ਬਰਨਾਲਾ, 2 ਜੁਲਾਈ (ਕੁਲਦੀਪ ਗਰੇਵਾਲ)- ਆਗਾਮੀਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗਰਾਮ ਪੰਚਾਇਤ ਦੀਆਂ ਆਮ ਚੋਣਾਂ ਦੀ ਤਿਆਰੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਸ੍ਰੀ ਪਰਵੀਨ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੀਟਿੰਗ ’ਚ ਜ਼ਿਲ੍ਹੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਪੰਚਾਇਤ ਸੱਕਤਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਵੀਨ ਕੁਮਾਰ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਪੰਚਾਇਤ ਸੱਕਤਰਾਂ ਨੂੰ ਹਦਾਇਤ ਕੀਤੀ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਗਰਾਮ ਪੰਚਾਇਤਾਂ ਦੀ ਵੋਟਰ ਸੂਚੀ ਸਮੇਂ ਸਿਰ ਤਿਆਰ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਹੋਰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਤਿਆਰ ਕਰਨ ਸਮੇਂ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਸਮਾਂ ਸਾਰਣੀ ਦਾ ਖ਼ਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਨੁਮਾਇੰਦਾ ਚੁਣਨ ਲਈ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਜਾਂ ਡਰ ਤੋਂ ਵੋਟ ਪਾਉਣ ਲਈ ਵੀ ਜਾਗਰੂਕ ਕੀਤਾ ਜਾਵੇ।
ਪੰਚਾਇਤੀ ਚੋਣਾਂ ਦੀ ਤਿਆਰੀ ਲਈ ਮੀਟਿੰਗ



