April 20, 2026 4:59 pm

ਕੈਪਟਨ ਵੱਲੋਂ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਸ਼ਮਾ ਨੂੰ ਅਪੀਲ

ਚੰਡੀਗੜ੍ਹ, 18 ਜੂਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗਾਨਿਸਤਾਨ ਵਿਚ ਰਹਿ ਰਹੇ ਸਿਖਾਂ ਦੀ ਸੁਰਖਿਆ ਅਤੇ ਬਚਾਓ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁਕੇ ਜਾਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਹਾਲ ਹੀ ਵਿਚ ਕਾਬੁਲ ਵਿਖੇ ਹੋਏ ਬੰਬ ਧਮਾਕੇ ਅਤੇ ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ਵਿਚ ਸਿਖਾਂ ’ਤੇ ਹੋਏ ਅਤਵਾਦੀ ਹਮਲਿਆਂ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਕਟ ਕੀਤੀ ਹੈ ਜਿਨ੍ਹਾਂ ਵਿਚ ਬਹੁਤ ਸਾਰੇ ਸਿਖ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਸਨ।
ਮੁਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਅਤੇ ਅਫਗਾਨਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਅਧਿਆਕਾਰੀਆਂ ਨੂੰ ਜੰਗ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਇਸ ਦੇਸ਼ ਵਿਚ ਵਸਦੇ ਸਿਖਾਂ ਦੀ ਸੁਰਖਿਆ ਨੂੰ ਯਕੀਨੀ ਬਨਾਉਣ ਵਾਸਤੇ ਆਖਣ। ਮੁਖ ਮੰਤਰੀ ਨੇ ਆਪਣੇ ਪਤਰ ਵਿਚ ਕਿਹਾ ਹੈ ਕਿ ਹਿੰਸਾ ਨਾਲ ਪ੍ਰਭਾਵਿਤ ਅਫਗਾਨਿਸਤਾਨ ਦੇ ਸਿਖ ਪਰਿਵਾਰਾਂ ਦੀ ਸੁਰਖਿਆ, ਰਾਹਤ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਪਧਰ ’ਤੇ ਕਦਮ ਚੁਕੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਨੂੰ ਨਿਆਂ ਯਕੀਨੀ ਬਣਾਇਆ ਜਾ ਸਕੇ। ਮੁਖ ਮੰਤਰੀ ਨੇ ਕਿਹਾ ਕਿ ਸਾਲ 2012 ਵਿਚ ਅਫਗਾਨਿਸਤਾਨ ਤੋਂ ਲੁਧਿਆਣਾ ਵਿਖੇ ਹਿਜ਼ਰਤ ਕਰਕੇ ਤਕਰੀਬਨ 40 ਪਰਿਵਾਰ ਆਏ ਸਨ ਜਿਨ੍ਹਾਂ ਵਿਚੋਂ 20 ਵਾਪਸ ਚਲੇ ਗਏ ਜਦਕਿ ਬਾਕੀ ਅਜਿਹੇ ਵੀ ਲੁਧਿਆਣਾ ਵਿਖੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨਾਲ ਸਬੰਧਤ ਮੁਦੇ ਪ੍ਰਾਥਮਿਕਤਾ ਦੇ ਆਧਾਰ ’ਤੇ ਦੇਖੇ ਜਾਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਇਨ੍ਹਾਂ ਪਰਿਵਾਰਾਂ ਦੀ ਬੇਚੈਨੀ ਨੂੰ ਸੰਬੋਧਿਤ ਹੋਇਆ ਜਾ ਸਕੇ। ਉਨ੍ਹਾਂ ਨੇ ਸਿਖ ਪਰਿਵਾਰਾਂ ਦੀਆਂ ਸਮਸਿਆਵਾਂ ਹਲ ਕਰਨ ਲਈ ਮਾਨਵੀ ਪਹੁੰਚ ਅਪਣਾਏ ਜਾਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਇਸ ਮਾਮਲੇ ਵਿਚ ਫੌਰੀ ਦਖਲ ਦੇਣ ਦੀ ਬੇਨਤੀ ਕੀਤੀ ਹੈ।

Send this to a friend