ਚੰਡੀਗੜ੍ਹ, 21 ਅਗਸਤ- ਪੰਜਾਬ ਮੰਤਰੀ ਮੰਡਲ ਨੇ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਜ਼ਾ ਉਮਰ ਕੈਦ ਤੈਅ ਕਰਨ ਲਈ ਸੀ.ਆਰ.ਪੀ.ਸੀ. ਅਤੇ ਆਈ.ਪੀ.ਸੀ ਵਿੱਚ ਸੋਧਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਵੱਖ-ਵੱਖ ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ। ਇਕ ਸਰਕਾਰੀ ਬੁਲਾਰੇ ਮੁਤਾਬਕ ਮੰਤਰੀ ਮੰਡਲ ਨੇ ਆਈ.ਪੀ.ਸੀ. ਵਿੱਚ ਧਾਰਾ 295-ਏ.ਏ. ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤਹਿਤ ਜੋ ਵੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਦ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦਾ ਨੁਕਸਾਨ ਜਾਂ ਬੇਅਦਬੀ ਕਰੇਗਾ, ਉਸ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਮੰਤਰੀ ਮੰਡਲ ਨੇ ਕੋਡ ਆਫ ਕ੍ਰੀਮੀਨਲ ਪ੍ਰੋਸੀਜ਼ਰ (ਪੰਜਾਬ ਅਮੈਂਡਮੈਂਟ) ਬਿੱਲ-2016 (ਬਿੱਲ ਨੰ.7-ਪੀ. ਐਲ.ਏ.-2016) ਅਤੇ ਇੰਡੀਅਨ ਪੀਨਲ ਕੋਡ (ਪੰਜਾਬ ਅਮੈਂਡਮੈਂਟ) ਬਿੱਲ-2016 (ਬਿੱਲ ਨੰ.7-ਪੀ.ਐਲ.ਏ.-2016) ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਜੋ ਸਾਲ 2016 ਵਿੱਚ 14ਵੀਂ ਵਿਧਾਨ ਸਭਾ ਦੇ 12ਵੇਂ ਇਜਲਾਸ ਵਿੱਚ ਪਾਸ ਕੀਤੇ ਗਏ ਸਨ। ਇਸ ਦੇ ਨਾਲ ਹੀ ‘ਦਾ ਕੋਡ ਆਫ ਕ੍ਰੀਮੀਨਲ ਪ੍ਰੋਸੀਜ਼ਰ (ਪੰਜਾਬ ਅਮੈਂਡਮੈਂਟ) ਬਿੱਲ-2018 ਅਤੇ ਇੰਡੀਅਨ ਪੀਨਲ ਕੋਡ (ਪੰਜਾਬ ਅਮੈਂਡਮੈਂਟ) ਬਿੱਲ-2018 ਨੂੰ ਅਗਾਮੀ ਇਜਲਾਸ ਦੌਰਾਨ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ।