Skip to content
Independent perspectives. Global stories.
BREAKING

ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ

Share this story

ਕੁਰਬਾਨੀ ਉਹ ਮਹਾਨ ਹੁੰਦੀ ਹੈ, ਜਿਸ ਦੇ ਪਿੱਛੇ ਉਦੇਸ਼ ਮਹਾਨ ਹੋਵੇ। ਸੰਘਰਸ਼ ਉਹ ਮਹਾਨ ਹੁੰਦਾ ਹੈ ਜੋ ਕਿਸੇ ਉਦੇਸ਼ ਦੀ ਪੂਰਤੀ ਲਈ ਹੋਵੇ। ਨਿਆਂਸ਼ੀਲ ਹੋਣਾ ਗੁਰੂ ਦੇ ਸਿੱਖ ਦਾ ਮੂਲ ਆਸ਼ਾ ਹੈ, ਇਸ ਲਈ ਸਿੱਖ ਜਿਥੇ ਕਿਤੇ ਵੀ ਜਬਰ, ਜ਼ੁਲਮ, ਅੱਤਿਆਚਾਰ ਜਾਂ ਧੱਕੇਸ਼ਾਹੀ ਹੁੰਦੀ ਦੇਖਦਾ ਹੈ, ਉਸ ਦਾ ਵਿਰੋਧ ਕਰਨਾ ਉਹ ਆਪਣਾ ਪਰਮ ਕਰਤੱਵ ਸਮਝਦਾ ਹੈ। ਭਾਵੇਂ ਉਸ ਨੂੰ ਸ਼ਹੀਦੀ ਵੀ ਦੇਣੀ ਪੈ ਜਾਵੇ। ਸਿੱਖ ਇਤਿਹਾਸ ਅਜਿਹੀਆਂ ਸ਼ਹੀਦੀਆਂ ਨਾਲ ਭਰਿਆ ਪਿਆ ਹੈ।
1708 ਈ: ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਦਾ ਪਾਲਣ ਕਰਨ ਲਈ ਜਦ ਬਾਬਾ ਬੰਦਾ ਸਿੰਘ ਜੀ ਪੰਜਾਬ ਆਏ ਤਾਂ ਉਨ੍ਹਾਂ ਕੋਲ ਗੁਰੂ ਜੀ ਵੱਲੋਂ ਮਿਲੇ ਪੰਜ ਤੀਰ, ਖੰਡਾ ਤੇ ਨਗਾਰਾ ਸੀ:
ਬੰਦੇ ਗੁਰ ਖੰਡਾ ਦਯੋ, ਲਯੋ ਓਨੈ ਗਲ ਪਾਇ।
ਖਾਲਸੋ ਦੇਖ ਸੁ ਵਿਟਰਯੋ ਤਿਨ ਖੰਡੋ ਲਯੋ ਛਿਨਾਇ। (ਪੰਥ ਪ੍ਰਕਾਸ਼)
ਸਲਾਹ-ਮਸ਼ਵਰਾ ਕਰਨ ਲਈ ਗੁਰੂ ਸਾਹਿਬ ਨੇ ਪੰਜ ਪਿਆਰੇ ਭਾਈ ਬਿਨੋਦ ਸਿੰਘ, ਭਾਈ ਕਾਹਨ ਸਿੰਘ, ਭਾਈ ਬਾਜ ਸਿੰਘ, ਭਾਈ ਦਇਆ ਸਿੰਘ ਤੇ ਭਾਈ ਰਣ ਸਿੰਘ ਨਾਲ ਤੋਰੇ। ਇਨ੍ਹਾਂ ਤੋਂ ਇਲਾਵਾ 20 ਸਿੰਘ ਹੋਰ ਨਾਲ ਭੇਜੇ। ਇਨ੍ਹਾਂ 25 ਸਿੰਘਾਂ ਦੇ ਕਾਫਲੇ ਨੇ ਪੰਜਾਬ ਵੱਲ ਹਨ੍ਹੇਰੀ ਦੀ ਤਰ੍ਹਾਂ ਕੂਚ ਕੀਤਾ। ਦਿੱਲੀ ਪਾਰ ਕਰਦਿਆਂ ਹੀ ਸਿੱਖ ਸੰਗਤਾਂ ਨੂੰ ਹੁਕਮਨਾਮੇ ਭੇਜੇ ਗਏ। ਸਿੱਖ ਸੰਗਤਾਂ ਹੁਕਮ ਦਾ ਪਾਲਣ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਸੁਆਗਤ ਲਈ ਅੱਗੇ ਆ ਗਈਆਂ। ਗੁਰੂ ਸਾਹਿਬ ਦੇ ਪਰਿਵਾਰ ਦੀਆਂ ਸ਼ਹੀਦੀਆਂ ਦੇ ਜ਼ਖਮ ਸਿੱਖ ਸੰਗਤਾਂ ਵਿਚ ਅਜੇ ਤਾਜੇ ਸਨ। ਉਹ ਕੁਝ ਸਮੇਂ ਦੇ ਅੰਦਰ ਹੀ ਬਾਬਾ ਬੰਦਾ ਸਿੰਘ ਬਹਾਦਰ ਦੇ ਝੰਡੇ ਥੱਲੇ ਇਕੱਠੇ ਹੋ ਗਏ, ਉਨ੍ਹਾਂ ਨੇ ਰਣ-ਭੂਮੀ ਵਿਚ ਆਪਣਾ ਨਾਹਰਾ ‘ਰਾਜ ਕਰੇਗਾ ਖਾਲਸਾ’ ਨਿਸ਼ਚਿਤ ਕਰ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਦੇ ਸਮਕਾਲੀ ਮੁਸਲਮਾਨ ਲੇਖਕ ਮੁਹੰਮਦ ਕਾਸਿਮ ਲਾਹੌਰੀ ਦੇ ਲਿਖਤ ‘ਇਬਰਤਨਾਮਾ’ (ਰਚਿਤ 1722 ਈ:) ਅਨੁਸਾਰ ‘‘ਸਿੱਖਾਂ ਤੇ ਮੁਗਲਾਂ ਵਿਚਕਾਰ ਘੋਲ, ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਉਪਰੰਤ ਸ਼ੁਰੂ ਹੋਇਆ ਤੇ ਇਸ ਨੂੰ ਸ਼ੁਰੂ ਕਰਨ ਵਾਲਾ ਬਾਬਾ ਬੰਦਾ ਸਿੰਘ ਬਹਾਦਰ ਸੀ।ੂ ਇਸ ਪ੍ਰਕਾਰ ਬਾਬਾ ਬੰਦਾ ਸਿੰਘ ਬਹਾਦਰ ਨੇ ਪੰਜਾਬ ਦੀ ਸਿਆਸਤ ਵਿਚ ਪਹਿਲੀ ਵਾਰ ਸਰਗਰਮ ਧਮਾਕਾ ਛੱਡਿਆ। ਇਸ ਧਮਾਕੇ ਨੂੰ ‘ਅਜਬ ਬਲਾ’ ਕਹਿਣ ਵਾਲੇ ਸਰਕਾਰੀ ਮੁਸਲਮਾਨ ਲੇਖਕ ਇਸ ਗੱਲ ਦੀ ਪ੍ਰੋੜ੍ਹਤਾ ਕਰਦੇ ਹਨ ਕਿ ਪੰਜਾਬ ਦੀ ਸਿਆਸਤ ਵਿਚ ਬੰਦਾ ਸਿੰਘ ਨੇ ਅਜਿਹੀ ਹਲਚਲ ਮਚਾਈ ਕਿ ਮੁਗ਼ਲਾਂ ਨੂੰ ਵਿਸ਼ਵਾਸ ਨਹੀਂ ਆ ਸਕਦਾ ਸੀ ਕਿ ਇਸ ਤਰ੍ਹਾਂ ਵੀ ਹੋ ਸਕਦਾ ਹੈ।
ਹੈਰਾਨੀ ਵਾਲੀ ਗੱਲ ਇਹ ਹੈ ਕਿ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਪੰਜਾਬ ਆਏ ਤਾਂ ਉਨ੍ਹਾਂ ਕੋਲ 25 ਸਿੰਘਾਂ ਤੋਂ ਇਲਾਵਾ ਨਾ ਤਾਂ ਕੋਈ ਫੌਜ ਸੀ ਤੇ ਨਾ ਹੀ ਸ਼ਸਤਰ, ਨਾ ਕੋਈ ਖਜ਼ਾਨਾ ਸੀ ਤੇ ਨਾ ਹੀ ਘੋੜੇ-ਹਾਥੀ। ਮੁਸਲਮਾਨ ਲਿਖਾਰੀ ਖਾਫ਼ੀ ਖਾਨ ਤੇ ਮੁਹੰਮਦ ਕਾਸਮ ਅਨੁਸਾਰ ਛੇਤੀ ਹੀ 4000 ਘੋੜ-ਸਵਾਰ ਤੇ 7800 ਸਿਪਾਹੀ ਪੈਦਲ ਉਸ ਨਾਲ ਆ ਰਲੇ। ਮਸ਼ਹੂਰ ਇਤਿਹਾਸਕਾਰ ਗੋਕਲ ਚੰਦ ਨਾਰੰਗ ਅਨੁਸਾਰ ਪੈਦਲ ਸੈਨਿਕਾਂ ਦੀ ਗਿਣਤੀ 8900 ਹੋ ਗਈ ਤੇ ਵਧਦੀ ਹੋਈ ਅੰਤ 40,000 ਤੱਕ ਪਹੁੰਚ ਗਈ। ਬਾਬਾ ਬੰਦਾ ਸਿੰਘ ਬਹਾਦਰ ਆਪਣੇ ਸਮੇਂ ਦਾ ਇਕ ਉਤਮ ਦਰਜੇ ਦਾ ਸਿੱਖ ਯੋਧਾ ਤੇ ਪਹਿਲਾ ਸਿੱਖ ਹੁਕਮਰਾਨ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਸਿੰਘਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਪੰਜਾਬ ਵਿਚ ਜੋ ਇਨਕਲਾਬ ਲਿਆਂਦਾ, ਉਹ ਇਕ ਹੈਰਾਨੀਕੁੰਨ ਇਤਿਹਾਸਕ ਹਕੀਕਤ ਹੈ। ਬਾਬਾ ਬੰਦਾ ਸਿੰਘ ਬਹਾਦਰ ਨੇ ਜਦ 1708 ਈ: ਵਿਚ ਪੰਜਾਬ ਅੰਦਰ ਪ੍ਰਵੇਸ਼ ਕੀਤਾ ਤਾਂ ਉਨ੍ਹਾਂ ਦੇ ਸਾਹਮਣੇ ਮੁੱਖ ਉਦੇਸ਼ ਮੁਗਲਾਂ ਦੇ ਰਾਜ ਦੀ ਸਮਾਪਤੀ ਤੇ ਪੰਜਾਬ ਦੀ ਉਸ ਸੁਤੰਤਰਤਾ ਨੂੰ ਬਹਾਲ ਕਰਨਾ ਸੀ ਜੋ ਸੱਤ ਸੌ ਸਾਲ ਪਹਿਲਾਂ ਗਜ਼ਨੀ ਦੇ ਤੁਰਕਾਂ ਨੇ ਮਹਿਮੂਦ ਗਜ਼ਨਵੀ ਦੇ ਅਧੀਨ ਪੰਜਾਬ ਦੇ ਹਿੰਦੂ ਲੋਕਾਂ ਤੋਂ ਖੋਹੀ ਸੀ।
ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਦੀ ਬਣਤਰ ਤੋਂ ਇਸ ਗੱਲ ਦੀ ਪ੍ਰੋੜ੍ਹਤਾ ਹੁੰਦੀ ਹੈ ਕਿ ਬਾਬਾ ਜੀ ਦਾ ਮੰਤਵ ਪੰਜਾਬ ਦੇ ਹਰ ਵਰਗ ਦੇ ਲੋਕਾਂ ਹਿੰਦੂਆਂ, ਸਿੱਖਾਂ ਤੇ ਮੁਸਲਮਾਨਾਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਕਰਨਾ ਸੀ। ਸਮਕਾਲੀ ਭਰੋਸੇਯੋਗ ਗਵਾਹੀਆਂ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ ਦੀ ਫੌਜ ਵਿਚ ਕੇਵਲ ਸਿੱਖ ਹੀ ਨਹੀਂ ਸਨ, ਘੱਟੋ-ਘੱਟ ਪੰਜ ਹਜ਼ਾਰ ਮੁਸਲਮਾਨ ਵੀ ਮੁਗਲਾਂ ਵਿਰੁੱਧ ਲੜਨ ਲਈ ਉਨ੍ਹਾਂ ਦਾ ਸਾਥ ਦੇ ਰਹੇ ਸਨ। ਈਰਾਨ, ਈਰਾਕ, ਕਾਬਲ, ਕੰਧਾਰ ਤੇ ਮੁਲਤਾਨ ਦੇ ਹਿੰਦੂ ਵੀ ਹਜ਼ਾਰਾਂ ਦੀ ਗਿਣਤੀ ਵਿਚ ਨਾਲ ਆ ਰਲੇ। ਉਦਾਸੀ ਸੰਤਾਂ ਤੇ ਮਸੰਦਾਂ ਦੇ ਪ੍ਰਚਾਰ ਸਦਕਾ ਇਹ ਲੋਕ ਕਾਫੀ ਚਿਰ ਤੋਂ ਸਿੱਖ ਧਰਮ ਵਿਚ ਪ੍ਰਵੇਸ਼ ਕਰ ਚੁੱਕੇ ਸਨ। ਪੰਜਾਬ ਵਿਚ ਆ ਕੇ ਇਹ ਅੰਮ੍ਰਿਤ ਛਕ ਕੇ ਬਾਬਾ ਬੰਦਾ ਸਿੰਘ ਦੀ ਫੌਜ ਵਿਚ ਸ਼ਾਮਲ ਹੋ ਗਏ।
ਇਨ੍ਹਾਂ ਤੋਂ ਇਲਾਵਾ ਬਾਬਾ ਜੀ ਨੇ ਅਖੌਤੀ ਪੱਛੜੀਆਂ ਸ਼੍ਰੇਣੀਆਂ ਤੇ ਦਲਿਤ ਜਾਤੀਆਂ ਨੂੰ ਵੀ ਨਾਲ ਰੱਖਿਆ। ਉਨ੍ਹਾਂ ਨੇ ਪ੍ਰਤੀਤ ਕਰ ਲਿਆ ਸੀ ਕਿ ਅੰਮ੍ਰਿਤ ਛਕਣ ਦੇ ਬਾਅਦ ਜਾਤ-ਪਾਤ ਦਾ ਭੇਦ-ਭਾਵ ਮਿਟ ਜਾਂਦਾ ਹੈ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਇਨ੍ਹਾਂ ਦੁਰਬਲ ਤੇ ਨਿਤਾਣੇ ਹੋਏ ਲੋਕਾਂ ਅੰਦਰ ਸਾਹਸ ਪੈਦਾ ਕਰਕੇ ਆਪਣੇ ਨਾਲ ਰਲਾਉਣ ਨਾਲ ਅੰਦੋਲਨ ਦੁਰਬਲ ਹੋਣ ਦੀ ਥਾਂ ਹੋਰ ਮਜ਼ਬੂਤ ਹੁੰਦਾ ਹੈ।
ਖਰਚਾ ਚਲਾਉਣ ਅਤੇ ਧਨ ਦੀ ਪੂਰਤੀ ਲਈ ਉਸ ਨੇ ਉਘੇ ਵਪਾਰੀਆਂ ਨੂੰ ਵੰਗਾਰਿਆ। ਸਭ ਨੇ ਖੁੱਲ੍ਹ ਕੇ ਮਦਦ ਕੀਤੀ। ਆਰਥਿਕ ਲੋੜਾਂ ਦੀ ਪੂਰਤੀ ਹੁੰਦਿਆਂ ਹੀ ਉਨ੍ਹਾਂ ਨੇ ਪੰਜਾਬ ’ਤੇ ਹਮਲਾ ਕਰ ਦਿੱਤਾ ਤੇ ਜਿੱਤਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਨਵੰਬਰ 11, 1709 ਈ: ਨੂੰ ਸਮਾਣਾ ’ਤੇ ਫਤਹਿ ਪ੍ਰਾਪਤ ਕੀਤੀ। ਇਸ ਤੋਂ ਬਾਅਦ ਸੋਨੀਪਤ, ਕੈਂਥਲ, ਸਮਾਣਾ, ਘੁੜਾਮ, ਠਸਕਾ, ਸ਼ਾਹਬਾਦ, ਕਪੂਰੀ ਤੇ ਸਢੌਰਾ ’ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਦੇ ਆਉਣ ਦਾ ਸੁਣ ਕੇ ਮਾਝੇ ਤੇ ਦੁਆਬੇ ਦੇ ਸਿੱਖਾਂ ਨੇ ਹਕੂਮਤ ਵਿਰੁੱਧ ਬਗ਼ਾਵਤ ਕਰ ਦਿੱਤੀ, ਕਿਉਂਕਿ ਸਿੱਖਾਂ ਦੇ ਹੌਸਲੇ ਬਹੁਤ ਬੁਲੰਦ ਹੋ ਚੁੱਕੇ ਸਨ। ਉਹ ਰੋਪੜ ਨੂੰ ਜਿੱਤ ਕੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਆ ਮਿਲੇ। ਹੁਣ ਸਿੱਖ ਆਪਣੇ ਮੁੱਖ ਨਿਸ਼ਾਨੇ ਸਰਹਿੰਦ ’ਤੇ ਜ਼ੋਰਦਾਰ ਹੱਲਾ ਬੋਲਣ ਲਈ ਕਚੀਚੀਆਂ ਲੈਣ ਲੱਗੇ। ਆਖਰ ਉਹ ਘੜੀ ਆ ਗਈ ਜਿਸ ਦਾ ਉਹ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸੂਬੇਦਾਰ ਵਜ਼ੀਰ ਖਾਂ ਨੂੰ ਸਬਕ ਸਿਖਾਉਣ ਲਈ ਸਿੱਖਾਂ ਨੇ ਚੱਪੜ-ਚਿੱੜੀ ਦਾ ਮੈਦਾਨ ਆ ਮੱਲਿਆ (ਚੱਪੜ-ਚਿੱੜੀ, ਸਰਹਿੰਦ ਤੋਂ 12 ਕੋਹ ਦੀ ਵਿੱਥ ’ਤੇ ਖਰੜ-ਲਾਂਡਰਾ ਸੜਕ ’ਤੇ ਸਥਿਤ ਹੈ)। ਸੂਬੇਦਾਰ ਵਜ਼ੀਰ ਖਾਂ ਦੀਆਂ ਫੌਜਾਂ ਸਿੱਖਾਂ ਦੇ ਤੂਫਾਨ ਨੂੰ ਰੋਕਣ ਲਈ ਅੱਗੇ ਵਧੀਆਂ। ਸਿੰਘਾਂ ਨੇ ਸਰਹਿੰਦ ’ਤੇ ਹਮਲੇ ਲਈ ਪਹਿਲਾਂ ਹੀ ਜ਼ੋਰਦਾਰ ਤਿਆਰੀਆਂ ਕੀਤੀਆਂ ਹੋਈਆਂ ਸਨ। 12 ਮਈ, 1710 ਈ: ਨੂੰ ਚੱਪੜ-ਚਿੱੜੀ ਦੇ ਮੈਦਾਨ ਵਿਚ ਜ਼ੋਰਦਾਰ ਖੂਨ-ਡੋਲ੍ਹਵਾਂ ਮੁਕਾਬਲਾ ਹੋਇਆ। ਇਸ ਭਿਆਨਕ ਲੜਾਈ ਵਿਚ ਵਜ਼ੀਰ ਖਾਂ ਮਾਰਿਆ ਗਿਆ। ਇਸ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਨੇ ’ਮਾਰ ਵਜੀਦੇ ਖਾਂ ਨੂੰ, ਧਰਤੋਂ ਭਾਰੀ ਪੰਡ ਉਤਾਰੀ’ (ਹਰਸਾ ਸਿੰਘ ਚਾਤਰ)। ਵਜ਼ੀਰ ਖਾਂ ਦੇ ਮਰਨ ਨਾਲ ਬਾਕੀ ਮੁਸਲਮਾਨ ਫੌਜਾਂ ਮੈਦਾਨ ਛੱਡ ਕੇ ਦੌੜ ਗਈਆਂ। ਦੋ ਦਿਨਾਂ ਬਾਅਦ ਸਿੱਖ ਫੌਜਾਂ 14 ਮਈ, 1710 ਈ: ਨੂੰ ਸਰਹਿੰਦ ਵਿਚ ਦਾਖਲ ਹੋਈਆਂ। ਬਾਬਾ ਬੰਦਾ ਸਿੰਘ ਬਹਾਦਰ ਨੇ ਸਿਤਮਾਂ ਦੀ ਨਗਰੀ ਸਰਹਿੰਦ ਨੂੰ ਇੱਟਾਂ ਦੇ ਢੇਰ ਵਿਚ ਬਦਲ ਦਿੱਤਾ। ਵੱਸਦਾ-ਰਸਦਾ ਸਰਹਿੰਦ ਸ਼ਹਿਰ ਖੰਡਰ ਵਿਚ ਤਬਦੀਲ ਹੋ ਗਿਆ। ਸ਼ਾਹੀ ਅਮੀਰਾਂ ਨੂੰ ਲੁੱਟਿਆ ਗਿਆ ਤੇ ਦੋਸ਼ੀਆਂ ਨੂੰ ਚੁਣ-ਚੁਣ ਕੇ ਮਾਰਿਆ ਗਿਆ। ਵਜ਼ੀਰ ਖਾਂ ਦੇ ਮਹੱਲਾਂ ਵਿੱਚੋਂ ਬਹੁਤ ਸਾਰਾ ਧਨ ਬਾਬਾ ਬੰਦਾ ਸਿੰਘ ਬਹਾਦਰ ਦੇ ਹੱਥ ਲੱਗਾ। ਸਰਹਿੰਦ ਦੀ ਜਿੱਤ ਨੇ ਅਹਿਮਦ ਸ਼ਾਹ ਅਬਦਾਲੀ ਦੇ ਇਸ ਕਥਨ ਨੂੰ ਕਿ ’ਸਿੱਖਾਂ ’ਚੋਂ ਹਕੂਮਤ ਦੀ ਬੋ ਆਉਂਦੀ ਹੈ’ ਨੂੰ ਸਹੀ ਸਿੱਧ ਕਰ ਦਿਖਾਇਆ।
ਸਰਹਿੰਦ ’ਤੇ ਮੁਕੰਮਲ ਕਬਜ਼ਾ ਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਮਲੇਰਕੋਟਲੇ ਵੱਲ ਵਧਿਆ। ਪ੍ਰੰਤੂ ਸਾਹਿਬਜ਼ਾਦਿਆਂ ਵੱਲੋਂ ਇਥੋਂ ਦੇ ਨਵਾਬ ਵੱਲੋਂ ਹਾਅ ਦਾ ਨਾਅਰਾ ਮਾਰਨ ਕਰਕੇ, ਇਸ ਸ਼ਹਿਰ ਨੂੰ ਕੋਈ ਨੁਕਸਾਨ ਨਾ ਪਹੁੰਚਾਇਆ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਬਜਾਏ ਮੁਖਲਿਸਗੜ੍ਹ ਨੂੰ ਆਪਣੀ ਰਾਜਧਾਨੀ ਥਾਪਿਆ ਤੇ ਆਪਣੀਆਂ ਅਗਲੀਆਂ ਮੁਹਿੰਮਾਂ ਦਾ ਅਧਾਰ ਕੇਂਦਰ ਬਣਾਇਆ। ਮੁਖਲਿਸਗੜ੍ਹ ਦਾ ਕਿਲ੍ਹਾ ਸ਼ਾਹ ਜਹਾਨ ਦੀ ਆਗਿਆ ਅਨੁਸਾਰ ਮੁਖਲਿਸ ਖਾਨ ਨੇ ਬਣਵਾਇਆ ਸੀ। ਜਿਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਨੇ ਇਸ ਕਿਲ੍ਹੇ ਉਤੇ ਕਬਜ਼ਾ ਕੀਤਾ ਤਾਂ ਇਹ ਬੜੀ ਟੁੱਟੀ-ਭੱਜੀ ਹਾਲਤ ਵਿਚ ਸੀ, ਛੇਤੀ ਹੀ ਇਸ ਦੀ ਮੁਰੰਮਤ ਕੀਤੀ ਤੇ ਇਸ ਦਾ ਨਾਂ ਲੋਹਗੜ੍ਹ ਰੱਖਿਆ ਗਿਆ। ਸਰਹਿੰਦ ਦਾ ਖਜ਼ਾਨਾ, ਸਾਰੀਆਂ ਮੁਹਿੰਮਾਂ ਵਿਚ ਪ੍ਰਾਪਤ ਹੋਇਆ। ਮਾਲ-ਅਸਬਾਬ ਤੇ ਜੰਗੀ ਸਮਾਨ ’ਤੇ ਕਬਜ਼ੇ ਹੇਠ ਆਏ ਇਲਾਕਿਆਂ ਤੋਂ ਉਗਰਾਹਿਆ ਹੋਇਆ ਮਾਮਲਾ ਸਭ ਇਥੇ ਇਕੱਠੇ ਕੀਤੇ ਗਏ। ਅਸਲੀ ਅਰਥਾਂ ਵਿਚ ਲੋਹਗੜ੍ਹ ਸਿੰਘਾਂ ਦੇ ਨਵੇਂ ਬਣ ਰਹੇ ਰਾਜ ਦੀ ਰਾਜਧਾਨੀ ਬਣ ਗਿਆ। ਫੌਜੀ ਨਜ਼ਰੀਏ ਤੋਂ ਇਸ ਜਗ੍ਹਾ ਦੀ ਚੋਣ ਕਾਫੀ ਬੁੱਧੀਮਾਨੀ ਵਾਲੀ ਸੀ, ਕਿਉਂਕਿ ਸੁਰੱਖਿਆ ਪੱਖੋਂ ਇਹ ਮੁੱਖ ਮਾਰਗ ਤੋਂ ਹਟ ਕੇ ਨੀਮ ਪਹਾੜੀ ਇਲਾਕੇ ਨਾਲ ਲੱਗਣ ਕਰਕੇ ਕਾਫੀ ਸੁਰੱਖਿਅਤ ਸੀ। ਬਾਬਾ ਬੰਦਾ ਸਿੰਘ ਬਹਾਦਰ ਹੁਣ ਇਕ ਛੋਟਾ ਜਿਹਾ ਬੇਤਾਜ਼ ਬਾਦਸ਼ਾਹ ਬਣ ਗਿਆ ਸੀ। ਉਸ ਦੇ ਕੋਲ ਸ਼ਰਧਾਲੂ ਸਿੰਘਾਂ ਦੀ ਫੌਜ ਭੀ ਹੋ ਗਈ ਸੀ। ਰਾਜ-ਕਾਜ ਲਈ ਰਾਜਧਾਨੀ ਵੀ ਤੇ ਰਹਿਣ ਲਈ ਮਹਿਲ ਭੀ।
