Skip to content
Independent perspectives. Global stories.
BREAKING

ਪੰਜਾਬ ਮੰਤਰੀ ਮੰਡਲ ਵੱਲੋਂ ਨਸ਼ਾ ਤਸਕਰਾਂ ਨੂੰ ਸਜਾ-ਏ-ਮੌਤ ਦੀ ਸਿਫਾਰਿਸ਼

Share this story

ਕਾਨੂੰਨ ’ਚ ਸੋਧ ਲਈ ਕੇਂਦਰ ਸਰਕਾਰ ਨੂੰ ਸਿਫਾਰਸ਼ ਭੇਜਣ ਦਾ ਫੈਸਲਾ

ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਨਸ਼ਿਆਂ ਦੇ ਕਾਰੋਬਾਰੀਆਂ ਨਾਲ ਕੋਈ ਲਿਹਾਜ਼ ਨਾ ਵਰਤਣ ਲਈ ਆਪਣੇ ਦ੍ਰਿੜ ਨਿਸ਼ਚੇ ਨੂੰ ਦੁਹਰਾਉਂਦਿਆਂ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ਸਜ਼ਾ ਤੈਅ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਇਸ ਨੂੰ ਘੋਰ ਅਪਰਾਧ ਮੰਨਦਿਆਂ ਇਹ ਸਖ਼ਤ ਫੈਸਲਾ ਲਿਆ ਹੈ ਕਿਉਂ ਜੋ ਨਸ਼ਿਆਂ ਨੇ ਪੰਜਾਬ ਸਮੇਤ ਹੋਰ ਬਹੁਤ ਸਾਰੀਆਂ ਥਾਵਾਂ ’ਤੇ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਮੰਤਰੀ ਮੰਡਲ ਨੇ ਆਪਣੀ ਮੀਟਿੰਗ ਦੌਰਾਨ ਲਿਆ ਅਤੇ ਇਸ ਦੌਰਾਨ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਰਸਮੀ ਤੌਰ ’ਤੇ ਸਿਫਾਰਸ਼ ਛੇਤੀ ਭੇਜਣ ਦਾ ਵੀ ਨਿਸ਼ਚਾ ਕੀਤਾ। ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਕਾਰਜ ਸਮੂਹ ਕਾਇਮ ਕਰਨ ਦਾ ਫੈਸਲਾ ਕੀਤਾ ਜੋ ਨਸ਼ਿਆਂ ’ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਰੋਜ਼ਾਮਰਾ ਦੇ ਆਧਾਰ ’ਤੇ ਸਮੀਖਿਆ ਤੇ ਨਿਗਰਾਨੀ ਕਰੇਗਾ। ਇਹ ਵਿਸ਼ੇਸ਼ ਗਰੁੱਪ ਨਸ਼ਿਆਂ ਵਿਰੁੱਧ ਸਰਕਾਰੀ ਰਣਨੀਤੀ ਦਾ ਜਾਇਜ਼ਾ ਲੈ ਕੇ ਸਥਿਤੀ ਮੁਤਾਬਕ ਰਣਨੀਤੀ ਅਖਤਿਆਰ ਕਰੇਗਾ। ਇਸ ਗਰੁੱਪ ਵਿੱਚ ਵਧੀਕ ਮੁੱਖ ਸਕੱਤਰ (ਸਿਹਤ) ਸਤੀਸ਼ ਚੰਦਰਾ, ਡੀ.ਜੀ.ਪੀ. (ਅਮਨ ਤੇ ਕਾਨੂੰਨ) ਈਸ਼ਵਰ ਸਿੰਘ, ਡੀ.ਜੀ.ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ ਅਤੇ ਏ.ਡੀ.ਜੀ.ਪੀ. ਵਿਸ਼ੇਸ਼ ਟਾਸਕ ਫੋਰਸ ਐਚ.ਐਸ. ਸਿੱਧੂ ਸ਼ਾਮਲ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਕ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਗਿਆ ਅਤੇ ਵਿਸ਼ੇਸ਼ ਕਾਰਜ ਸਮੂਹ ਕੈਬਨਿਟ ਸਬ-ਕਮੇਟੀ ਨੂੰ ਸਿੱਧੇ ਤੌਰ ’ਤੇ ਰਿਪੋਰਟ ਕਰੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਸਮਾਜਿਕ ਸੁਰੱਖਿਆ ਮੰਤਰੀ ਇਸ ਸਬ-ਕਮੇਟੀ ਦੇ ਮੈਂਬਰ ਹੋਣਗੇ। ਇਹ ਕਮੇਟੀ ਹਫ਼ਤੇ ਵਿੱਚ ਇਕ ਵਾਰ ਮੀਟਿੰਗ ਕਰਕੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ ਕਰੇਗੀ।
ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਮੰਤਰੀ ਮੰਡਲ ਦੇ ਸਮੂਹ ਮੈਂਬਰਾਂ ਨੇ ਖੜ੍ਹੇ ਹੋ ਕੇ ਅਫ਼ਗਾਨਿਸਤਾਨ ਵਿੱਚ ਫਿਦਾਈਨ ਹਮਲੇ ਨਾਲ ਮਾਰੇ ਗਏ ਸਿੱਖਾਂ, ਸੂਬੇ ਵਿੱਚ ਜ਼ਿਆਦਾ ਨਸ਼ਾ ਕਰਨ ਨਾਲ ਮਾਰੇ ਨੌਜਵਾਨਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਮੀਟਿੰਗ ਵਿੱਚ ਗੈਰ-ਰਸਮੀ ਤੌਰ ’ਤੇ ਵਿਚਾਰ-ਵਟਾਂਦਰਾ ਹੋਇਆ ਜਿਸ ਦੌਰਾਨ ਗ੍ਰਹਿ ਵਿਭਾਗ ਅਤੇ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਵਜ਼ਾਰਤ ਦੇ ਮੈਂਬਰਾਂ ਨੂੰ ਸੰਖੇਪ ਵਿੱਚ ਜਾਣਕਾਰੀ ਦਿੱਤੀ। ਇਸ ਮੀਟਿੰਗ ਤੋਂ ਬਾਅਦ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਏ। ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਨਸ਼ਿਆਂ ਦੀ ਅਲਾਮਤ ਖਿਲਾਫ਼ ਪੁਲੀਸ ਦੀ ਕਾਰਵਾਈ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਵਿਰੁੱਧ ਸਖ਼ਤੀ ਨਾਲ ਡਟ ਜਾਣ ਦੀ ਹਦਾਇਤ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਮੁੱਦੇ ’ਤੇ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਜ਼ਿਆਦਾ ਨਸ਼ਾ ਲੈਣ ਨਾਲ ਹੋਈਆਂ ਮੌਤਾਂ ਦੇ ਮਾਮਲਿਆਂ ਦਾ ਵੀ ਜਾਇਜ਼ਾ ਲਿਆ ਜਿਸ ਦੌਰਾਨ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਐਚ.ਐਸ. ਸਿਧੂ ਨੇ ਮੰਨਿਆ ਕਿ ਇਹ ਚਿੰਤਾ ਦਾ ਵਿਸ਼ਾ ਹੈ। ਸ੍ਰੀ ਸਿੱਧੂ ਨੇ ਅਜਿਹੇ ਸਾਰੇ ਮਾਮਲੇ ਦੀ ਰਜਿਸਟ੍ਰੇਸ਼ਨ ਕਰਵਾਉਣ ਦਾ ਸੁਝਾਅ ਦਿੱਤਾ ਤਾਂ ਕਿ ਨਕਲੀ ਨਸ਼ਿਆਂ ਦੀ ਸਪਲਾਈ ਅਤੇ ਮੌਤ ਦਾ ਕਾਰਨ ਬਣਨ ਵਾਲੇ ਪਦਾਰਥਾਂ ਦੀ ਨਸ਼ਿਆਂ ’ਚ ਮਿਲਾਵਟ ਕਰਨ ਵਰਗੇ ਕਾਰਨਾਂ ਦੀ ਸ਼ਨਾਖ਼ਤ ਕਰਨ ਅਤੇ ਜ਼ੋਖਮ ਘਟਾਇਆ ਜਾ ਸਕੇ। ਉਨ੍ਹਾਂ ਨੇ ਅਜਿਹੇ ਸਾਰੇ ਮਾਮਲਿਆਂ ਦੀ ਵਿਸਥਾਰਤ ਜਾਂਚ ਕਰਵਾਉਣ ਲਈ ਆਖਿਆ ਅਤੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਟੀਮ ਵੱਲੋਂ ਨਸ਼ਿਆਂ ਦੀ ਅਲਾਮਤ ਵਿਰੁੱਧ ਕੀਤੇ ਜਾ ਰਹੇ ਯਤਨ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀਆਂ ਨੂੰ ਸਮਾਜਿਕ ਕਲੰਕ ਦੀਆਂ ਪ੍ਰਸਥਿਤੀਆਂ ’ਚੋਂ ਬਾਹਰ ਕੱਢਣ ਵਿੱਚ ਮਦਦ ਦੇਣ ਲਈ ਡੀ.ਏ.ਪੀ.ਓਜ਼. ਨੂੰ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।

WRITTEN BY