ਕੁਹਾੜਾ/ਸਾਹਨੇਵਾਲ, 3 ਜੁਲਾਈ (ਮਹੇਸ਼ਇੰਦਰ ਸਿੰਘ ਮਾਂਗਟ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਅਤੇ ਕਿਸਾਨੀ ਬਚਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ, ਉਥੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੀ ਸਾਥ ਦੇਵੇਗੀ। ਅੱਜ ਜਿੱਥੇ ਕਿਸਾਨਾਂ ਦੀ ਹੋਂਦ ਖਤਰੇ ਵਿੱਚ ਹੈ, ਉਥੇ ਹੀ ਰਾਜ ਸਰਕਾਰ ਅਤੇ ਮੁੱਖ ਰਾਜਨੀਤਿਕ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸ ਕੇ ਆਪਣੀ ਜੀਵਨ ਲੀਲਾ ਖਤਮ ਕਰ ਰਹੇ ਹਨ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਜੱਥੇਬੰਦੀ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਲੱਖੋਵਾਲ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਕੁੱਝ ਪੰਜਾਬ ਹਿਤੈਸ਼ੀ ਸਮਾਜ ਸੇਵਕ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ 1 ਜੁਲਾਈ 2018 ਤੋਂ 7 ਜੁਲਾਈ 2018 ਤੱਕ ਪੰਜਾਬ ਵਿੱਚ ਜੋ ਨਸ਼ਾ ਵਿਰੋਧੀ ਜਾਗਰੂਕਤਾ ਮਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੁਰਜ਼ੋਰ ਹਮਾਇਤ ਕਰਦੀ ਹੈ ਅਤੇ ਪੰਜਾਬ ਦੇ ਪਿੰਡਾਂ ਵਿੱਚ ਵਸਣ ਵਾਲੇ ਸਮੂਹ ਲੋਕਾਂ ਨੂੰ ਬੇਨਤੀ ਕਰਦੀ ਹੈ ਕਿ ਉਹ ਆਪਣੇ ਧੀਆਂ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੰਭਲਾ ਮਾਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ’ਤੇ ਲਗਾਤਾਰ ਨਿਗਰਾਨੀ ਰੱਖਣ ਤਾਂ ਕਿ ਅਸੀਂ ਆਪਣੇ ਧੀਆਂ ਪੁੱਤਰਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਰੋਕ ਸਕੀਏ।
ਭਾਕਿਯੂ ਲੱਖੋਵਾਲ ਨਸ਼ਿਆਂ ਵਿਰੁੱਧ ਮਨਾਏ ਜਾ ਰਹੇ ਹਫਤੇ ’ਚ ਦੇਵੇਗੀ ਸਾਥ : ਲੱਖੋਵਾਲ



