਭਾਵਨਾ ਅਨੁਸਾਰ ਸੂਬਿਆਂ ਨੂੰ ਮਜ਼ਬੂਤ ਬਣਾਏਗੀ।



