April 25, 2026 5:05 am

ਹੁਣ ਘਰ ਬੈਠਿਆਂ ਨਕਸ਼ਿਆਂ ਦੀ ਆਨਲਾਈਨ ਹੋਵੇਗੀ ਮਨਜ਼ੂਰੀ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 31 ਜੁਲਾਈ- ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ (ਓ.ਬੀ.ਪੀ.ਏ.ਐਸ.) 15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਓ.ਬੀ.ਪੀ.ਏ.ਐਸ. ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਡਿਪਟੀ ਡਾਇਰੈਕਟਰਾਂ ਅਤੇ ਆਰਕੀਟੈਕਟਾਂ ਦੀ ਲਗਾਈ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਹੀ। ਸ. ਸਿੱਧੂ ਨੇ ਕਿਹਾ, ‘‘ਅਸੀਂ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜਦੇ ਸਗੋਂ ਅਗਲੀ ਪੀੜ੍ਹੀ ਲਈ ਲੜ੍ਹਦੇ ਹਾਂ, ਸਾਡੀ ਸਰਕਾਰ ਦਾ ਮਕਸਦ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਸਿਸਟਮ ਛੱਡ ਕੇ ਜਾਣਾ ਹੈ ਜਿਸ ਦੇ ਤਹਿਤ ਈ-ਗਵਰਨੈਂਸ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਈ-ਗਵਰਨੈਂਸ ਪ੍ਰਾਜੈਕਟ ਨੂੰ ਲਾਗੂ ਕਰ ਕੇ ਜਿੱਥੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਉਥੇ ਸ਼ਹਿਰ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਸੇਵਾਵਾਂ ਮਿਲ ਸਕਦੀਆਂ ਹਨ।

Send this to a friend