ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਆਸ਼ੂ ਵੱਲੋਂ ਸਮਾਰਟ ਰਾਸ਼ਨ ਕਾਰਡ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ
ਚੰਡੀਗੜ੍ਹ/ਐਸ.ਏ.ਐਸ. ਨਗਰ, 5 ਜੁਲਾਈ- ਜਨਤਕ ਵੰਡ ਪ੍ਰਣਾਲੀ ਨੂੰ ਹੋਰ ਕਾਰਗਰ ਤੇ ਇਸ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ਇੱਥੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ ਅਤੇ 16 ਹਜ਼ਾਰ ਡਿਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ 40 ਕਰੋੜ ਰੁਪਏ ਦੇ ਚੈਕ ਵੰਡਣ ਦੀ ਸ਼ੁਰੂਆਤ ਵੀ ਕੁਝ ਡਿਪੂ ਹੋਲਡਰਾਂ ਨੂੰ ਚੈਕ ਵੰਡ ਕੇ ਕੀਤੀ ਗਈ। ਇਸ ਸਬੰਧੀ ਇਥੇ ਸਥਿਤ ਕਿਸਾਨ ਵਿਕਾਸ ਚੈਂਬਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ, ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਬਾਇਓਮੀਟ੍ਰਿਕ ਆਧਾਰਤ ਇਹ ਮਸ਼ੀਨਾਂ ਰਾਸ਼ਨ ਵੰਡਣ ਦੀ ਪੁਰਾਣੀ ਪ੍ਰਣਾਲੀ ਵਿਚਲੀਆਂ ਕਮੀਆਂ ਅਤੇ ਜਾਅਲੀ ਲਾਭਪਾਤਰੀਆਂ ਨੂੰ ਹਟਾਉਣ ਵਿੱਚ ਸਹਾਈ ਸਿੱਧ ਹੋਣਗੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਡਿਪੂ ਹੋਲਡਰਾਂ ਨਾਲ ਕੀਤੇ ਵਾਅਦੇ ਨਿਭਾਏ ਹਨ ਤੇ ਹੁਣ ਡਿਪੂ ਹੋਲਡਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਕੰਮ ਕਰਦਿਆਂ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਨੂੰ ਹੋਰ ਬਿਹਤਰ ਬਣਾਉਣ।



