Skip to content
Independent perspectives. Global stories.
BREAKING

ਗੁਰੂ ਸਾਹਿਬਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ : ਸੰਤ ਦਾਦੂਵਾਲ ਜੀ

Share this story

ਜਲੰਧਰ , 16 ਜੁਲਾਈ (ਪੀ.ਟੀ.)-ਪ੍ਰਮੁੱਖ ਸਿੱਖ ਧਰਮ ਪ੍ਰਚਾਰਕ ਅਤੇ ਪੰਥਕ ਸੇਵਾ ਲਹਿਰ ਦੇ ਮੁਖੀ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂਵਾਲ ਸਾਹਿਬ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਆਖਿਆ ਹੈ ਕਿ ਵੈਬਸਾਈਟਾਂ ਜਾਂ ਹੋਰ ਮਾਧਿਅਮਾਂ ਰਾਹੀਂ ਸਿੱਖ ਗੁਰੂ ਸਾਹਿਬਾਨਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਅਤੇ ਮੰਦੀ ਸ਼ਬਦਾਵਲੀ ਕਦਾਚਿਤ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਰੜੇ ਸ਼ਬਦਾਂ ਵਿੱਚ ਅਜਿਹੀਆਂ ਮਾੜੀਆਂ ਹਰਕਤਾਂ ਦੀ ਨਿਖੇਧੀ ਕਰਦੇ ਹੋਏ ਆਖਿਆ ਹੈ ਕਿ ਜਾਂ ਤਾਂ ਸਰਕਾਰ ਆਪਣੇ ਪੱਧਰ ‘ਤੇ ਕਾਰਵਾਈ ਕਰੇ ਜਾਂ ਫੇਰ ਸਿੱਖ ਪੰਥ ਇਸ ਮਸਲੇ ਨਾਲ ਖੁੱਦ ਨਜਿੱਠੇਗਾ।
HT-BTI-FIRST- Baljit Singh Daduwal –4- Jan-2011
ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਇੱਕ ਸਰਬਜੀਤ ਨਾਂਅ ਦੇ ਬੰਦੇ ਨੇ ਦਸਵੇਂ ਪਾਤਸ਼ਾਹ ਦੀ ਤਸਵੀਰ ਨਾਲ ਛੇੜਛਾੜ ਕੀਤੀ। ਫੇਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਇਸੇ ਤਰ੍ਹਾਂ ਛੇੜਛਾੜ ਕੀਤੀ ਗਈ। ਕੁਝ ਮਾਧਿਅਮਾਂ ਵਿੱਚ ਸਿੱਖ ਗੁਰੂ ਸਾਹਿਬਾਨਾਂ ਖਿਲਾਫ਼ ਮਾੜੇ ਸ਼ਬਦ ਵੀ ਵਰਤੇ ਗਏ ਹਨ। ਬਾਬਾ ਜੀ ਨੇ ਕਿਹਾ ਹੈ ਕਿ ਅਜਿਹੀਆਂ ਮਾੜੀਆਂ ਕਾਰਵਾਈਆਂ ਨਾਲ ਦੇਸ਼ ਵਿਦੇਸ਼ ਵਿੱਚ ਸਿੱਖ ਕੌਮ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਐਸੇ ਲੋਕਾਂ ਖਿਲਾਫ਼ ਕਾਰਵਾਈ ਕਰਨ ਲਈ ਇਹੋ ਜਿਹਾ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ ਕਿ ਉਸਦੀਆਂ ਅੱਗੋਂ ਆਉਣ ਵਾਲੀਆਂ ਪੁਸ਼ਤਾਂ ਵੀ ਦੁਬਾਰਾ ਐਸੀ ਗੰਦੀ ਤੇ ਅਸ਼ਲੀਲ ਹਰਕਤ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ,  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੂਸਰੀਆਂ ਪੰਥਕ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ ਕੋਈ ਪ੍ਰੋਗਰਾਮ ਉਲੀਕਣ ਦਾ ਯਤਨ ਕਰਨਗੇ।
ਉਨ੍ਹਾਂ ਨੇ ਇਹ ਸਵਾਲ ਉਠਾਇਆ ਹੈ ਕਿ ਸੋਨੀਆ ਗਾਂਧੀ ਜਾਂ ਸੌਦਾ ਸਾਧ ਦੀਆਂ ਤਸਵੀਰਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਪ੍ਰੰਤੂ ਗੁਰੂ ਸਾਹਿਬਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਸਬੰਧੀ ਹਾਲੇ ਤੱਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਅਪਰਾਧੀਆਂ ਖਿਲਾਫ਼ ਤੁਰੰਤ ਕੇਸ ਦਰਜ ਕਰ ਕੇ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਹਰਕਤਾਂ ਨਾਲ ਕੁਝ ਤਾਕਤਾਂ ਪੰਜਾਬ ਅਤੇ ਦੇਸ਼ ਦਾ ਅਮਨ ਭੰਗ ਕਰਨਾ ਚਾਹੁੰਦੀਆਂ ਹਨ। ਬਾਬਾ ਜੀ ਨੇ ਸਿੱਖ ਕੌਮ ਨੂੰ ਇਸ ਸਬੰਧੀ ਵਧੇਰੇ ਸੁਚੇਤ ਹੋਣ ਦੀ ਲੋੜ ‘ਤੇ ਜ਼ੋਰ ਦਿੱਤਾ। ਬਾਬਾ ਜੀ ਦਾ ਕਹਿਣਾ ਹੈ ਕਿ ਸਿੱਖ ਸਾਰੇ ਧਰਮਾਂ ਦੀ ਸਤਿਕਾਰ ਕਰਦੇ ਹਨ, ਪਰ ਜਿਸ ਵੀ ਵਿਅਕਤੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਐਸਾ ਕੋਝਾ ਮਜਾਕ ਕੀਤਾ ਹੈ ਉਸ ਦਾ ਕੋਈ ਧਰਮ ਨਹੀਂ ਤੇ ਇਸ ਖਿਲਾਫ਼ ਹਰ ਇਨਸਾਨ ਨੂੰ ਧਰਮ-ਮਜ੍ਹਬ ਤੋਂ ਉੱਚੇ ਉੱਠ ਕੇ ਅਵਾਜ ਉਠਾਉਣੀ ਚਾਹੀਦੀ ਹੈ।

WRITTEN BY