ਉਸ ਨੇ ਰਾਜ ਦੀ ਸਦੀਵੀ ਪੱਕੀ ਨਿਸ਼ਾਨੀ ਲਈ ਗੁਰੂ ਨਾਨਕ, ਗੁਰੂ ਗੋਬਿੰਦ ਸਿੰਘ ਦੇ ਨਾਂ ਦਾ ਸਿੱਕਾ ਭੀ ਜਾਰੀ ਕਰ ਦਿੱਤਾ, ਜਿਸ ’ਤੇ ਫ਼ਾਰਸੀ ਦੇ ਹੇਠ ਲਿਖੇ ਸ਼ਬਦ ਉਕਰੇ ਹੋਏ ਸਨ:-
‘ਸਿੱਕਾ ਜਦ ਬਰ ਹਰ ਦੋ ਆਲਮ
ਤੇਗਿ ਨਾਨਕ ਵਾਹਿਬ ਅਸਤ’
’ਫਤਹਿ ਗੋਬਿੰਦ ਸਿੰਘ ਸ਼ਾਹਿ-ਸ਼ਾਹਾਨ
ਫ਼ਜਲਿ ਸੱਚਾ ਸਾਹਿਬ ਅਸਤ’।
ਬਾਦਸ਼ਾਹੀ ਸਿੱਕਿਆਂ ਦੀ ਤਰ੍ਹਾਂ ਇਸ ਦੇ ਪਿਛਲੇ ਪਾਸੇ ਰਾਜਧਾਨੀ ਦੀ ਉਸਤਿਤ ਦੇ ਇਹ ਸ਼ਬਦ ਸਨ:-
ਜਰਬ ਬ-ਅਮਾਨੁ-ਦਹਿਰ, ਮੁੱਸਵਰਤ ਸ਼ਹਿਰ, ਜੀਨਤੁ-ਤਖਤੁ, ਮੁਬਾਰਕ ਬਖਤ।
ਅਰਥਾਤ: ਜਾਰੀ ਹੋਇਆ ਸੰਸਾਰ ਦੇ ਸ਼ਾਂਤੀ ਅਸਥਾਨ, ਸ਼ਹਿਰਾਂ ਦੀ ਮੂਰਤਿ, ਧੰਨਭਾਗੀ ਰਾਜਧਾਨੀ ਤੋਂ।
ਬਾਬਾ ਬੰਦਾ ਸਿੰਘ ਬਹਾਦਰ ਨੇ ਸਰਕਾਰੀ ਦਸਤਾਵੇਜ਼, ਸਨਦਾਂ ਤੇ ਪ੍ਰਵਾਨਿਆਂ ਆਦਿ ਲਈ ਮੋਹਰ ਬਣਵਾਈ, ਜਿਥੇ-ਕਿਥੇ ਮੋਹਰ ਲੱਗੀ, ਮੋਹਰ ਦੇ ਸ਼ਬਦ ਇਹ ਸਨ:-
ਦੇਗੋ ਤੇਗੋ ਫ਼ਤਹਿ ਓ ਨੁਸਰਤਿ ਬੇ-ਦਿਰੰਗ, ਯਾਫਤ ਅਜ ਨਾਨਕ ਗੁਰੂ ਗੋਬਿੰਦ ਸਿੰਘ॥
ਅਰਥਾਤ: ਦੇਗ ਤੇਗ ਜਿਤ ਸੇਵ ਨਿਰਾਲਮ, ਗੁਰੂ ਨਾਨਕ-ਗੋਬਿੰਦ ਸਿੰਘ ਤੋਂ ਪਾਈ।
(ਦੇਖੋ ਪੁਸਤਕ ’ਬੰਦਾ ਸਿੰਘ ਬਹਾਦਰ’ ਰਚਨਾ ਡਾ. ਗੰਡਾ ਸਿੰਘ, ਪੰਨਾ 59-60)
ਉਹ ਰਾਜ ਦੀ ਪ੍ਰਾਪਤੀ ਵਾਹਿਗੁਰੂ ਦੀ ਮਿਹਰ ਨਾਲ ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਦੀ ਬਖਸ਼ਿਸ ਮੰਨਦਾ ਹੈ ਤੇ ਆਪ ਦੇਗ ਤੇ ਤੇਗ਼ ਰਾਹੀਂ ਕੇਵਲ ਸੇਵਾਦਾਰ ਹੈ। ਉਸ ਲਈ ਬਖਸ਼ਿਸ਼ ਗੁਰੂ ਨਾਨਕ ਦੀ ਹੈ, ਫਤਹਿ ਗੁਰੂ ਗੋਬਿੰਦ ਸਿੰਘ ਦੀ ਤੇ ਪਾਤਸ਼ਾਹੀ ਅਕਾਲ ਪੁਰਖ ਦੀ ਹੈ।
ਬਾਬਾ ਬੰਦਾ ਸਿੰਘ ਨੇ ਅੱਗੇ ਜਿੱਤਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਜੁਲਾਈ 1710 ਵਿਚ ਗੰਗਾ ਤੇ ਜਮਨਾ ਦੇ ਮੈਦਾਨੀ ਇਲਾਕਿਆਂ ’ਤੇ ਕਬਜ਼ਾ ਕਰ ਲਿਆ। ਮਾਝੇ ਤੇ ਦੁਆਬੇ ਦੇ ਸਿੱਖ ਉਠ ਖੜ੍ਹੇ ਹੋਏ। ਅਕਤੂਬਰ 1710 ਤੱਕ ਕਿਲ੍ਹਾ ਭਗਵੰਤ ਰਾਏ ਤੇ ਭੀਲੋਵਾਲ ਭੀ ਸਿੱਖ ਫੌਜਾਂ ਦੇ ਕਬਜ਼ੇ ਵਿਚ ਆ ਗਏ। ਸਿੱਖਾਂ ਦੀ ਚੜ੍ਹਤ ਨੇ ਹਿੰਦੋਸਤਾਨ ਦੇ ਬਾਦਸ਼ਾਹ ਬਹਾਦਰ ਸ਼ਾਹ ਨੂੰ ਭੈ- ਭੀਤ ਕਰ ਦਿੱਤਾ। ਉਸ ਨੇ ਸਿੱਖਾਂ ਕੋਲੋਂ ਜਿੱਤਿਆ ਹੋਇਆ ਇਲਾਕਾ ਲੈਣ ਲਈ ਆਪ ਪੰਜਾਬ ਵੱਲ ਕੂਚ ਕੀਤਾ। ਹਾਲਾਤ ਅਨੁਸਾਰ ਸਿੱਖਾਂ ਨੂੰ ਪਿੱਛੇ ਹਟਣਾ ਪਿਆ ਤੇ ਉਹ ਪਹਾੜਾਂ ਵੱਲ ਨਿਕਲ ਗਿਆ। ਇਸੇ ਦੌਰਾਨ ਪੰਥ ਦੋਖੀ ਪਹਾੜੀ ਰਾਜੇ ਭੀਮ ਚੰਦ ਨੂੰ ਜਾ ਸੋਧਿਆ। 18 ਫਰਵਰੀ 1712 ਨੂੰ ਬਹਾਦਰ ਸ਼ਾਹ ਦੀ ਮੌਤ ਹੋ ਗਈ। ਦਿੱਲੀ ਦਾ ਬਾਦਸ਼ਾਹ ਫਰੁਖਸੀਅਰ ਇਕ ਕਮਜ਼ੋਰ ਬਾਦਸ਼ਾਹ ਸੀ, ਇਸ ਮੌਕੇ ਦਾ ਲਾਭ ਉਠਾਇਆ। ਬਾਬਾ ਬੰਦਾ ਸਿੰਘ ਨੇ ਮੁੜ ਆਪਣੀ ਤਾਕਤ ਨੂੰ ਸੰਗਠਿਤ ਕੀਤਾ ਤੇ ਕਈ ਇਲਾਕਿਆਂ ’ਤੇ ਕਬਜ਼ਾ ਕਰ ਲਿਆ। 1712 ਈ: ਨੂੰ ਸਰਹਿੰਦ ਤੇ ਲੋਹਗੜ੍ਹ ਫਿਰ ਜਿੱਤ ਲਏ। ਬਟਾਲਾ ਤੇ ਕਲਾਨੌਰ ਨੂੰ ਜਿੱਤ ਕੇ ਸਮਸ਼ ਖਾਨ ਨੂੰ ਮਾਰ ਮੁਕਾਇਆ ਅੰਤ ਗੁਰਦਾਸ ਨੰਗਲ ਦੀ ਕੱਚੀ ਗੜ੍ਹੀ ਵਿਚ ਬਾਬਾ ਬੰਦਾ ਸਿੰਘ ਤੇ ਕਈ ਹੋਰ ਸਿੰਘ ਮੁਗਲ ਫੌਜ ਦੇ ਘੇਰੇ ਵਿਚ ਆ ਗਏ। ਇਹ ਘੇਰਾ ਲੰਬਾ ਸਮਾਂ ਭਾਵ ਅੱਠ ਮਹੀਨੇ ਜਾਰੀ ਰਿਹਾ। ਘੇਰਾ ਲੰਬਾ ਹੋਣ ਕਾਰਨ ਰਾਸ਼ਨ ਦੀ ਕਮੀ ਹੋਣ ਲੱਗੀ। ਸਿਪਾਹੀ ਭੁੱਖ ਤੇ ਪਿਆਸ ਨਾਲ ਮਰਨ ਲੱਗੇ। ਉਂਝ ਤਾਂ ਸਾਰਾ ਇਤਿਹਾਸ ਹੀ ਸ਼ਹੀਦੀਆਂ ਨਾਲ ਭਰਿਆ ਪਿਆ ਹੈ ਪਰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸਿੱਖ ਇਤਿਹਾਸ ਵਿਚ ਹੀ ਨਹੀਂ ਸਗੋਂ ਸੰਸਾਰ ਦੇ ਸਮੁੱਚੇ ਇਤਿਹਾਸ ਵਿਚ ਹੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਸ਼ਹੀਦੀ ਹੈ। ਬਾਬਾ ਬੰਦਾ ਸਿੰਘ ਬਹਾਦਰ ਨੂੰ 800 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਫਿਰ ਪਿੰਜਰੇ ਵਿਚ ਬੰਦ ਕਰਕੇ ਦਿੱਲੀ ਲਿਜਾਇਆ ਗਿਆ। 15 ਮਾਰਚ 1716 ਨੂੰ ਸਿੱਖ ਕੈਦੀਆਂ ਦਾ ਕਤਲੇਆਮ ਸ਼ੁਰੂ ਹੋਇਆ ਤਕਰੀਬਨ 100 ਸਿੱਖ ਨੂੰ ਰੋਜ਼ ਕਤਲ ਕੀਤਾ ਜਾਂਦਾ। ਸਿੱਖ ਅਜਿੱਤ ਭਾਵਨਾ ਨਾਲ ਮੌਤ ਨੂੰ ਜੀ ਆਇਆਂ ਕਹਿੰਦੇ, ਖਿੜੇ ਚਿਹਰੇ ਨਾਲ ਜਲਾਦ ਨੂੰ ਸੀਸ ਭੇਂਟ ਕਰਦੇ। ਤਕਰੀਬਨ ਤਿੰਨ ਮਹੀਨੇ ਬਾਅਦ 9 ਜੂਨ 1716 ਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਿਲ੍ਹੇ ਤੋਂ ਬਾਹਰ ਲਿਆਂਦਾ ਗਿਆ ਤੇ ਜਲੂਸ ਦੀ ਸ਼ਕਲ ਵਿਚ ਕੁਤਬ-ਮੀਨਾਰ ਦੇ ਨੇੜੇ ਖਵਾਜਾ ਕੁਤਬਦੀਨ ਬਖਤਿਆਰ ਕਾਕੀ ਦੇ ਰੋਜ਼ੇ ਪਾਸ ਪਹੁੰਚਾਇਆ ਗਿਆ। ਬਹੁਤ ਸਾਰੇ ਚਸ਼ਮਦੀਦ ਗਵਾਹਾਂ ਅਨੁਸਾਰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਇਸ ਤਰ੍ਹਾਂ ਹੋਈ: ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਜ਼ਾਮ ਪਿਲਾਉਣ ਤੋਂ ਪਹਿਲਾਂ ਉਸ ਦੇ ਪੁੱਤਰ ਅਜੈ ਸਿੰਘ ਨੂੰ ਕਤਲ ਕਰਕੇ ਉਸ ਦਾ ਧੜਕਦਾ ਦਿਲ ਉਸ ਦੇ ਮੂੰਹ ਵਿਚ ਤੁੰਨਿਆ ਗਿਆ। ਫਿਰ ਜਲਾਦ ਨੇ ਉਨ੍ਹਾਂ ਦੀਆਂ ਅੱਖਾਂ ਕੱਢੀਆਂ, ਹੱਥ ਪੈਰ ਕੱਟੇ ਗਏ, ਲਾਲ ਭਖਦੇ ਜੰਬੂਰਾਂ ਨਾਲ ਸਰੀਰ ਤੋਂ ਮਾਸ ਨੋਚਿਆ ਗਿਆ ਅਤੇ ਅੰਤ ਵਿਚ ਸਿਰ ਤੇ ਧੜ ਨੂੰ ਅਲੱਗ ਕਰਕੇ ਟੁਕੜੇ-ਟੁਕੜੇ ਕਰ ਦਿੱਤੇ ਗਏ। ਜਿਥੇ ਉਹ ਸਿੱਖਾਂ ਦਾ ਮਹਾਨ ਹੁਕਮਰਾਨ ਸੀ, ਉਥੇ ਉਹ ਸਿੱਖਾਂ ਦਾ ’ਸ਼੍ਰੋਮਣੀ ਸ਼ਹੀਦ’ ਵੀ ਹੋ ਨਿੱਬੜਿਆ।
ਬਾਬਾ ਬੰਦਾ ਸਿੰਘ ਬਹਾਦਰ ਦੀ ਪੰਜਾਬ ਤੇ ਖਾਸ-ਕਰ ਸਿੱਖਾਂ ਨੂੰ ਬਹੁਤ ਵੱਡੀ ਦੇਣ ਹੈ। ਉਸ ਨੇ ਸਿਰਲੱਥ ਖਾਲਸੇ ਨੂੰ ਸੰਗਠਿਤ ਕਰਕੇ ਅਜ਼ਾਦ ਲੋਕ ਰਾਜ ਦੀ ਸਥਾਪਨਾ ਕੀਤੀ। ਫੌਜੀ ਜਰਨੈਲ ਦੇ ਤੌਰ ’ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਕੋਈ ਵੀ ਟਾਕਰਾ ਨਹੀਂ ਸੀ। ਇਹ ਪਹਿਲੀ ਵਾਰ ਸੀ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਦੱਬੇ-ਕੁਚਲੇ ਲੋਕਾਂ ਨੇ ਅਜ਼ਾਦੀ ਦਾ ਅਨੰਦ ਮਾਣਿਆ। ਉਸ ਨੇ ਹਮੇਸ਼ਾਂ ਲਈ ਸਿੱਖ ਕੌਮ ਅੰਦਰ ਅਜ਼ਾਦੀ ਦੀ ਚਿਣਗ ਲਾ ਦਿੱਤੀ ਜੋ ਕਿ ਪਿੱਛੋਂ ਜਾ ਕੇ ਸਿੱਖ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਦਾ ਕਾਰਨ ਬਣੀ। 25 ਜੂਨ ਨੂੰ ਸਿੱਖ ਕੌਮ ਦੇ ਇਸ ਬਹਾਦਰ ਜਰਨੈਲ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਅੱਜ ਲੋੜ ਹੈ ਕੌਮ ਦੇ ਇਸ ਮਹਾਨ ਜਰਨੈਲ ਦੇ ਇਤਿਹਾਸ ਤੋਂ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਵਾਉਣ ਦੀ ਤਾਂ ਕਿ ਉਹ ਆਪਣੇ ਅਮੀਰ ਵਿਰਸੇ ਤੇ ਮਾਣ ਕਰ ਸੱਕਣ।

WRITTEN BY