ਫਾਜ਼ਿਲਕਾ, 7 ਅਗਸਤ (ਬਲਰਾਜ ਸਿੱਧੂ, ਰਾਜ ਅਰੋੜਾ)- ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਅਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਸੂਬੇ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਹੈ ਕਿ ਜੋ ਲੋਕ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਨਸ਼ੇ ਦਾ ਆਦੀ ਹੋਣ ਬਾਰੇ ਦੱਸਣ ਤੋਂ ਵੀ ਘਬਰਾਉਂਦੇ ਸਨ ਹੁਣ ਉਹ ਮਾਪੇ ਆਪਣੇ ਨਸ਼ਾ ਪੀੜ੍ਹਤ ਬੱਚਿਆਂ ਨੂੰ ਖੁਦ ਨਸ਼ਾ ਛਡਾਉਣ ਲਈ ਅੱਗੇ ਆ ਰਹੇ ਹਨ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਸੂਬੇ ਅੰਦਰ ਲਾਅ ਐਂਡ ਆਰਡਰ ਮਜ਼ਬੂਤ ਹੋਇਆ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਮੁਹਿੰਮ ਨੂੰ ਸੂਬੇ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਰੇਤੇ ਦੀ ਨਜਾਇਜ਼ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਲਈ ਸਰਕਾਰ ਵੱਲੋਂ ਇਕ ਠੋਸ ਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਪੱਤਰਕਾਰਾਂ ਦੀ ਸੁਰੱਖਿਆ ਤੇ ਭਲਾਈ ਲਈ ਵਚਨਬੱਧ ਹੈ। ਮੀਡੀਆ ਕਰਮੀਆਂ ਦਾ ਮਨੋਬਲ ਕਦੇ ਵੀ ਨਹੀਂ ਡਿੱਗਣ ਦਿੱਤਾ ਜਾਵੇਗਾ। ਉਨ੍ਹਾਂ ਕਿਰਤ ਵਿਭਾਗ ਦੇ ਇਕ ਅਧਿਕਾਰੀ ਵੱਲੋਂ ਫਾਜ਼ਿਲਕਾ ਵਿਖੇ ਲਾਭਾਪਤਰੀਆਂ ਦੇ ਕਾਰਡ ਬਣਾਉਣ ਵਿੱਚ ਕੀਤੀ ਗਈ ਧਾਂਦਲੀ ਸਬੰਧੀ ਕਿਹਾ ਕਿ ਜਾਂਚ ਰਿਪੋਰਟ ਆਉਣ ’ਤੇ ਦੋਸ਼ੀ ਪਾਏ ਜਾਣ ’ਤੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਅੰਦਰ ਡਾਕਟਰਾਂ ਦੀ ਘਾਟ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਅਤੇ ਇਥੋਂ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਐਮਰਜੈਂਸੀ ਦੌਰਾਨ ਰਾਤ ਨੂੰ ਮਰੀਜਾਂ ਨੂੰ ਅਟੈਂਡ ਨਾ ਕਰਨ ਦੀ ਆਈ ਸ਼ਿਕਾਇਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਅੰਦਰ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਆ ਰਹੀ ਸਮੱਸਿਆ ਦੇ ਮਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਥੋਂ ਦੇ ਵਾਤਾਵਰਣ ਅਨੁਸਾਰ ਸਾਹੀਵਾਲ ਗਾਵਾਂ ਨੂੰ ਵੱਧ ਤੋਂ ਵੱਧ ਪਾਲਣ ਲਈ ਅੱਗੇ ਆਉਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰ ਵੱਲੋਂ ਚਲਾਈ ਗਈ ਤੰਦਰੁਸਤ ਪੰਜਾਬ ਮਿਸ਼ਨ, ਡੈਪੋ ਮੁਹਿੰਮ, ਘਰ-ਘਰ ਹਰਿਆਲੀ ਤੋਂ ਇਲਾਵਾ ਹੋਰ ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਦਾ ਵੀ ਲੇਖਾ ਜੋਖਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਹਰੇਕ ਲੋੜਵੰਦ ਤੱਕ ਲਾਹਾ ਪਹੁੰਚਾਉਣ ਲਈ ਲੋੜੀਂਦੇ ਆਦੇਸ਼ ਵੀ ਦਿੱਤੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਵੱਲੋਂ ਲੋੜਵੰਦਾ ਤੱਕ ਪੂਰੀ ਜ਼ਿੰਮੇਵਾਰੀ ਨਾਲ ਲਾਹਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ, ਡੈਪੋ, ਘਰ-ਘਰ ਹਰਿਆਲੀ ਆਦਿ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਆਮ ਲੋਕਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਤੰਦਰੁਸਤ ਪੰਜਾਬ ਮਿਸ਼ਨ ਅਤੇ ਘਰ-ਘਰ ਹਰਿਆਲੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਾਰਜ ਸਾਧਕ ਅਫਸਰ ਫਾਜ਼ਿਲਕਾ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਢੁੱਕਵੀਆਂ ਥਾਵਾਂ ’ਤੇ ਵੱਧ ਤੋਂ ਵੱਧ ਬੂਟੇ ਲਗਵਾਏ ਜਾਣ ਅਤੇ ਬੂਟਿਆਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਬਣਾਉਣੇ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਅੰਦਰ ਡੈਪੋ ਅਧੀਨ ਕੀਤੇ ਗਏ ਕੰਮਾਂ ਦਾ ਰਿਵਿਓ ਕਰਦਿਆਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਸ ਤਹਿਤ ਛੇਵੀਂ ਜਮਾਤ ਤੋਂ ਲੈ ਕੇ ਉਚ ਸਿੱਖਿਆ ਪ੍ਰਾਪਤ ਕਰ ਰਹੇ ਸਿਖਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਇਸ ਤਹਿਤ ਪਿੰਡ ਅਤੇ ਕਲੱਸਟਰ ਪੱਧਰ ’ਤੇ ਕਮੇਟੀਆਂ ਦਾ ਵੀ ਗਠਨ ਕਰਕੇ ਨਸ਼ਾ ਰੋਕੂ ਮੁਹਿੰਮ ਤਹਿਤ ਸੂਬੇ ਅੰਦਰ ਨਸ਼ੇ ਨੂੰ ਜੜ ਤੋਂ ਖਤਮ ਕੀਤੇ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਘਰ-ਘਰ ਤੱਕ ਸੁਨੇਹਾ ਪਹੁੰਚਾਇਆ ਜਾਵੇ ਅਤੇ ਆਮ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਸਿੱਧੂ ਨੇ ਕਰਜ਼ਾ ਮੁਆਫੀ ਸਕੀਮ, ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾ, ਅਸ਼ੀਰਵਾਦ ਸਕੀਮ, ਘਰ-ਘਰ ਰੋਜ਼ਗਾਰ ਯੋਜਨਾ, ਸਮਾਰਟ ਕਾਰਡ(ਆਟਾ ਦਾਲ), ਸਿਹਤ ਸੇਵਾਵਾਂ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਤੇ ਕਿਰਤ ਵਿਭਾਗ ਆਦਿ ਨਾਲ ਸਬੰਧਤ ਸਕੀਮਾਂ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਦਿਆਂ ਸਹੂਲਤਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਆਮ ਲੋਕਾਂ ਤੱਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਵਾਤਾਵਰਣ ਦੀ ਸੁੱਧਤਾ ਨੂੰ ਬਰਕਰਾਰ ਰੱਖਣ ਲਈ ਪੌਦੇ ਵੀ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸਤੀਸ਼ ਚੰਦਰ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਅਬੋਹਰ ਮੈਡਮ ਪੂਨਮ ਸਿੰਘ, ਐਸ.ਡੀ.ਐਮ. ਜਲਾਲਾਬਾਦ ਸ. ਪ੍ਰਿਥੀ ਸਿੰਘ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਵਿਮਲ ਠੱਠਈ, ਕਾਂਗਰਸੀ ਆਗੂ ਸ੍ਰੀ ਰੰਜਮ ਕਾਮਰਾ ਅਤੇ ਡਾ. ਬੀ.ਡੀ. ਕਾਲੜਾ , ਖੁਸ਼ਹਾਲੀ ਦੇ ਰਾਖਿਆਂ ਦੇ ਸਹਾਇਕ ਜ਼ਿਲ੍ਹਾ ਇੰਚਾਰਜ ਲੈਫਟੀਨੈਂਟ ਕਰਨਲ ਅਨਿਲ ਆਹੂਜਾ, ਤਹਿਸੀਲ ਅਬੋਹਰ ਇੰਚਾਰਜ ਲੈਫਟੀਨੈਂਟ ਕਰਨਲ ਇੰਦਰਪਾਲ ਸਿੰਘ ਘੁੰਮਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।