Skip to content
Independent perspectives. Global stories.
BREAKING

ਕੇਂਦਰ ਸਰਕਾਰ ਸੂਬਿਆਂ ਨੂੰ ਫੰਡ ਦੇ ਕੇ ਕੋਈ ਭੀਖ ਨਹੀਂ ਦੇ ਰਹੀ : ਬੀਬੀ ਬਾਦਲ

Share this story

ਬੁਢਲਾਡਾ, 16 ਜੁਲਾਈ (ਅਰਵਿੰਦ ਗਰਗ)-ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ 1984 ਦੇ ਕਤਲੇਆਮ ‘ਚ ਸ਼ਾਮਿਲ ਦੋਸ਼ੀਆਂ ਨੂੰ ਬਚਾਉਣ ਲਈ ਸੀ.ਬੀ.ਆਈ. ਅਤੇ ਹੋਰ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ, ਪਰ ਸੁਪਰੀਮ ਕੋਰਟ ਨੇ ਇਨ੍ਹਾਂ ਦੇ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ ਹੈ। ਬੀਬੀ ਬਾਦਲ ਬੁਢਲਾਡਾ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
harsimart kaur badal
ਉਨ੍ਹਾਂ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਖਿਲਾਫ਼ ਫੈਸਲਾ ਦੇਕੇ 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਤਿਹਾਸਕ ਫੈਸਲਾ ਦਿੱਤਾ ਹੈ ਕਿਉਂਕਿ ਅਦਾਲਤ ਜਦੋਂ ਵੀ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪ੍ਰਕਿਰਿਆ ਸ਼ੁਰੂ ਕਰਦੀ ਤਾਂ ਸੀ. ਬੀ. ਆਈ ਵਲੋਂ ਕਮਜ਼ੋਰ ਪੱਖ ਪੇਸ਼ ਕੀਤਾ ਜਾਂਦਾ ਤਾਂ ਜੋ ਕਾਂਗਰਸੀ ਆਗੂਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਅਦਾਲਤ ਨੇ ਸੱਜਣ ਕੁਮਾਰ ਦੀ ਪਟੀਸ਼ਨ ਰੱਦ ਕਰਕੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਮੂੰਹ ‘ਤੇ ਚਪੇੜ ਮਾਰੀ ਹੈ, ਜਿਸ ਨਾਲ ਹੁਣ ਪੀੜਤਾਂ ਨੂੰ ਇਨਸਾਫ ਮਿਲਣ ਦੀ ਆਸ ਬੱਝ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਕਾਂਗਰਸੀਆਂ ਨੂੰ ਸਜ਼ਾ ਦਿਵਾਕੇ ਹੀ ਸਾਹ ਲਿਆ ਜਾਵੇਗਾ। ਬੀਬੀ ਬਾਦਲ ਨੇ ਕੇਂਦਰ ਸਰਕਾਰ ਵਲੋਂ ਸਿਹਤ ਸਹੂਲਤਾਂ ਲਈ 108 ਐਂਬੂਲੈਂਸ ਦੇ ਫੰਡ ਬੰਦ ਕਰਨ ਬਾਰੇ ਦਿੱਤੇ ਬਿਆਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਫੰਡ ਦੇ ਕੇ ਕੋਈ ਭੀਖ ਨਹੀਂ ਦੇ ਰਹੀ, ਸਗੋਂ ਹਰ ਰਾਜ ਕੇਂਦਰ ਸਰਕਾਰ ਨੂੰ ਟੈਕਸ ਦੇ ਰੂਪ ਵਿਚ ਕਰੋੜਾਂ ਰੁਪਏ ਦਿੰਦਾ ਹੈ, ਪਰ ਬਦਲੇ ਵਿਚ ਸੂਬਿਆਂ ਨੂੰ ਬਣਦਾ ਹਿੱਸਾ ਵੀ ਨਹੀਂ ਮਿਲ ਰਿਹਾ, ਇਸ ਲਈ 108 ਐਂਬੂਲੈਂਸ ਸਬੰਧੀ ਕਾਂਗਰਸੀ ਬੇਤੁਕੇ ਬਿਆਨ ਦੇ ਰਹੇ ਹਨ। ਉਨ੍ਹਾਂ  ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਵਾਅਦੇ ਜਨਤਾ ਨਾਲ ਕੀਤੇ ਸਨ, ਉਹ ਲਗਭਗ ਪੂਰੇ ਕਰ ਦਿੱਤੇ ਹਨ ਅਤੇ ਜੋ ਰਹਿ ਗਏ ਹਨ, ਉਹ ਜਲਦੀ ਪੂਰੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ।ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਲਗਾਤਾਰ ਦੂਜੇ ਦਿਨ ਮਾਨਸਾ ਜ਼ਿਲ੍ਹੇ ਵਿਚ ਸੰਗਤ ਦਰਸ਼ਨ ਦੌਰਾਨ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਬੀਬੀ ਬਾਦਲ ਵਲੋਂ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਗਈ। ਜ਼ਿਲ੍ਹੇ ਦੀ ਬੁਢਲਾਡਾ ਸਬ ਡਵੀਜ਼ਨ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਵਾਰਡ ਵਾਸੀਆਂ ਨੂੰ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਮਾਨਸਾ ਵਿਖੇ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਤਨਖ਼ਾਹ ਲੈਕੇ ਲਾਪ੍ਰਵਾਹੀ ਦਿਖਾਉਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਢਿੱਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਦੀ ਖਿਚਾਈ ਕਰਦਿਆਂ ਕਿਹਾ ਕਿ ਅਧੂਰੇ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ। ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਬਲਵੀਰ ਕੌਰ, ਕੌਸਂਲਰ ਵਿਵੇਕ ਜਲਾਨ, ਗੁਰਵਿੰਦਰ ਸੋਨੂੰ, ਸ਼ਸ਼ੀ ਸ਼ਰਮਾਂ, ਜੀਤਾ ਸਿੰਘ, ਗੀਤਾ ਰਾਣੀ, ਸੋਹਣ ਲਾਲ, ਹਰਬੰਸ ਕੌਰ, ਰਜਿੰਦਰ ਚੌਧਰੀ, ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਬੰਟੀ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮ ਲਾਲ ਧਲੇਵਾ, ਠੇਕਦਾਰ ਗੁਰਪਾਲ ਸਿੰਘ, ਸਰਪੰਚ ਮਹਿੰਦਰ ਸਿੰਘ, ਦਰਸ਼ਨ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ ਬੀਰਾ, ਹੰਸਾ ਸਿੰਘ ਬੀ.ਓ., ਲਛਮਣ ਸਿੰਘ ਕੁਲਾਣਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

WRITTEN BY