ਅੰਮ੍ਰਿਤਸਰ, 1 ਅਗਸਤ- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਉਪਰੰਤ ਸੁਭ ਅਰੰਭ ਕੀਤਾ ਗਿਆ ਅਤੇ ਇਕ ਨਵੀਂ ਯਾਤਰੂ ਨਿਵਾਸ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਾਵਨ ਧਰਤੀ ਤੇ ਗੁਰੂ ਸਾਹਿਬ ਦੀਆਂ ਰਹਿਮਤਾਂ ਬਰਸੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੰਸਾਰ ਪੱਧਰ ਤੇ ਮਨਾ ਰਹੀ ਹੈ। ਇਸੇ ਤਹਿਤ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਜਿਸ ਲਈ ਸਮੂਹ ਸੰਗਤਾਂ ਰਲ ਕੇ ਇਨ੍ਹਾਂ ਸਮਾਗਮਾਂ ਨੂੰ ਸਫਲ ਕਰਨ ਲਈ ਜਤਨਸ਼ੀਲ ਹੋਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਥਾਨਕ ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਕਾਰਸੇਵਾ ਵਾਲੇ ਮਹਾਂਪੁਰਸ਼ਾ ਨਾਲ ਇਕ ਵਿਸ਼ੇਸ ਇਕੱਤਰਤਾ ਕਰਨ ਲਈ ਇਥੇ ਪਹੁੰਚੇ ਸਨ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਕਰਨਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਵੀ ਸਨ।