Skip to content
Independent perspectives. Global stories.
BREAKING

ਚੰਡੀਗੜ੍ਹ ਵਿੱਚ ਪੰਜਾਬੀ ਹਿਤੈਸ਼ੀਆਂ ਵੱਲੋਂ ਲਗਾਈ ਗਈ ਪੰਚਾਇਤ

Share this story

ਨਵਜੋਤ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿੱਚ ਮਾਂ ਬੋਲੀ ਦਾ ਖੁੱਸਿਆ


ਵੱਕਾਰ ਬਹਾਲ ਕਰਨ ਲਈ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ
ਚੰਡੀਗੜ੍ਹ, 1 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਤੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿੱਚ ਪੰਜਾਬੀ ਮਾਂ ਬੋਲੀ ਦਾ ਖੁੱਸਿਆ ਵੱਕਾਰ ਹਾਸਲ ਕਰਨ ਲਈ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਪਹਿਚਾਣ ਤੇ ਗੈਰਤ ਹੈ ਅਤੇ ਜੇਕਰ ਇਸ ਨੂੰ ਗੁਆ ਬੈਠਾਂਗੇ ਤਾਂ ਸਾਡੀ ਹੋਂਦ ਹੀ ਨਹੀਂ ਰਹੇਗੀ ਇਸ ਲਈ ਮਾਂ ਬੋਲੀ ਦਾ ਰੁਤਬਾ ਬਹਾਲ ਕਰਨ ਲਈ ਅੰਦਲੋਨ ਖੜ੍ਹਾ ਕਰਨਾ ਪਵੇਗਾ ਅਤੇ ਚੰਡੀਗੜ੍ਹ ਦੀ ਇਸ ਲੜਾਈ ਵਿੱਚ ਹਰ ਪੰਜਾਬੀ ਨੂੰ ਕੁੱਦਣਾ ਪਵੇਗਾ ਤਾਂ ਹੀ ਇਸ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ। ਸ.ਸਿੱਧੂ ਨੇ ਇਹ ਸੱਦਾ ਅੱਜ ਇਥੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਹੇਠ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਰੁਤਬਾ ਦਿਵਾਉਣ ਲਈ ਸੱਦੀ ਗਈ ਪੰਜਾਬੀ ਹਿਤੈਸ਼ੀਆਂ ਦੀ ਪੰਚਾਇਤ ਦੌਰਾਨ ਸੰਬੋਧਨ ਕਰਦਿਆਂ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਾਨੂੰ ਇਕੱਠਿਆਂ ਮਿਲ ਕੇ ਲੜਨਾ ਪਵੇਗਾ ਅਤੇ ਲੋਕਾਂ ਦੇ ਰੋਹ ਅੱਗੇ ਕੋਈ ਵੀ ਸਰਕਾਰ ਜਾਂ ਪ੍ਰਸ਼ਾਸਨ ਹੋਵੇ, ਉਸ ਨੂੰ ਝੁਕਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਥੇ ਪੰਜਾਬੀ ਮਾਂ ਬੋਲੀ ਨਾਲ ਵਿਤਕਰਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਸ. ਸਿੱਧੂ ਨੇ ਦੁਨੀਆਂ ਦੇ ਕਈ ਮੁਲਕਾਂ ਦੀਆਂ ਉਦਾਹਰਨਾਂ ਦਿੰਦਿਆਂ ਦੱਸਿਆ ਕਿ ਕੋਈ ਵੀ ਮੁਲਕ ਕਿੰਨੀ ਵੀ ਤਰੱਕੀ ਕਰ ਲਵੇ ਪਰ ਉਥੋਂ ਦੇ ਵਸਨੀਕਾਂ ਨੇ ਮਾਂ ਬੋਲੀ ਨੂੰ ਕਦੇ ਵੀ ਅਣਗੌਲਿਆ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਕਾਰਟੂਨਾਂ ਦੇ ਪ੍ਰਭਾਵ ਨਾਲ ਪੰਜਾਬੀ ਮਾਂ ਬੋਲੀ ਤੋਂ ਕਿਨਾਰਾ ਕਰ ਰਹੀ ਹੈ ਜਿਸ ਲਈ ਸਾਨੂੰ ਲੋੜ ਹੈ ਕਿ ਪੰਜਾਬੀ ਵਿੱਚ ਕਾਰਟੂਨ ਬਣਾਏ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪੰਜਾਬੀ ਦੇ ਨਾਮਵਰ ਲੇਖਕਾਂ ਜਿਵੇਂ ਭਾਈ ਵੀਰ ਸਿੰਘ, ਧਨੀ ਰਾਮ ਚਾਤ੍ਰਿਕ, ਨਾਨਕ ਸਿੰਘ, ਗੁਰਬਖ਼ਸ਼ ਸਿੰਘ ਪ੍ਰੀਤਲੜੀ, ਸ਼ਿਵ ਕੁਮਾਰ ਬਟਾਲਵੀ, ਅੰਮ੍ਰਿਤਾ ਪ੍ਰੀਤਮ, ਬਲਵੰਤ ਗਾਰਗੀ ਆਦਿ ਦੇ ਜੱਦੀ ਘਰਾਂ ਨੂੰ ਜੋੜਦਾ ਸਰਕਟ ਬਣਾਇਆ ਜਾਵੇਗਾ ਅਤੇ ਬਾਹਰੋਂ ਆਉਣ ਵਾਲੇ ਪੰਜਾਬੀਆਂ ਨੂੰ ਇਨ੍ਹਾਂ ਥਾਵਾਂ ਨੂੰ ਦਿਖਾਉਣ ਲਈ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੀ ਪੀੜ੍ਹੀ ਵੱਡੇ ਲੇਖਕਾਂ ਦੀ ਜੀਵਨ ਤੋਂ ਕੋਈ ਸੇਧ ਲੈ ਸਕੇ। ਉਨ੍ਹਾਂ ਕਿਹਾ ਕਿ ਜੇਕਰ ਇੰਗਲੈਂਡ ਵਿੱਚ ਵਿਲੀਅਮ ਸ਼ੈਕਸਪੀਅਰ ਦਾ ਘਰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੋ ਸਕਦਾ ਹੈ ਤਾਂ ਸਾਡੇ ਕਿਸੇ ਪੰਜਾਬੀ ਲੇਖਕ ਦਾ ਘਰ ਕਿਉਂ ਨਹੀਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਾਰੇ ਸ਼ਹਿਰਾਂ ਦੇ ਸਾਈਨ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦੇ ਆਦੇਸ਼ ਕੀਤੇ ਜਾਣਗੇ ਅਤੇ ਪੱਤਰ ਵਿਹਾਰ ਸਿਰਫ ਪੰਜਾਬੀ ਵਿੱਚ ਲਾਜ਼ਮੀ ਕੀਤਾ ਜਾਵੇਗਾ।

WRITTEN BY