ਮਾਛੀਵਾੜਾ ਸਾਹਿਬ, 5 ਜੁਲਾਈ (ਭਵਨੇਸ਼ ਖੇੜਾ)- ਨਸ਼ੇ ਨਾਲ ਸਬੰਧਿਤ ਹਰ ਤਰ੍ਹਾਂ ਦੀ ਗਤੀਵਿਧੀ ਨੂੰ ਰੋਕਣ, ਇਸ ਕਾਰੋਬਾਰ ਨਾਲ ਸੰਬੰਧਤ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਸਫ਼ਲ ਕਰਨ ਲਈ ਜ਼ਿਲ੍ਹਾ ਲੁਧਿਆਣਾ ਦੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਸਾਂਝੀ ਰਣਨੀਤੀ ਤਹਿਤ ਕੰਮ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਥਾਨਕ ਬਚਤ ਭਵਨ ਵਿਚ ਅੱਜ ਕੀਤੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਇਸ ਕਾਰੋਬਾਰ ਵਿੱਚ ਲੱਗੇ ਦੋਸ਼ੀਆਂ ਦੇ ਨਾਲ-ਨਾਲ ਹੁਣ ਉਨ੍ਹਾਂ ਪਿੰਡਾਂ ਦੇ ਚੌਕੀਦਾਰਾਂ, ਨੰਬਰਦਾਰਾਂ ਅਤੇ ਸਰਪੰਚਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਪਿੰਡਾਂ ਵਿਚ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਜਾਣਕਾਰੀ ਹੋਣ ਦੇ ਬਾਵਜ਼ੂਦ ਇਸ ਦੀ ਪ੍ਰਸਾਸ਼ਨ ਨੂੰ ਜਾਣਕਾਰੀ ਨਹੀਂ ਦਿੱਤੀ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਆਮ ਤੌਰ ’ਤੇ ਦੇਖਣ ਵਿਚ ਆਉਂਦਾ ਹੈ ਕਿ ਪਿੰਡਾਂ ਵਿੱਚ ਮੋਹਤਬਰ ਵਿਅਕਤੀਆਂ (ਚੌਕੀਦਾਰ, ਨੰਬਰਦਾਰ ਤੇ ਸਰਪੰਚ ਆਦਿ) ਨੂੰ ਪਤਾ ਹੁੰਦਾ ਹੈ ਕਿ ਕਿਹੜਾ ਵਿਅਕਤੀ ਗੈਰ-ਕਾਨੂੰਨੀ ਕੰਮ ਕਰ ਰਿਹਾ ਹੈ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਸਬ ਡਵੀਜ਼ਨ ਦੇ ਚੌਕੀਦਾਰਾਂ, ਨੰਬਰਦਾਰਾਂ, ਸਰਪੰਚਾਂ ਅਤੇ ਦਵਾਈ ਵਿਕਰੇਤਾਵਾਂ (ਕੈਮਿਸਟਾਂ) ਆਦਿ ਨਾਲ ਹਰ ਹਫ਼ਤੇ ਵਿਸ਼ੇਸ਼ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੋਂ ਜਾਣੂ ਕਰਵਾ ਦੇਣ। ਐਸ.ਡੀ.ਐਮਜ਼ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਪਿੰਡਾਂ ਦੀ ਚੋਣ ਕਰਨ, ਜਿੱਥੇ ਨਸ਼ੇ ਦੀ ਸਭ ਤੋਂ ਜਿਆਦਾ ਸਮੱਸਿਆ ਹੈ, ਉਹ ਉਥੇ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਅਤੇ ਇਸ ਸਮੱਸਿਆ ਨੂੰ ਦੂਰ ਕਰਨ ਬਾਰੇ ਉਨ੍ਹਾਂ ਦੇ ਸੁਝਾਅ ਲੈਣ। ਇਸ ਤੋਂ ਇਲਾਵਾ ਐਸ.ਡੀ.ਐਮਜ਼ ਨੂੰ ਹਰੇਕ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕਰਨ ਬਾਰੇ ਵੀ ਕਿਹਾ ਗਿਆ। ਡੀ.ਸੀ ਅਗਰਵਾਲ ਨੇ ਸਮੂਹ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜੋ ਵੀ ਅਧਿਕਾਰੀ ਇਸ ਮਾਮਲੇ ’ਤੇ ਅਣਗਹਿਲੀ ਕਰੇਗਾ, ਉਸ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਮੀਟਿੰਗ ਵਿਚ ਸੁਰਜੀਤ ਸਿੰਘ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ (ਦਿਹਾਤੀ), ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਜੇ ਸੂਦ, ਐਸ.ਪੀ.ਡੀ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਨਸ਼ੇ ਦੀ ਸੂਚਨਾ ਨਾ ਦੇਣ ’ਤੇ ਚੌਕੀਦਾਰ, ਨੰਬਰਦਾਰ ਤੇ ਸਰਪੰਚ ’ਤੇ ਵੀ ਹੋਵੇਗੀ ਕਾਰਵਾਈ



