ਅੰਮ੍ਰਿਤਸਰ, 20 ਅਗਸਤ- ਕੇਰਲ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਲੋਕਾਂ ਦੀ ਸਹਾਇਤਾ ਲਈ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕੇਰਲ ਲਈ ਰਾਹਤ ਟੀਮ ਰਵਾਨਾ ਕੀਤੀ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਾਹਤ ਸਮੱਗਰੀ ਸਮੇਤ ਕੇਰਲਾ ਲਈ ਭੇਜੀ ਗਈ ਟੀਮ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਹਰਪ੍ਰੀਤ ਸਿੰਘ ਸਮੇਤ 35 ਦੇ ਕਰੀਬ ਮੁਲਾਜਮ ਸ਼ਾਮਲ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਦਰਤੀ ਆਫਤਾਂ ਸਮੇਂ ਹਮੇਸ਼ਾਂ ਹੀ ਦੁਖੀ ਲੋਕਾਂ ਦੀ ਮੱਦਦ ਕਰਦੀ ਰਹੀ ਹੈ ਅਤੇ ਇਸੇ ਤਹਿਤ ਹੀ ਭਾਈ ਗੋਬਿੰਦ ਸਿੰਘ ਲੋਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੇਰਲਾ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਵਿਚ ਵੱਖ ਵੱਖ ਥਾਵਾਂ ’ਤੇ ਰਾਹਤ ਕੈਂਪ ਲਗਾਏ ਜਾਣਗੇ ਅਤੇ ਪੀੜਤਾਂ ਲਈ ਲੰਗਰ, ਬਸਤਰ ਅਤੇ ਮੁਢਲੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ। ਡਾ. ਰੂਪ ਸਿੰਘ ਅਨੁਸਾਰ ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕੈਂਪਾਂ ਵਿਚ ਹੀ ਲੰਗਰ ਤਿਆਰ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ ਪਰ ਲੰਗਰ ਲਈ ਲੋੜੀਂਦਾ ਸਮਾਨ ਇਥੋਂ ਹੀ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਭੇਜੇ ਗਏ ਸਮਾਨ ਵਿਚ ਆਟਾ, ਖੰਡ, ਸੁੱਕਾ ਦੁੱਧ, ਦਾਲਾਂ, ਚੌਲ, ਮਸਾਲੇ, ਸਾਬਣ, ਪੇਸਟ ਤੇ ਟੁੱਥ ਬੁਰਸ਼ ਆਦਿ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਦੀਵਾਈਆਂ ਵੀ ਭੇਜੀਆਂ ਗਈਆਂ ਹਨ।
ਰਾਹਤ ਟੀਮ ਨੂੰ ਰਵਾਨਾ ਕਰਨ ਸਮੇਂ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਸਮੇਤ ਹੋਰ ਮੌਜੂਦ ਸਨ।