ਤਲਵੰਡੀ ਸਾਬੋ 10 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਪਦ ਤੋਂ ਅਸਤੀਫਾ ਦੇ ਕੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਸਿੱਖਿਆ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ ਨਾਲ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਭਾਂਵੇ ਉਕਤ ਦੋਵਾਂ ਆਗੂਆਂ ਨੇ ਮੁਲਾਕਾਤ ਨੂੰ ਰਸਮੀ ਮਿਲਣੀ ਦੱਸਿਆ ਪ੍ਰੰਤੂ ਪਤਾ ਲੱਗਾ ਹੈ ਕਿ ਦੋਵਾਂ ਆਗੂਆਂ ਨੇ ਲੋਕ ਸਭਾ ਚੋਣਾਂ ਅਤੇ ਪਾਰਟੀ ਨੀਤੀਆਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜੀਤਮਹਿੰਦਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਵਿੱਚ ਆਪਣੀ ਘਰ ਵਾਪਸੀ ਕੀਤੀ
ਹੈ ਅਤੇ ਉਹ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।ਉਨ੍ਹਾਂ ਕਿਹਾ ਕਿ ਉਹ ਸਮੁੱਚੇ ਅਕਾਲੀ ਵਰਕਰਾਂ ਦੇ ਸਹਿਯੋਗ ਨਾਲ ਚੱਲਣਗੇ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵੱਡੀ ਲੀਡ ਦੁਆਉਣਗੇ।ਇਸ ਮੌਕੇ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਜੀਤਮਹਿੰਦਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਮਦ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੀ ਮਜਬੂਤੀ ਮਿਲੇਗੀ।
ਇਸ ਮੌਕੇ ਸ੍ਰ.ਮਲੂਕਾ ਨੇ ਜੀਤਮਹਿੰਦਰ ਸਿੱਧੂ ਨੂੰ ਸਿਰੋਪਾਉ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸਤਨਾਮ ਸਿੰਘ ਭਾਈਰੂਪਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਮਨਜੀਤ ਸਿੰਘ ਧੁੰਨਾ, ਗੁਰਮੀਤ ਸਿੰਘ ਸਲਾਬਤਪੁਰਾ, ਜਸਵੰਤ ਭਾਈਰੂਪਾ, ਗਗਨਦੀਪ ਗਰੇਵਾਲ,ਸੁਖਵਿੰਦਰ ਸਿੰਘ ਖਾਨਦਾਨ, ਬੂਟਾ ਸਿੰਘ ਭਗਤਾ, ਗੁਰਮੀਤ ਸਿੰਘ ਬੁਰਜ ਮਹਿਮਾ ਸਿਆਸੀ ਸਕੱਤਰ ਜੀਤਮਹਿੰਦਰ ਸਿੱਧੂ, ਜਸਵੀਰ ਸਿੰਘ ਪਥਰਾਲਾ ਨਿੱਜੀ ਸਹਾਇਕ ਆਦਿ ਹਾਜ਼ਿਰ ਸਨ।