April 23, 2026 3:34 am

ਕੈਪਟਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ’ਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਨੂੰ ਸਾਂਝੇ ਗੱਠਜੋੜ ਦਾ ਉਮੀਦਵਾਰ ਬਣਾਉਣ ਦਾ ਸਮਰਥਨ

ਹੋਰਨਾਂ ਪਾਰਟੀਆਂ ਨਾਲ ਕਾਂਗਰਸ ਦੇ ਵਿਆਪਕ ਗੱਠਜੋੜ ਬਾਰੇ ਚਿਦੰਬਰਮ ਦੇ ਵਿਚਾਰਾਂ ਦਾ ਪੱਖ ਪੂਰਿਆ


ਨਵੀਂ ਦਿੱਲੀ, 22 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਵਿਰੋਧੀ ਧਿਰਾਂ ਦੇ ਸਾਂਝੇ ਗੱਠਜੋੜ ਦਾ ਉਮੀਦਵਾਰ ਬਣਾਉਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਆਪਣੇ ਪਹਿਲੇ ਸਟੈਂਡ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਅਗਵਾਈ ਕਰਨ ਲਈ ਰਾਹੁਲ ਗਾਂਧੀ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਉਹ ਨਿਸ਼ਚਤ ਤੌਰ ’ਤੇ ਸਫਲ ਪ੍ਰਧਾਨ ਮੰਤਰੀ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਵਿਰੋਧੀਆਂ ਧਿਰਾਂ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਅਤੇ ਰਾਹੁਲ ਗਾਂਧੀ ਨੂੰ ਵਿਰੋਧੀ ਪਾਰਟੀਆਂ ਦੇ ਸਾਂਝੇ ਫਰੰਟ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਸੱਤਾ ’ਤੋਂ ਲਾਂਭੇ ਕੀਤਾ ਜਾ ਸਕੇ। ਅੱਜ ਇੱਥੇ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੇ ਸੈਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਪਾਰਟੀ ਵੱਲੋਂ ਕੌਮੀ ਪੱਧਰ ’ਤੇ ਫੈਸਲਾ ਲਿਆ ਜਾਵੇਗਾ ਅਤੇ ਪਾਰਟੀ ਦੀਆਂ ਸੂਬਾਈ ਇਕਾਈਆਂ ਉਸੇ ਫੈਸਲੇ ਨੂੰ ਅਪਨਾਉਣਗੀਆਂ। ਉਨ੍ਹਾਂ ਕਿਹਾ,‘‘ਵਿਰੋਧੀ ਧਿਰਾਂ ਦਰਿਮਆਨ ਗੱਠਜੋੜ ਕੌਮੀ ਪੱਧਰ ਦੇ ਅਨੁਕੂਲ ਹੋਣਾ ਹੈ ਅਤੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹੀ ਸੂਬਿਆਂ ’ਤੇ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਗੱਠਜੋੜ ਕੇਂਦਰੀ ਲੀਡਰਸ਼ਿਪ ’ਤੇ ਨਿਰਭਰ ਹੋਵੇਗਾ ਅਤੇ ਉਹ ਸਾਨੂੰ ਜਿੱਥੇ ਕਹਿਣਗੇ, ਅਸੀਂ ਉਸ ਮੁਤਾਬਕ ਚੱਲਾਂਗੇ। ਜਦੋਂ ਪੁੱਛਿਆ ਗਿਆ ਕਿ ਇਸ ਦਾ ਇਹ ਮਤਲਬ ਹੈ ਕਿ ਉਨ੍ਹਾਂ (ਮੁੱਖ ਮੰਤਰੀ) ਨੇ ਆਮ ਆਦਮੀ ਪਾਰਟੀ (ਆਪ) ਨਾਲ ਗੱਠਜੋੜ ਦੀ ਵੀ ਗੱਲ ਕੀਤੀ ਹੈ ਜਿਸ ਪਾਰਟੀ ਨੂੰ ਕਾਂਗਰਸ ਨੇ ਪੰਜਾਬ ਵਿੱਚ ਕਰਾਰੀ ਹਾਰ ਦਿੱਤੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਸ਼ਬਦ ਉਨ੍ਹਾਂ ਦੇ ਮੂੰਹ ਵਿੱਚ ਪਾਉਣ ਤੋਂ ਗੁਰੇਜ਼ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਵੀ ਹਮਾਇਤ ਕੀਤੀ ਜਿਨ੍ਹਾਂ ਨੇ ਕਿਹਾ ਕਿ ਸਾਲ 2019 ਦੀਆਂ ਚੋਣਾਂ ਜਿੱਤਣ ਲਈ ਵਿਆਪਕ ਪੱਧਰ ’ਤੇ ਗੱਠਜੋੜ ਕੀਤਾ ਜਾਵੇ।
ਉਨ੍ਹਾਂ ਕਿਹਾ, ‘‘ਜੋ ਸ੍ਰੀ ਚਿਚੰਬਰਮ ਨੇ ਆਖਿਆ, ਮੈਂ ਉਸ ਦਾ ਸਮਰਥਨ ਕੀਤਾ। ਮੇਰਾ ਮੰਨਣਾ ਹੈ ਕਿ ਉਨ੍ਹਾਂ ਨੇ ਬਹੁਤ ਵਧੀਆ ਨੁਕਤਾ ਪੇਸ਼ ਕੀਤਾ ਹੈ ਕਿ ਸਾਨੂੰ ਵੱਧ ਤੋਂ ਵੱਧ ਵਿਰੋਧੀ ਪਾਰਟੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਕਰਨਾ ਚਾਹੀਦਾ ਹੈ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੇ ਧਰਮ ਨਿਰਪੱਖਤਾ ਅਤੇ ਇਕਸਾਰਤਾ ਵਾਲੇ ਸ਼ਾਨਦਾਰ ਚਰਿੱਤਰ ਦੀ ਬਹਾਲੀ ਲਈ ਸਰਗਰਮ ਸਾਰੀਆਂ ਹਮਖਿਆਲ ਪਾਰਟੀਆਂ ਨੂੰ ਆਪਣੇ ਸਾਂਝੇ ਹਿੱਤ ਖਾਸ ਕਰਕੇ ਦੇਸ਼ ਦੇ ਹਿੱਤ ਵਿੱਚ ਵਿੱਚ ਇਕ ਮੰਚ ’ਤੇ ਆਉਣਾ ਚਾਹੀਦਾ ਹੈ। Ñਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਦੇ ਮੂਡ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਂਗਰਸ ਦੇ ਹੱਕ ਵਿੱਚ ਹੈ। ਗੁਰਦਾਸਪੁਰ ਅਤੇ ਸ਼ਾਹਕੋਟ ਦੀਆਂ ਜ਼ਿਮਨੀ ਚੋਣਾਂ ਵਿੱਚ ਰਿਕਾਰਡ ਜਿੱਤ ਹਾਸਲ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤੀ ਕਿ ਕਾਂਗਰਸ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਸੰਸਦੀ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੈਂ ਹਾਈ ਕਮਾਂਡ ਨਾਲ ਵਾਅਦਾ ਕੀਤਾ ਹੈ ਕਿ ਪੰਜਾਬ ਉਨ੍ਹਾਂ ਨੂੰ ਜਿੱਤ ਹਾਸਲ ਕਰਕੇ ਦੇਵੇਗਾ।’’ ਉਨ੍ਹਾਂ ਕਿਹਾ,‘‘ਮੈਂ ਉਨ੍ਹਾਂ ਨੂੰ ਇਹ ਵੀ ਆਖਿਆ ਕਿ ਜੇਕਰ ਤੁਸੀਂ ਪੰਜਾਬ ਤੋਂ ਬਾਹਰ ਵੀ ਪਾਰਟੀ ਲਈ ਕੰਮ ਕਰਨ ਲਈ ਜ਼ਿੰਮੇਵਾਰੀ ਸੌਂਪੋਗੇ ਤਾਂ ਅਸੀਂ ਉਥੇ ਵੀ ਜਾਵਾਂਗੇ।’’ ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਉਨ੍ਹਾਂ ਦੀ ਮੁੱਖ ਵਿਰੋਧੀ ਪਾਰਟੀ ਹੈ।
ਬਨਾਰਸ ਹਿੰਦੂ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਮੈਨੇਜਮੈਂਟ ਸਟੱਡੀਜ਼ ਦੇ ਮੁਖੀ ਅਤੇ ਡੀਨ ਪ੍ਰੋ. ਰਾਜ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਉਪ ਕੁਲਪਤੀ ਨਿਯੁਕਤ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਵਾਂ ਉਪ ਕੁਲਪਤੀ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਲਿਆਉਣ ਵਿੱਚ ਕੋਈ ਨੁਕਸਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਉਚ ਕੋਟੀ ਦੇ ਵਿਦਵਾਨ ਕਿਸੇ ਵੀ ਸੂਬੇ ਤੋਂ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਹੋਰਨਾਂ ਸੂਬਿਆਂ ਦੀਆਂ ਯੂਨੀਵਰਸਿਟੀਆਂ ਵਿੱਚ ਨਿਯੁਕਤ ਕਰਨ ਵਿੱਚ ਕੁਝ ਵੀ ਗਲਤ ਨਹੀਂ ਹੈ।

Send this to a friend