Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਆਰੰਭ ਹੋਇਆ ਪੰਜਵਾਂ ਗੁਰਬਾਣੀ ਪਾਠ ਬੋਧ ਸਮਾਗਮ

Share this story

ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਰੰਭ ਕਰਨਾ ਇਤਿਹਾਸਕ ਕਾਰਜ : ਗਿਆਨੀ ਗੁਰਬਚਨ ਸਿੰਘ

ਆਲਮਗੀਰ/ਲੁਧਿਆਣਾ, 10 ਜੁਲਾਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇ: ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਅੰਦਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਪਣੇ ਆਪ ਵਿੱਚ ਇੱਕ ਇਤਿਹਾਸਕ ਕਾਰਜ ਹੈ, ਕਿਉਂਕਿ ਇਸ ਸੁਹਿਰਦ ਕਾਰਜ ਸਦਕਾ ਹੀ ਗ੍ਰੰਥੀ ਦੇ ਅਖੰਡ ਪਾਠੀ ਸਿੰਘ ਗੁਰਬਾਣੀ ਦੀ ਸੰਥਿਆ ਤੇ ਸ਼ੁੱਧ ਉਚਾਰਨ ਦੀ ਸਿਖਲਾਈ ਪ੍ਰਾਪਤ ਕਰਕੇ ਸੰਗਤਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੇ ਮੱਹਤਵ ਤੋਂ ਜਾਗਰੂਕ ਕਰਵਾਉਣ ਵਿੱਚ ਸਹਾਈ ਸਿੱਧ ਹੋਣਗੇ । ਅੱਜ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਦੇ ਤਹਿਤ ਦੋਆਬਾ ਜ਼ੋਨ ਦੇ ਦੂਜੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਵਿਸ਼ੇਸ ਤੌਰ ਤੇ ਪੁੱਜੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੱਥੇ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ, ਗ੍ਰੰਥੀ ਤੇ ਪਾਠੀ ਸਿੰਘਾਂ ਨੂੰ ਸੰਬੋਧਨ ਕਰਦਿਆ ਹੋਇਆ ਕਿਹਾ ਕਿ ਗੁਰਬਾਣੀ ਦੇ ਸ਼ੁੱਧ ਪਾਠ ਲਈ ਗੁਰਬਾਣੀ ਵਿਆਕਰਨ ਦੀ ਸਮਝ ਹੋਣੀ ਬਹੁਤ ਜ਼ਰੂਰੀ ਹੈ ਅਤੇ ਹਰ ਇੱਕ ਗ੍ਰੰਥੀ/ਅਖੰਡ ਪਾਠੀ ਨੂੰ ਇਸ ਸੇਵਾ ਵਿੱਚ ਆਉਣ ਤੋਂ ਪਹਿਲਾਂ ਗੁਰਬਾਣੀ ਦੀ ਮੁੰਕਮਲ ਸੰਥਿਆਂ ਲੈਣੀ ਚਾਹੀਦੀ ਹੈ । ਇਸ ਦੌਰਾਨ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ । ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਮੌਕੇ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇ: ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋਂ ਦੇ ਜੱਥੇ: ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੇ ਰੂਪ ਵਿੱਚ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਹੋਇਆ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਪਣੇ ਆਪ ਵਿੱਚ ਇੱਕ ਬੇਮਿਸਾਲ ਕਾਰਜ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆ ਹੋਇਆ ਕਿਹਾ ਕਿ ਸਿੱਖੀ ਪ੍ਰਚਾਰ ਦੀ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦੇ ਲਈ ਧਰਮ ਪ੍ਰਚਾਰ ਕਮੇਟੀ ਦੇ ਵੱਲੋਂ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸਮੁੱਚੇ ਪੰਜਾਬ ਅੰਦਰ ਤਿੰਨ ਜ਼ੋਨ ਬਣਾ ਕੇ ਆਰੰਭ ਕੀਤੀ ਗਈ ਹੈ। ਉਨ੍ਹਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਕਤ ਗੁਰਬਾਣੀ ਪਾਠ ਬੋਧ ਸਮਾਗਮ ਅੰਦਰ 500 ਤੋਂ ਵੱਧ ਗ੍ਰੰਥੀ, ਅਖੰਡ ਪਾਠੀ ਸਿੰਘਾਂ ਦਾ ਪੁੱਜਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸੰਗਤਾਂ ਜਾਗਰੂਕ ਹੋ ਕੇ ਧਰਮ ਪ੍ਰਚਾਰ ਦੀ ਮੁਹਿੰਮ ਨਾਲ ਵੱਧ ਤੋਂ ਵੱਧ ਜੁੜ ਰਹੀਆਂ ਹਨ । ਸਮਾਗਮ ਦੌਰਾਨ ਆਪਣੇ ਵਿਚਾਰਾਂ ਦੀ ਸਾਂਝ ਕਰਦਿਆ ਹੋਇਆ ਜੱਥੇ: ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਲੁਧਿਆਣਾ ਜਿਲੇ ਦੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸਾਂਝੇ ਉਦਮਾ ਸਦਕਾ ਆਯੋਜਿਤ ਕੀਤਾ ਗਿਆ ਗੁਰਬਾਣੀ ਪਾਠ ਬੋਧ ਸਮਾਗਮ ਇੱਕ ਇਤਿਹਾਸਕ ਸਮਾਗਮ ਹੋਵੇਗਾ । ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਉਘੇ ਸਿੰਘ ਵਿਦਵਾਨ ਭਾਈ ਗੁਰਭਾਗ ਸਿੰਘ ਦੀ ਯੋਗ ਅਗਵਾਈ ਹੇਠ ਉਕਤ ਗੁਰਬਾਣੀ ਪਾਠ ਬੋਧ ਸਮਾਗਮ ਰਾਹੀਂ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡ ਪਾਠੀ ਜਿੱਥੇ ਗੁਰਬਾਣੀ ਦੇ ਸ਼ੁੱਧ ਉਚਾਰਨ ਲਈ ਆਪ ਸੁਚੇਤ ਹੋਣੇਗ ਉਥੇ ਸੰਗਤਾਂ ਨੂੰ ਵੀ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਵਿੱਚ ਸਫਲਤਾ ਪ੍ਰਾਪਤ ਦੇਣਗੇ । ਉਹਨਾਂ ਨੇ ਇਹ ਵੀ ਦੱਸਿਆ ਕਿ ਗੁਰਬਾਣੀ ਪਾਠ ਬੋਧ ਸਮਾਗਮ ਅੰਦਰ ਭਾਗ ਲੈਣ ਵਾਲੇ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਸੰਥਿਆਂ ਪ੍ਰਾਪਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ 5100/- ਰੁਪਏ ਨਕਦ ਤੇ ਪ੍ਰਮਾਣ ਪੱਤਰ ਭੇਟ ਕਰਕੇ ਵਿਸ਼ੇਸ਼ ਤੋਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਰਘਬੀਰ ਸਿੰਘ ਸਹਾਰਨ ਮਾਜ਼ਰਾ, ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਜਗਜੀਤ ਸਿੰਘ ਤਲਵੰਡੀ, ਸਰਬੰਸ ਸਿੰਘ ਮਾਣਕੀ, ਰਵਿੰਦਰ ਪਾਲ ਸਿੰਘ ਖਾਲਸਾ, ਦਵਿੰਦਰ ਸਿੰਘ ਖੱਟੜਾ, ਜਗਬੀਰ ਸਿੰਘ ਸੋਖੀ, ਹਰਜਿੰਦਰ ਸਿੰਘ ਪਵਾਤ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੋੜਾ ਸਿੰਘਾਂ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ, ਡਾ. ਪਰਮਜੀਤ ਸਿੰਘ ਸਰੋਆ (ਇੰਚਾਰਜ ਧਰਮ ਪ੍ਰਚਾਰ ਦੋਆਬਾ ਜ਼ੋਨ), ਸ. ਗੁਰਸੇਵਕ ਸਿੰਘ ਮੈਨੇਜਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

WRITTEN BY