ਬਹਿਬਲ ਕਲਾਂ, ਬਰਗਾੜੀ ਅਤੇ ਕੁਝ ਹੋਰ ਕੇਸਾਂ ਸਬੰਧੀ ਪੜਤਾਲ ਰਿਪੋਰਟ ਗ੍ਰਹਿ ਸਕਤਰ ਤੇ ਏ.ਜੀ. ਨੂੰ ਭੇਜੀ
ਚੰਡੀਗੜ, 30 ਜੂਨ- ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿਤੀ ਹੈ। ਇਹ ਰਿਪੋਰਟ ਕਮਿਸ਼ਨ ਨੇ ਆਪਣੀ ਪੜਤਾਲ ਦੇ ਪਹਿਲੇ ਸੈਟ ਦੇ ਹਿਸੇ ਵਜੋਂ ਪੇਸ਼ ਕੀਤੀ ਹੈ।ਮੁਖ ਮੰਤਰੀ ਨੇ ਇਹ ਰਿਪੋਰਟ ਸੂਬੇ ਦੇ ਗ੍ਰਹਿ ਸਕਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜ ਦਿਤੀ ਹੈ ਅਤੇ ਉਨਾਂ ਨੂੰ ਨਿਰਧਾਰਿਤ ਸਮੇਂ ਵਿਚ ਇਸ ਦਾ ਜਾਇਜ਼ਾ ਲੈਣ ਲਈ ਆਖਿਆ ਹੈ ਤਾਂ ਜੋ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜਾ ਕੀਤਾ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਹ ਕਮਿਸ਼ਨ ਅਪ੍ਰੈਲ 2017 ਵਿਚ ਸਥਾਪਿਤ ਕੀਤਾ ਸੀ ਅਤੇ ਇਸਨੂੰ ਪਵਿਤਰ ਸ੍ਰੀ ਗੁਰੂ ਗ੍ਰੰਥ ਸਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵਖ ਵਖ ਘਟਨਾਵਾਂ ਦੀ ਜਾਂਚ ਦਾ ਕੰਮ ਸੌਂਪਿਆ ਸੀ। ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵਲੋਂ ਸਥਾਪਿਤ ਕੀਤੇ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਨੂੰ ਰਦ ਕਰਕੇ ਜਸਟਿਸ ਰਣਜੀਤ ਸਿਘ ਕਮਿਸ਼ਨ ਬਣਾਇਆ ਸੀ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਸ਼ਨੀਵਾਰ ਦੁਪਿਹਰ ਨੂੰ ਮੁਖ ਮੰਤਰੀ ਨੂੰ ਉਨਾਂ ਦੇ ਸਰਕਾਰੀ ਨਿਵਾਸ ਸਥਾਨ ਤੇ ਮਿਲੇ ਅਤੇ ਵਿਸਤ੍ਰਿਤ ਰਿਪੋਰਟ ਦਾ ਪਹਿਲਾ ਸੈਟ ਸੀਲਬੰਦ ਲਿਫ਼ਾਫ਼ੇ ਵਿਚ ਸੌਂਪਿਆ। ਇਸ ਵਿਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮਲ ਕੇ ਵਿਖੇ ਦੇ ਬੇਅਦਬੀ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੁਰਾ ਦੀ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਜਾਂਚ ਬੰਦ ਹੈ। ਇਸਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁਖ ਮੰਤਰੀ ਨੇ ਅਜਿਹੇ ਘਿਨੌਣੇ ਕਾਰਿਆਂ ਰਾਹੀਂ ਸੂਬੇ ਵਿਚ ਧਾਰਮਿਕ ਇਕਸੁਰਤਾ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਉਣ ਲਈ ਭਰੋਸਾ ਦਿਵਾਇਆ ਹੈ।



