ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ, 30 ਜੁਲਾਈ- ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲੀਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਕਮਿਸ਼ਨ ਦੀ ਰਿਪੋਰਟ ਵਿਚਾਰਨ ਕਰਨ ਤੋਂ ਪਹਿਲਾਂ ਇਸ ਨੂੰ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਕਾਨੂੰਨੀ ਤੌਰ ’ਤੇ ਘੋਖਿਆ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨ੍ਹਾਂ ਵਿਅਕਤੀਆਂ ’ਤੇ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨ੍ਹਾਂ ਵਿਰੁੱਧ ਆਈ. ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਜਿਨ੍ਹਾਂ ਪੁਲੀਸ ਅਫਸਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਕਈ ਸੀਨੀਅਰ ਅਫਸਰ ਵੀ ਸ਼ਾਮਲ ਹੋ ਸਕਦੇ ਹਨ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ਇਸ ਨਾਜ਼ੁਕ ਮਾਮਲੇ ਦੀ ਜਾਂਚ ਸੀ.ਬੀ.ਆਈ. ਪਾਸੋਂ ਕਰਵਾਈ ਜਾਵੇ। ਇਹ ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਹੋਰ ਵੱਖ-ਵੱਖ ਮਾਮਲਿਆਂ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਜਿਨ੍ਹਾਂ ਮਾਮਲਿਆਂ ਨੂੰ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਿਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵੱਲੋਂ 30 ਜੂਨ, 2018 ਨੂੰ ਪਹਿਲੀ ਰਿਪੋਰਟ (ਪਹਿਲਾ ਹਿੱਸਾ) ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਮਿਸ਼ਨ ਦੀ ਪੂਰੀ ਰਿਪੋਰਟ ਅਜੇ ਆਉਣੀ ਹੈ, ਸਰਕਾਰ ਨੇ ਕਮਿਸ਼ਨ ਵੱਲੋਂ ਹੁਣ ਤੱਕ ਕੀਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਹੈ। ਕਮਿਸ਼ਨ ਵੱਲੋਂ ਆਪਣੀ ਜਾਂਚ ਪ੍ਰਕ੍ਰਿਆ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਰਿਪੋਰਟ ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੀ ਪੂਰੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਹੀ ਸਰਕਾਰ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ ਕਿਉਂਕਿ ਰਿਪੋਰਟ ਦੇ ਇਕ ਹਿੱਸੇ ਦੀ ਕਾਰਵਾਈ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ 182 ਪੰਨਿਆਂ ਦੀ ਰਿਪੋਰਟ ਨਾਲ ਹਜ਼ਾਰਾਂ ਪੰਨੇ ਸਬੂਤਾਂ ਦੇ ਵੀ ਹਨ ਅਤੇ ਇਹ ਰਿਪੋਰਟ ਚਾਰ ਹਿੱਸਿਆਂ ਵਿੱਚ ਹੋਵੇਗੀ ਜਿਨ੍ਹਾਂ ਨੂੰ ਕਾਰਵਾਈ ਰਿਪੋਰਟ ਨਾਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 75-75 ਲੱਖ ਰੁਪਏ ਦੀ ਸਿਫਾਰਸ਼ ਕੀਤੀ ਗਈ ਮੁਆਵਜ਼ੇ ਦੀ ਰਾਸ਼ੀ ਨੂੰ ਵਧਾ ਕੇ ਸਰਕਾਰ ਨੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜਦਕਿ ਗੰਭੀਰ ਜ਼ਖਮੀ ਬੇਅੰਤ ਸਿੰਘ ਲਈ ਕਮਿਸ਼ਨ ਨੇ 35 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੈਅ ਕੀਤੀ ਸੀ ਜਿਸ ਨੂੰ ਸਰਕਾਰ ਨੇ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ।