ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਨਾਲ ਦੇਸ਼ ਖੁਸ਼ਹਾਲੀ ਤੇ ਤਰੱਕੀ ਵੱਲ ਵਧੇਗਾ : ਅਟਵਾਲ

image ਮਾਛੀਵਾੜਾ ਸਾਹਿਬ, 1 ਮਾਰਚ (ਕਰਮਜੀਤ ਸਿੰਘ ਆਜ਼ਾਦ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਐਨ.ਡੀ.ਏ. ਵੱਲੋਂ ਲੋਕ ਸਭਾ ਚੋਣਾਂ ਦੌਰਾਨ ਨਰਿੰਦਰ ਮੋਦੀ ਨੂੰ ਜੋ ਸੰਭਾਵੀ ਉਮੀਦਵਾਰ ਵਜੋਂ ਪੇਸ਼ ਕੀਤਾ ਹੈ ਉਸ ਨਾਲ ਹਰੇਕ ਵਰਗ ਦੇ ਲੋਕ ਪ੍ਰਭਾਵਿਤ ਹੋਏ ਹਨ ਕਿਉਂਕਿ ਸ੍ਰੀ ਮੋਦੀ ਦੀ ਸੋਚ ਨਾਲ ਭਾਰਤ ਦੇਸ਼ ਖੁਸ਼ਹਾਲ ਤੇ ਤਰੱਕੀ ਵੱਲ੍ਹ ਵਧੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਟਵਾਲ ਵੱਲੋਂ ਅੱਜ ਮਾਛੀਵਾੜਾ ਵਿਖੇ ਭਾਜਪਾ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਉਪ ਚੇਅਰਮੈਨ ਸੁਸੀਲ ਲੂਥਰਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਅਟਵਾਲ ਨੇ ਕਿਹਾ ਕਿ ਪੰਜਾਬ ਵਿਚ ਹੀ ਨਹੀਂ ਬਲਕਿ ਸਾਰੇ ਦੇਸ਼ ਵਿਚ ਵਿਰੋਧੀ ਸਿਆਸੀ ਪਾਰਟੀ ਕਾਂਗਰਸ ਦੀ ਹਾਲਤ ਬਹੁਤ ਹੀ ਪਤਲੀ ਹੈ ਕਿਉਂਕਿ ਯੂ.ਪੀ.ਏ. ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਅਰਬਾਂ ਰੁਪਏ ਦੇ ਘਪਲਿਆਂ ਨੇ ਜਿੱਥੇ ਸਾਰੇ ਰਿਕਾਰਡ ਤੋੜ ਦਿੱਤੇ ਉਥੇ ਲੋਕਾਂ ਨੂੰ ਇਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਪਤਾ ਲੱਗ ਗਿਆ ਹੈ ਕਿ ਇਹ ਸਰਕਾਰ ਜੇ ਦੁਬਾਰਾ ਸੱਤਾ ਵਿਚ ਆਈ ਤਾਂ ਫਿਰ ਉਨਾਂ ਨੂੰ ਰੱਜ ਕੇ ਲੁੱਟੇਗੀ ਤੇ ਕੁੱਟੇਗੀ। ਸ੍ਰੀ ਅਟਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜੋ ਸੂਬੇ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ ਉਸਨੂੰ ਦੇਖਦੇ ਹੋਏ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਰੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ ਤੇ ਕਾਂਗਰਸ ਦਾ ਬਿਸਤਰਾ ਗੋਲ ਕਰ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ, ਐਸ.ਐਸ. ਬੋਰਡ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰ, ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮੇਹਲੋਂ, ਸਰਕਲ ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਨਗਰ ਕੌਂਸਲ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ, ਬਾਬਾ ਜਗਰੂਪ ਸਿੰਘ ਸਾਹਨੇਵਾਲ ਆਦਿ ਵੀ ਮੌਜੂਦ ਸਨ।

Send this to a friend